ਡਾ. ਸੈਫੂਦੀਨ ਕਿਚਲੂ ਸਕੂਲ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ
Publish Date: Sat, 28 Nov 2026 05:17 PM (IST)
Updated Date: Sat, 28 Nov 2026 05:19 PM (IST)
ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਗੁਰਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸਮੁੱਚਾ ਸਕੂਲ ਕੈਂਪਸ ਰੂਹਾਨੀ ਮਾਹੌਲ ਨਾਲ ਭਰ ਗਿਆ ਅਤੇ ਸੰਗਤ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੀ ਸ਼ੁਰੂਆਤ ਪਵਿੱਤਰ ਮੰਤਰਾਂ ਅਤੇ ਗੁਰੂ ਸਾਹਿਬ ਦੇ ਸਿਮਰਨ ਨਾਲ ਹੋਈ। ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਨੁੱਖਤਾ ਪ੍ਰਤੀ ਦਿੱਤੇ ਸੰਦੇਸ਼ ਤੇ ਆਧਾਰਿਤ ਭਾਵਪੂਰਨ ਪੇਸ਼ਕਾਰੀਆਂ ਦਿੱਤੀਆਂ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਸਰਬ ਧਰਮ ਸਾਂਝ, ਨਾਰੀ ਸਤਿਕਾਰ, ਬਰਾਬਰਤਾ, ਸੇਵਾ ਅਤੇ ਮਨੁੱਖਤਾ ਦੇ ਸਿਧਾਂਤਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕਿਸੇ ਇੱਕ ਧਰਮ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਰਵਾਇਤੀ ਪੰਜਾਬੀ ਅਤੇ ਸਿੱਖ ਪਹਿਰਾਵਿਆਂ ਵਿੱਚ ਸਜੇ ਬੱਚਿਆਂ ਨੇ ਸਟੇਜ ਤੇ ਬੜੀ ਸ਼ਰਧਾ ਨਾਲ ਸ਼ਬਦ ਗਾਇਨ ਕੀਤਾ। ਉਨ੍ਹਾਂ ਦੀਆਂ ਮਾਸੂਮ ਆਵਾਜ਼ਾਂ ਵਿਚ ਗੁਰੂ ਮਹਿਮਾ ਦਾ ਗੁਣਗਾਨ ਸੁਣ ਕੇ ਹਾਜ਼ਰ ਅਧਿਆਪਕ, ਮਾਪੇ ਅਤੇ ਹੋਰ ਮੈਂਬਰ ਭਾਵੁਕ ਹੋ ਗਏ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਕੀਰਤਨ ਪੇਸ਼ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲ ਕੇ ਚੰਗੇ ਸੰਸਕਾਰਾਂ ਵਾਲੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਚੰਗੇ ਸਮਾਜਿਕ ਅਤੇ ਨੈਤਿਕ ਗੁਣ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸਮਾਗਮ ਦੇ ਅੰਤ ਵਿਚ ਸਮੂਹਿਕ ਅਰਦਾਸ ਕੀਤੀ ਗਈ ਅਤੇ ਗੁਰੂ ਦਾ ਪ੍ਰਸਾਦ ਵੰਡਿਆ ਗਿਆ। ਇਸ ਉਪਰੰਤ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਸ਼ਰਧਾ ਨਾਲ ਗੁਰੂ ਦਾ ਲੰਗਰ ਛਕਿਆ। ਇਸ ਤਰ੍ਹਾਂ ਸਮੁੱਚਾ ਸਮਾਗਮ ਸ਼ਰਧਾ, ਅਨੁਸ਼ਾਸਨ, ਸੇਵਾ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੰਦਾ ਹੋਇਆ ਸੰਪੰਨ ਹੋਇਆ।