- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਪ੍ਰਗਟ ਸਿੰਘ ਦੀ ਨਿਯੁਕਤੀ ’ਤੇ ਕਾਂਗਰਸੀ ਆਗੂ ਕੁਲਵਿੰਦਰ ਕੌਰ ਬੰਮਰਾਹ ਨੇ ਉਨ੍ਹਾਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਪੰਜਾਬ ਦੀ ਸਿਆਸਤ ਵਿਚ ਲੰਮੇ ਸਮੇਂ ਤੋਂ ਸਰਗਰਮ ਰਹੇ ਇੱਕ ਤਜਰਬੇਕਾਰ ਅਤੇ ਸੀਨੀਅਰ ਆਗੂ ਹਨ। ਉਨ੍ਹਾਂ ਦੇ ਸਿਆਸੀ ਤਜਰਬੇ, ਸੂਝ-ਬੂਝ ਅਤੇ ਜਥੇਬੰਦਕ ਸਮਰੱਥਾ ਦਾ ਪਾਰਟੀ ਨੂੰ ਲਾਭ ਮਿਲੇਗਾ। ਕੁਲਵਿੰਦਰ ਕੌਰ ਬੰਮਰਾਹ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੀ ਨਵੀਂ ਜ਼ਿੰਮੇਵਾਰੀ ਪ੍ਰਗਟ ਸਿੰਘ ਨੂੰ ਮਿਲਣਾ ਪਾਰਟੀ ਲਈ ਇੱਕ ਮਹੱਤਵਪੂਰਨ ਪੜਾਅ ਹੈ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੇ ਵੱਖ-ਵੱਖ ਮੰਚਾਂ ’ਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਉਠਾਇਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੀ ਡੂੰਘੀ ਸਮਝ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਵੇਂ ਪੰਜਾਬ ਪ੍ਰਧਾਨ ਆਪਣੀ ਸੂਝ-ਬੂਝ ਅਤੇ ਤਜ਼ੁਰਬੇ ਨਾਲ ਕਾਂਗਰਸ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਕੰਮ ਕਰਨਗੇ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ, ਨੌਜਵਾਨ ਆਗੂਆਂ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਵਰਕਰਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਕੁਲਵਿੰਦਰ ਕੌਰ ਬੰਮਰਾਹ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੁੰਦੇ ਹਨ। ਇਸ ਲਈ ਜ਼ਰੂਰੀ ਹੈ ਕਿ ਪਾਰਟੀ ਦੇ ਹਰ ਵਰਕਰ ਦੀ ਗੱਲ ਸੁਣੀ ਜਾਵੇ ਅਤੇ ਉਸ ਨੂੰ ਪਾਰਟੀ ਦੀਆਂ ਸਰਗਰਮੀਆਂ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦੇ ਹਨ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਕਈ ਤਰ੍ਹਾਂ ਦੇ ਸਮਾਜਿਕ ਅਤੇ ਆਰਥਿਕ ਮੁੱਦਿਆਂ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਪ੍ਰਗਟ ਕਰ ਰਹੇ ਹਨ। ਕਾਂਗਰਸ ਪਾਰਟੀ ਵੱਲੋਂ ਇਨ੍ਹਾਂ ਲੋਕ-ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਣਾ ਅਤੇ ਲੋਕਾਂ ਦੀ ਆਵਾਜ਼ ਨੂੰ ਸਬੰਧਤ ਮੰਚਾਂ ਤੱਕ ਪਹੁੰਚਾਉਣਾ ਜ਼ਰੂਰੀ ਹੈ। ਉਨ੍ਹਾਂ ਆਸ ਜਤਾਈ ਕਿ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰੇਗੀ ਕਾਂਗਰਸੀ ਆਗੂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਹਰ ਆਗੂ ਅਤੇ ਵਰਕਰ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਜਥੇਬੰਦਕ ਪੱਧਰ ’ਤੇ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੀ ਰਹਿਨੁਮਾਈ ਹੇਠ ਪੰਜਾਬ ਕਾਂਗਰਸ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪੂਰੇ ਜੋਸ਼ ਨਾਲ ਉਠਾਏਗੀ ਅਤੇ ਪਾਰਟੀ ਵਰਕਰਾਂ ਨੂੰ ਨਵਾਂ ਉਤਸ਼ਾਹ ਮਿਲੇਗਾ। ਕੁਲਵਿੰਦਰ ਕੌਰ ਬੰਮਰਾਹ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਇੱਕ ਵਾਰ ਫਿਰ ਮੁਬਾਰਕਬਾਦ ਦਿੰਦਿਆਂ ਉਮੀਦ ਪ੍ਰਗਟ ਕੀਤੀ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਣਗੇ।