‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲਿਆ ਖੇਡਾਂ ਦਾ ਹੁਲਾਰਾ ਜ਼ਿਲ੍ਹਾ ਮੋਗਾ ਵਿਚ ਨਸ਼ਿਆਂ
Publish Date: Wed, 04 Nov 2026 05:18 PM (IST)
Updated Date: Wed, 04 Nov 2026 05:20 PM (IST)
20 ਹਾਟਸਪਾਟ ਖੇਤਰਾਂ ’ਚ ਖੇਡ ਮੁਕਾਬਲੇ ਸ਼ੁਰੂ, ਨਸ਼ੇ ਤੋਂ ਦੂਰ ਰਹਿਣ ਦਾ ਹੋਕਾ ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਵਿਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਵਿਚ ਬਦਲਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਰੋਕਥਾਮੀ ਕਾਰਵਾਈ ਦੇ ਨਾਲ-ਨਾਲ ਉਸਾਰੂ ਅਤੇ ਸਿਹਤਮੰਦ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 60 ਰੋਜ਼ਾ ਵਿਸ਼ੇਸ਼ ਮੁਹਿੰਮ ਅਧੀਨ ਜ਼ਿਲ੍ਹੇ ਦੇ 20 ਨਸ਼ਾ ਪ੍ਰਭਾਵਿਤ ਹਾਟਸਪਾਟ ਖੇਤਰਾਂ ਵਿੱਚ ਵੱਖ-ਵੱਖ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਦੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ ਸਾਗਰ ਸੇਤੀਆ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਿਹਤਮੰਦ, ਸੁਰੱਖਿਅਤ ਅਤੇ ਸਕਾਰਾਤਮਕ ਮਾਹੌਲ ਮੁਹੱਈਆ ਕਰਵਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ, ਸਹਿਣਸ਼ੀਲਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੁੱਖ ਮਕਸਦ ਨਸ਼ਿਆਂ ਦੀ ਸਪਲਾਈ ਅਤੇ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਮੰਗ ਨੂੰ ਘਟਾਉਣਾ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਮਾਪਿਆਂ, ਪੰਚਾਇਤਾਂ, ਯੂਥ ਕਲੱਬਾਂ, ਖੇਡ ਸੰਸਥਾਵਾਂ ਅਤੇ ਸਮਾਜ ਦੇ ਹਰੇਕ ਵਰਗ ਨੂੰ ਆਪਣੀ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ। ਜ਼ਿਲ੍ਹਾ ਖੇਡ ਅਫ਼ਸਰ ਮੋਗਾ ਨਵਦੀਪ ਜਿੰਦਲ ਨੇ ਦੱਸਿਆ ਕਿ ਅੱਜ ਕੋਟ ਈਸੇ ਖਾਂ ਦੇ ਨੂਰਪੁਰ ਹਕੀਮਾਂ ਅਤੇ ਮਦਾਰਪੁਰ ਵਿਖੇ ਕ੍ਰਿਕਟ, ਮੋਗਾ ਦੇ ਘੱਲ ਕਲਾਂ ਵਿਖੇ ਐਥਲੈਟਿਕਸ, ਪੱਤੋ ਹੀਰਾ ਸਿੰਘ ਅਤੇ ਮਾਣੂੰਕੇ ਵਿਖੇ ਕਬੱਡੀ, ਬਾਘਾਪੁਰਾਣਾ ਦੇ ਘੋਲੀਆ ਕਲਾਂ ਵਿਖੇ ਕਬੱਡੀ ਅਤੇ ਰਾਜੇਆਣਾ ਵਿਖੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਵੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਮੁਕਾਬਲੇ ਜਾਰੀ ਰਹਿਣਗੇ। ਇਸ ਦਿਨ ਧਰਮਕੋਟ ਅਤੇ ਕੋਟ ਈਸੇ ਖਾਂ ਖੇਤਰਾਂ ਵਿੱਚ ਵਾਲੀਬਾਲ ਅਤੇ ਕ੍ਰਿਕਟ, ਮੋਗਾ ਦੇ ਦੌਲਤਪੁਰਾ ਵਿਖੇ ਬੈਡਮਿੰਟਨ, ਨਿਹਾਲ ਸਿੰਘ ਵਾਲਾ ਦੇ ਰਾਮਾ ਅਤੇ ਗਗੜਾ ਵਿਖੇ ਕਬੱਡੀ, ਮਦਾਰਪੁਰ ਵਿਖੇ ਵਾਲੀਬਾਲ, ਘੱਲ ਕਲਾਂ ਵਿਖੇ ਐਥਲੈਟਿਕਸ, ਪੱਤੋ ਹੀਰਾ ਸਿੰਘ ਅਤੇ ਮਾਣੂੰਕੇ ਵਿਖੇ ਕਬੱਡੀ, ਬਾਘਾਪੁਰਾਣਾ ਦੇ ਘੋਲੀਆ ਕਲਾਂ ਵਿਖੇ ਕਬੱਡੀ, ਰਾਜੇਆਣਾ ਵਿਖੇ ਫੁੱਟਬਾਲ ਅਤੇ ਕੋਟ ਈਸੇ ਖਾਂ ਦੇ ਚੂਹੜਚੱਕ ਵਿਖੇ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾਣਗੇ।