ਧਰਮਕੋਟ ਦੀ ਭੱਟੀ ਬਸਤੀ ਤੇ ਦੀਪ ਸਿੰਘ ਨਗਰ ’ਚ ਫੌਗਿੰਗ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ
Publish Date: Tue, 15 Sep 2026 06:56 PM (IST)
Updated Date: Wed, 16 Sep 2026 04:08 AM (IST)
ਮੱਛਰਾਂ ਦੀ ਪੈਦਾਵਾਰ ਰੋਕਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਗਤੀਵਿਧੀਆਂ ਜਾਰੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਮੋਗਾ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਸਵੱਛ ਅਭਿਆਨ ਪੰਜਾਬ’ ਤਹਿਤ ਜ਼ਿਲ੍ਹਾ ਮੋਗਾ ਵਿਚ ਸਫ਼ਾਈ ਅਤੇ ਸਿਹਤ ਸੁਰੱਖਿਆ ਸਬੰਧੀ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਧਰਮਕੋਟ ਸ਼ਹਿਰ ਦੀ ਭੱਟੀ ਬਸਤੀ ਅਤੇ ਦੀਪ ਸਿੰਘ ਨਗਰ ਵਿਖੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਫੌਗਿੰਗ ਕਰਵਾਈ ਗਈ। ਡੀਸੀ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਸਵੱਛ ਪੰਜਾਬ ਮੁਹਿੰਮ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਸਫਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਕਰਦਾ ਹੈ, ਸਗੋਂ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੱਛਰਾਂ ਦੀ ਪੈਦਾਵਾਰ ਵਾਲੇ ਸੰਭਾਵਿਤ ਸਥਾਨਾਂ ਦੀ ਨਿਯਮਤ ਜਾਂਚ ਕਰਕੇ ਲੋੜ ਅਨੁਸਾਰ ਫੌਗਿੰਗ ਅਤੇ ਹੋਰ ਰੋਕਥਾਮੀ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਵੀ ਜਾਗਰੂਕ ਕੀਤਾ ਜਾਵੇ। ਡੀਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਫਾਈ ਬਣਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਮੱਛਰਾਂ ਦੀ ਪੈਦਾਵਾਰ ਰੋਕਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਵੱਛ ਪੰਜਾਬ ਮੁਹਿੰਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਲੋਕਾਂ ਨੂੰ ਸਾਫ਼, ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਅਜਿਹੀਆਂ ਗਤੀਵਿਧੀਆਂ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ।