ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਲਾਕ ਪੱਧਰੀ ਮੁਕਾਬਲੇ ਸੰਪੰਨ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ
Publish Date: Fri, 18 Sep 2026 03:43 PM (IST)
Updated Date: Fri, 18 Sep 2026 03:44 PM (IST)
ਜ਼ਿਲ੍ਹਾ ਮੋਗਾ ਦੇ 7 ਹਜ਼ਾਰ ਖਿਡਾਰੀਆਂ ਨੇ ਖੇਡਾਂ ’ਚ ਲਿਆ ਹਿੱਸਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਉਭਾਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਮੋਗਾ ਦੇ ਸਮੂਹ ਬਲਾਕਾਂ ਵਿਚ ਕਰਵਾਏ ਗਏ ਬਲਾਕ ਪੱਧਰੀ ਮੁਕਾਬਲੇ 16 ਸਤੰਬਰ ਨੂੰ ਸਫ਼ਲਤਾਪੂਰਵਕ ਸੰਪੰਨ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਤੋਂ ਲਗਭਗ 7 ਹਜ਼ਾਰ ਖਿਡਾਰੀਆਂ ਨੇ ਵੱਖ-ਵੱਖ ਖੇਡ ਵੰਨਗੀਆਂ ਵਿਚ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਵਾਰ ਟੈਨਿਸ ਬਾਲ ਕ੍ਰਿਕਟ ਨੂੰ ਵੀ ਮੁਕਾਬਲਿਆਂ ਵਿਚ ਸ਼ਾਮਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ ਅਤੇ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ’ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਅਤੇ ਜੇਤੂ ਟੀਮਾਂ ਅਗਲੇ ਗੇੜ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 28 ਸਤੰਬਰ 2026 ਤੋਂ ਸ਼ੁਰੂ ਹੋਣਗੇ, ਜਿੰਨ੍ਹਾਂ ਲਈ ਖੇਡ ਵਿਭਾਗ ਵੱਲੋਂ ਲੋੜੀਂਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਲਈ ਸੁਚੱਜੇ ਪ੍ਰਬੰਧ, ਬਿਹਤਰ ਖੇਡ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗੀ ਅਧਿਕਾਰੀਆਂ ਅਤੇ ਕੋਚਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ਖੇਡ ਮੈਦਾਨਾਂ ਨਾਲ ਜੁੜ ਕੇ ਸਿਹਤਮੰਦ, ਅਨੁਸ਼ਾਸਿਤ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ।