- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਕਸ਼ਨ ਕਮੇਟੀ ਵੱਲੋਂ ਲਏ ਗਏ ਫ਼ੈਸਲੇ

ਵੱਖ-ਵੱਖ ਜਥੇਬੰਦੀਆਂ ਨੇ ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਕੋਠੀ ਅੱਗੇ ਲਾਇਆ ਧਰਨਾ
ਪੰਜਾਬੀ ਜਾਗਰਣ ਟੀਮ, ਮੋਗਾ: ਐਕਸ਼ਨ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਨੂੰ ਲਾਗੂ ਕਰਦਿਆਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਮੋਗਾ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੀ ਕੋਠੀ ਅੱਗੇ ਧਰਨਾ ਲਗਾਇਆ ਗਿਆ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਜਾਣਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਵੀ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਿਰੁੱਧ ਮਾਮਲੇ ਦਰਜ ਹੋਣ ਦੇ ਬਾਵਜੂਦ ਉਸ ਨੂੰ ਰਿਵਾਲਵਰ ਦਾ ਲਾਇਸੈਂਸ ਜਾਰੀ ਕੀਤਾ ਗਿਆ, ਜੋ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਮਾਮਲੇ ਵਿਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਅਤੇ ਪਰਵਿੰਦਰ ਸਿੰਘ ਝੋਟੇ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵੇ ਜ਼ਮੀਨੀ ਪੱਧਰ ’ਤੇ ਸਫ਼ਲ ਹੁੰਦੇ ਦਿਖਾਈ ਨਹੀਂ ਦੇ ਰਹੇ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ ਦਾ ਨੈੱਟਵਰਕ ਲਗਾਤਾਰ ਫੈਲ ਰਿਹਾ ਹੈ ਅਤੇ ਇਸ ਕਾਰਨ ਬੇਰੁਜ਼ਗਾਰੀ ਦੇ ਨਾਲ-ਨਾਲ ਪੰਜਾਬ ਦੀ ਜਵਾਨੀ ਦਾ ਭਵਿੱਖ ਵੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਬਿਆਨ ਦੇਣ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੱਚਮੁੱਚ ਸੂਬੇ ਦੀ ਜਵਾਨੀ ਨੂੰ ਬਚਾਉਣਾ ਚਾਹੁੰਦੀ ਹੈ ਤਾਂ ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਸਰਪ੍ਰਸਤੀ ਦੇਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਧਰਨੇ ਦੇ ਮੱਦੇਨਜ਼ਰ ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਕੋਠੀ ਦੇ ਬਾਹਰ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖੀ ਜਾ ਸਕੇ।
----
ਪਰਿਵਾਰ ਲਈ 2 ਕਰੋੜ ਮੁਆਵਜ਼ੇ ਦੀ ਮੰਗ
ਧਰਨੇ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਉੱਚ ਪੱਧਰੀ ਜਾਂਚ, ਦੋਸ਼ੀਆਂ ਨੂੰ ਸਖ਼ਤ ਸਜ਼ਾ, ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਅਤੇ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਉਠਾਈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਨੂੰ ਇਨਸਾਫ਼ ਦਿਵਾਉਣਾ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਦੌਰਾਨ ਵਿਧਾਇਕ ਦੀ ਕੋਠੀ ਦੇ ਦੋਵੇਂ ਪਾਸਿਆਂ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ। ਇਕ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨ ਇਕੱਠੇ ਹੋਏ, ਜਦਕਿ ਦੂਜੇ ਪਾਸੇ ਵੱਖ-ਵੱਖ ਜਥੇਬੰਦੀਆਂ ਅਤੇ ਵਾਰਿਸ ਪੰਜਾਬ ਜਥੇਬੰਦੀ ਦੇ ਮੈਂਬਰਾਂ ਨੇ ਮੋਰਚਾ ਸੰਭਾਲਿਆ ਹੋਇਆ ਸੀ। ਦੋਵੇਂ ਪਾਸਿਆਂ ਦੇ ਰਸਤਿਆਂ ਨੂੰ ਧਰਨਾਕਾਰੀਆਂ ਵੱਲੋਂ ਰੋਕ ਕੇ ਰੱਖਿਆ ਗਿਆ।