ਨਸ਼ਿਆਂ ਖ਼ਿਲਾਫ਼ ਜੰਗ ’ਚ ਖੇਡਾਂ ਨੌਜਵਾਨਾਂ ਲਈ ਬਣਨ ਮਜ਼ਬੂਤ ਹਥਿਆਰ : ਲਾਡੀ ਢੋਸ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ
Publish Date: Tue, 15 Sep 2026 07:11 PM (IST)
Updated Date: Wed, 16 Sep 2026 04:08 AM (IST)
ਜਨੇਰ ਨਸ਼ਾ ਮੁਕਤੀ ਕੇਂਦਰ ਵਿਖੇ ਦੂਜਾ ਨਿਰੋਲ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ : ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਭਿਆਨਕ ਲਤ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਸਰਕਾਰੀ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਜਨੇਰ ਵਿਖੇ ਦੂਜਾ ਨਿਰੋਲ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਦਾ ਆਯੋਜਨ ਐੱਮਡੀ ਹਰਪ੍ਰੀਤ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਦੀ ਊਰਜਾ ਨੂੰ ਖੇਡਾਂ ਵੱਲ ਲਾਉਣਾ ਸਮੇਂ ਦੀ ਮੁੱਖ ਲੋੜ ਹੈ। ਖੇਡਾਂ ਨੌਜਵਾਨਾਂ ’ਚ ਅਨੁਸ਼ਾਸਨ, ਮਿਹਨਤ, ਆਪਸੀ ਭਾਈਚਾਰੇ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਲਾਡੀ ਢੋਸ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਜ਼ਿੰਦਗੀ ਹੀ ਬਰਬਾਦ ਨਹੀਂ ਕਰਦਾ, ਸਗੋਂ ਇਸ ਦਾ ਮਾੜਾ ਪ੍ਰਭਾਵ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ, ਜਿਹੜੇ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੇ ਹਨ, ਉਨ੍ਹਾਂ ਨੂੰ ਨਫ਼ਰਤ ਦੀ ਬਜਾਏ ਹੌਂਸਲਾ ਦੇ ਕੇ ਮੁੜ ਮੁੱਖ ਧਾਰਾ ਵਿਚ ਲਿਆਉਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਐੱਮਡੀ ਹਰਪ੍ਰੀਤ ਸਿੰਘ ਅਤੇ ਵੀਰਪਾਲ ਕੌਰ ਬਾਠ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸਮਾਜ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਟੂਰਨਾਮੈਂਟ ਦੇ ਜੇਤੂਆਂ ਨੂੰ ਵੱਖ-ਵੱਖ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਪਹਿਲਾ ਇਨਾਮ ਜਗਮੀਤ ਸਿੰਘ ਸੰਧੂ, ਦੂਜਾ ਇਨਾਮ ਵੀਰਪਾਲ ਕੌਰ ਬਾਠ, ਤੀਜਾ ਇਨਾਮ ਖ਼ਾਲਸਾ ਗਨ ਹਾਊਸ ਅਤੇ ਚੌਥਾ ਇਨਾਮ ਬੀ. ਬਰਾੜ ਵੱਲੋਂ ਦਿੱਤਾ ਗਿਆ। ਮੈਨ ਆਫ਼ ਦਾ ਸੀਰੀਜ਼ ਦਾ ਇਨਾਮ ਮਨਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ। ਇਸ ਮੌਕੇ ਟੂਰਨਾਮੈਂਟ ਦੇ ਆਯੋਜਕ ਐੱਮਡੀ ਹਰਪ੍ਰੀਤ ਸਿੰਘ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਬਰਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ, ਜਗਦੀਪ ਜੈਮਲਵਾਲਾ, ਭੇਜਾ ਕੋਟ ਈਸੇ ਖਾਂ, ਰਘੂ ਸ਼ਰਮਾ ਸਮੇਤ ਹੋਰ ਪਤਵੰਤੇ, ਖੇਡ ਪ੍ਰੇਮੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।