- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਪ੍ਰਮੁੱਖ ਵਿੱਦਿਅਕ

ਵਕੀਲ ਮਹਿਰੋਂ, ਨਿੱਜੀ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੇਰਨਾਦਾਇਕ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਵਜੋਂ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਮੋਗਾ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜੀਡੀ ਗੁਪਤਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਮੁੱਖ ਬੁਲਾਰੇ ਡਾ. ਜੀਡੀ ਗੁਪਤਾ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕਰਨ ਨਾਲ ਹੋਈ। ਇਸ ਉਪਰੰਤ ਡਾ. ਗੁਪਤਾ ਨੇ ਵਿਦਿਆਰਥੀਆਂ ਨੂੰ ਜੀਵਨ ਪ੍ਰਬੰਧਨ ਅਤੇ ਸਕਾਰਾਤਮਕ ਸੋਚ ਵਿਸ਼ੇ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਨੌਜਵਾਨਾਂ ਵਿਚ ਅਥਾਹ ਪ੍ਰਤਿਭਾ ਅਤੇ ਊਰਜਾ ਹੈ ਪਰ ਸਫਲਤਾ ਦੀ ਮੰਜ਼ਿਲ ਤੱਕ ਪਹੁੰਚਣ ਲਈ ਉਨ੍ਹਾਂ ਨੂੰ ਸਹੀ ਦਿਸ਼ਾ, ਅਨੁਸ਼ਾਸਨ ਅਤੇ ਮਜ਼ਬੂਤ ਨੈਤਿਕ ਕਦਰਾਂ-ਕੀਮਤਾਂ ਦੀ ਲੋੜ ਹੈ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿਰਫ਼ ਪ੍ਰੀਖਿਆਵਾਂ ਵਿਚ ਚੰਗੇ ਅੰਕ ਪ੍ਰਾਪਤ ਕਰਨਾ ਹੀ ਜੀਵਨ ਦੀ ਸਫ਼ਲਤਾ ਨਹੀਂ ਹੈ, ਸਗੋਂ ਵਿਅਕਤੀ ਦਾ ਚਰਿੱਤਰ ਅਤੇ ਸੰਸਕਾਰ ਅੰਕਾਂ ਨਾਲੋਂ ਕਿਤੇ ਵੱਧ ਮਹੱਤਵ ਰੱਖਦੇ ਹਨ। ਉਨ੍ਹਾਂ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ. ਅਬਦੁਲ ਕਲਾਮ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਘਟਨਾਵਾਂ ਸਾਂਝੀਆਂ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਡਾ. ਗੁਪਤਾ ਨੇ ਜਿਸ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜੀਵਨ ਦੇ ਡੂੰਘੇ ਸਿਧਾਂਤ ਵਿਦਿਆਰਥੀਆਂ ਸਾਹਮਣੇ ਰੱਖੇ ਹਨ, ਉਹ ਨਿਸ਼ਚਿਤ ਤੌਰ ’ਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਮਾਰਗਦਰਸ਼ਕ ਸਾਬਤ ਹੋਣਗੇ। ਸੈਸ਼ਨ ਦੇ ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਡਾ. ਜੀਡੀ ਗੁਪਤਾ ਦਾ ਆਪਣਾ ਕੀਮਤੀ ਸਮਾਂ ਦੇਣ ਅਤੇ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਲਈ ਧੰਨਵਾਦ ਕੀਤਾ ਗਿਆ। ਧੰਨਵਾਦੀ ਮਤੇ ਨਾਲ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ ਹੋਇਆ।