- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਸਾਗਰ ਸੇਤੀਆ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਐੱਨਸੀਓਆਰਡੀ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਅਤੇ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਪਸੀ ਤਾਲਮੇਲ ਨਾਲ ਨਤੀਜਾਮੁਖੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਐੱਸਐੱਸਪੀ ਸਰਤਾਜ ਸਿੰਘ ਚਾਹਲ, ਵਿਸ਼ੇਸ਼ ਕਾਰਜ ਅਫ਼ਸਰ ਸ਼ਹਿਰੀ ਮਾਮਲੇ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਜ ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕੁਲਪ੍ਰੀਤ ਸਿੰਘ, ਸਮੂਹ ਐੱਸਡੀਐੱਮਜ਼, ਐੱਸਪੀਜ਼, ਡੀਐੱਸਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਮਾਰਚ 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਜ਼ਿਲ੍ਹੇ ਦੇ 20 ਨਸ਼ਿਆਂ ਨਾਲ ਪ੍ਰਭਾਵਿਤ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਾਰਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਸੀ ਸਾਗਰ ਸੇਤੀਆ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਨਰਮੀ ਨਾ ਵਰਤਦਿਆਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਓਟ ਕਲੀਨਿਕਾਂ, ਨਿੱਜੀ ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ਦੀ ਨਿਯਮਤ ਚੈਕਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਾਲ-ਨਾਲ ਹਰ ਹਫ਼ਤੇ ਇਕ ਦਿਨ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾਵੇ ਤਾਂ ਜੋ ਇੰਨ੍ਹਾਂ ਖੇਤਰਾਂ ਦਾ ਸਮੁੱਚਾ ਮਾਹੌਲ ਸੁਧਾਰਿਆ ਜਾ ਸਕੇ।