ਫੂਡ ਸੇਫ਼ਟੀ ਟੀਮ ਨੇ ਖਾਧ ਪਦਾਰਥਾਂ ਦੀ ਕੀਤੀ ਚੈਕਿੰਗ, 50 ਕਿੱਲੋ ਪਨੀਰ ਜ਼ਬਤ ਮਾਨਯੋਗ ਕਮਿਸ਼ਨਰ, ਫੂਡ ਐਂਡ ਡਰੱਗ
Publish Date: Sun, 20 Sep 2026 04:13 PM (IST)
Updated Date: Sun, 20 Sep 2026 04:14 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮਾਨਯੋਗ ਕਮਿਸ਼ਨਰ, ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕੰਵਲਪ੍ਰੀਤ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਸੀ ਮੋਗਾ ਸਾਗਰ ਸੇਤੀਆ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਸਿਹਤ ਅਫ਼ਸਰ ਮੋਗਾ ਡਾ. ਸੰਦੀਪ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਮੋਗਾ ਵੱਲੋਂ ਜ਼ਿਲ੍ਹੇ ’ਚ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਫੂਡ ਸੇਫਟੀ ਟੀਮ ਵੱਲੋਂ ਪਿੰਡ ਖਾਈ, ਤਹਿਸੀਲ ਨਿਹਾਲ ਸਿੰਘ ਵਾਲਾ ਵਿਖੇ ਪਨੀਰ ਤਿਆਰ ਕਰਨ ਵਾਲੀ ਇਕ ਫੈਕਟਰੀ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਮੌਕੇ ਤੇ ਪਨੀਰ ਅਤੇ ਦੇਸੀ ਘਿਓ ਦੀ ਜਾਂਚ ਕਰਦਿਆਂ ਟੀਮ ਵੱਲੋਂ ਪਨੀਰ ਅਤੇ ਦੇਸੀ ਘਿਓ ਦੇ ਸੈਂਪਲ ਲਏ ਗਏ, ਜਿਨ੍ਹਾਂ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਜਾਂਚ ਲਈ ਲੈਬਾਰਟਰੀ ਭੇਜਿਆ ਜਾਵੇਗਾ। ਚੈਕਿੰਗ ਦੌਰਾਨ ਮੌਕੇ ਤੇ ਮੌਜੂਦ ਲਗਭਗ 50 ਕਿੱਲੋਗ੍ਰਾਮ ਪਨੀਰ ਨੂੰ ਸੀਜ਼ ਕੀਤਾ ਗਿਆ। ਲਏ ਗਏ ਸੈਂਪਲਾਂ ਦੀ ਪ੍ਰਯੋਗਸ਼ਾਲਾ ਰਿਪੋਰਟ ਪ੍ਰਾਪਤ ਹੋਣ ਉਪਰੰਤ ਰਿਪੋਰਟ ਦੇ ਆਧਾਰ ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਅਧੀਨ ਬਣੇ ਨਿਯਮਾਂ/ਰੈਗੂਲੇਸ਼ਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫੂਡ ਸੇਫਟੀ ਟੀਮ ਵੱਲੋਂ ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਮੋਗਾ ਅਤੇ ਅਜੀਤਵਾਲ ਵਿਖੇ ਵੱਖ-ਵੱਖ ਮਿਠਾਈਆਂ ਦੀਆਂ ਦੁਕਾਨਾਂ ਅਤੇ ਮਿਠਾਈਆਂ ਤਿਆਰ ਕਰਨ ਵਾਲੇ ਕਾਰਖਾਨਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੁੱਲ 6 ਮਿਠਾਈਆਂ ਦੀਆਂ ਦੁਕਾਨਾਂ/ਕਾਰਖਾਨਿਆਂ ਦੀ ਇਨਸਪੈਕਸ਼ਨ ਕੀਤੀ ਗਈ। ਇਸ ਦੇ ਨਾਲ ਹੀ 4 ਬੇਕਰੀ ਯੂਨਿਟਾਂ ਦੀ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖੁਰਾਕੀ ਵਸਤੂਆਂ ਦੀ ਗੁਣਵੱਤਾ, ਕੱਚੇ ਮਾਲ ਦੀ ਸਟੋਰੇਜ, ਤਿਆਰ ਮਿਠਾਈਆਂ ਅਤੇ ਬੇਕਰੀ ਉਤਪਾਦਾਂ ਦੀ ਸੰਭਾਲ, ਸਫਾਈ ਪ੍ਰਬੰਧ, ਵਰਕਿੰਗ ਏਰੀਆ ਦੀ ਸਫਾਈ, ਕਰਮਚਾਰੀਆਂ ਦੀ ਨਿੱਜੀ ਸਫਾਈ, ਉਤਪਾਦਾਂ ਦੀ ਮਿਆਦ ਅਤੇ ਹੋਰ ਫੂਡ ਸੇਫਟੀ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਿੱਥੇ ਵੀ ਫੂਡ ਸੇਫਟੀ ਮਾਪਦੰਡਾਂ ਦੀ ਪਾਲਣਾ ਵਿੱਚ ਕਮੀਆਂ ਪਾਈਆਂ ਗਈਆਂ, ਉੱਥੇ ਸੰਬੰਧਿਤ ਫੂਡ ਬਿਜ਼ਨੈੱਸ ਆਪਰੇਟਰਾਂ ਨੂੰ ਕਮੀਆਂ ਦੂਰ ਕਰਨ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਇੰਪਰੂਵਮੈਂਟ ਨੋਟਿਸ ਜਾਰੀ ਕੀਤੇ ਗਏ। ਸੰਬੰਧਿਤ ਕਾਰੋਬਾਰੀਆਂ ਨੂੰ ਸਫਾਈ, ਖੁਰਾਕੀ ਵਸਤੂਆਂ ਦੀ ਸਹੀ ਸਟੋਰੇਜ਼ ਅਤੇ ਸੁਰੱਖਿਅਤ ਤਰੀਕੇ ਨਾਲ ਤਿਆਰੀ ਸਬੰਧੀ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਅਤੇ ਮਿਆਰੀ ਖੁਰਾਕੀ ਵਸਤੂਆਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਫੂਡ ਬਿਜ਼ਨੈੱਸ ਆਪਰੇਟਰਾਂ ਨੂੰ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਨਿਰਧਾਰਤ ਸਾਰੇ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖੁਰਾਕੀ ਵਸਤੂਆਂ ਦੀ ਗੁਣਵੱਤਾ ਸਬੰਧੀ ਚੈਕਿੰਗਾਂ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਫੂਡ ਬਿਜ਼ਨੈੱਸ ਆਪਰੇਟਰਾਂ ਵਿਰੁੱਧ ਸੈਂਪਲ ਦੀ ਲੈਬਾਰਟਰੀ ਰਿਪੋਰਟ ਅਤੇ ਮੌਕੇ ਦੀ ਜਾਂਚ ਦੇ ਤੱਥਾਂ ਦੇ ਆਧਾਰ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫੂਡ ਸੇਫਟੀ ਵਿਭਾਗ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਖਾਣ-ਪੀਣ ਵਾਲੀਆਂ ਵਸਤੂਆਂ ਖ਼ਰੀਦਦੇ ਸਮੇਂ ਉਨ੍ਹਾਂ ਦੀ ਗੁਣਵੱਤਾ, ਲੇਬਲ, ਮਿਆਦ ਅਤੇ ਹੋਰ ਲਾਜ਼ਮੀ ਜਾਣਕਾਰੀ ਦੀ ਜਾਂਚ ਕਰਨ ਅਤੇ ਕਿਸੇ ਵੀ ਸ਼ੱਕੀ ਜਾਂ ਗੈਰ-ਮਿਆਰੀ ਖੁਰਾਕੀ ਵਸਤੂ ਸਬੰਧੀ ਵਿਭਾਗ ਨੂੰ ਸੂਚਿਤ ਕਰਨ।