
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਸ਼ਯਪ ਰਾਜਪੂਤ ਮਹਿਰਾ ਸਮਾਜ ਸਭਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਕਸ਼ਯਪ ਰਾਜਪੂਤ ਮਹਿਰਾ ਸਮਾਜ ਸਭਾ ਪੰਜਾਬ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਮੋਗਾ ਵਿਖੇ ਹੋਈ। ਇਸ ਮੀਟਿੰਗ ਵਿਚ ਪੰਜਾਬ ਭਰ ਤੋਂ ਸਮਾਜ ਦੇ ਆਗੂਆਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਮਾਜ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਲਾਂ, ਭਾਈਚਾਰੇ ਨੂੰ ਇਕਜੁੱਟ ਕਰਨ ਅਤੇ ਸਮਾਜ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਆਗੂਆਂ ਨੇ ਕਿਹਾ ਕਿ ਕਸ਼ਯਪ ਰਾਜਪੂਤ ਮਹਿਰਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਮਾਜ ਦੀ ਭਲਾਈ ਲਈ ਇਕ ਮਜ਼ਬੂਤ ਸਾਂਝਾ ਪਲੇਟਫਾਰਮ ਬਣਾਉਣ ਦੀ ਲੋੜ ਹੈ। ਬੁਲਾਰਿਆਂ ਨੇ ਸਮਾਜ ਦੇ ਲੋਕਾਂ ਨੂੰ ਆਪਸੀ ਏਕਤਾ ਕਾਇਮ ਕਰਕੇ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਮਾਜ ਦੇ ਆਗੂਆਂ ਵੱਲੋਂ ਸਰਬਸੰਮਤੀ ਨਾਲ ਕਸ਼ਯਪ ਰਾਜਪੂਤ ਭਾਈਚਾਰੇ ਦਾ ਭਲਾਈ ਬੋਰਡ ਨਾ ਬਣਾਏ ਜਾਣ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਿਖੇਧੀ ਮਤਾ ਪਾਸ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਵੱਲ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ ਅਤੇ ਸਮਾਜ ਦੀ ਭਲਾਈ ਲਈ ਬਣਦੇ ਕਦਮ ਚੁੱਕਣੇ ਚਾਹੀਦੇ ਹਨ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਅਹਿਮ ਫੈਸਲਾ ਲਿਆ ਗਿਆ। ਸਮਾਜ ਦੇ ਆਗੂਆਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਭਾਈਚਾਰੇ ਦੀਆਂ ਮੰਗਾਂ ਅਤੇ ਹੱਕਾਂ ਦੀ ਆਵਾਜ਼ ਨੂੰ ਸਿਆਸੀ ਪੱਧਰ ’ਤੇ ਮਜ਼ਬੂਤੀ ਨਾਲ ਉਠਾਉਣ ਲਈ 4 ਤੋਂ 5 ਵਿਧਾਨ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਜਾਣਗੇ। ਆਗੂਆਂ ਨੇ ਕਿਹਾ ਕਿ ਸਮਾਜ ਦੀ ਮਜ਼ਬੂਤੀ ਲਈ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੀਟਿੰਗ ਦੀ ਸਟੇਜ ਕਾਰਵਾਈ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਵੱਲੋਂ ਬਾਖੂਬੀ ਨਿਭਾਈ ਗਈ। ਇਸ ਦੌਰਾਨ ਨਿਰਮਲ ਸਿੰਘ ਐਸ.ਐਸ. ਲੁਧਿਆਣਾ, ਕਰਮਜੀਤ ਸਿੰਘ ਕੌੜਾ ਜ਼ੀਰਾ, ਕੈਪਟਨ ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਪ੍ਰੇਮ ਦੀਪ ਸਿੰਘ ਗਿੱਦੜਵਾਹਾ, ਐਡਵੋਕੇਟ ਨਿਰਮਲ ਸਿੰਘ ਬੀਵੀਪੁਰ ਪਟਿਆਲਾ, ਬਲਦੇਵ ਸਿੰਘ ਦੁਸਾਂਝ ਲੁਧਿਆਣਾ, ਦਲਵਿੰਦਰ ਸਿੰਘ ਰਛੀਨ ਰਾਏਕੋਟ, ਸਰਵਣ ਸਿੰਘ ਬਿਹਾਲ ਰੋਪੜ, ਮਨਜੀਤ ਸਿੰਘ ਸ਼ਹਿਜ਼ਾਦੀ, ਸੰਜੀਵ ਮਹਿਰਾ ਮਲੋਟ, ਦੀਪ ਕੰਵਲ ਮਹਿਰਾ ਫ਼ਿਰੋਜ਼ਸਾਹ, ਜਰਨੈਲ ਸਿੰਘ ਹਸਨਪੁਰ ਅਤੇ ਸੂਬੇਦਾਰ ਜਸਵੰਤ ਸਿੰਘ ਕਪੂਰਥਲਾ ਸਮੇਤ ਹੋਰ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਅੰਤ ਵਿਚ ਬਾਹਰੋਂ ਪਹੁੰਚੇ ਸਾਰੇ ਬੁਲਾਰਿਆਂ ਵੱਲੋਂ ਅੱਜ ਦੀ ਅਹਿਮ ਮੀਟਿੰਗ ਦਾ ਪ੍ਰਬੰਧ ਕਰਨ ਲਈ ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।