- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਜ਼ਿਲ੍ਹਾ ਟੇਬਲ ਟੈਨਿਸ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਮੋਗਾ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵੱਲੋਂ ਚੌਥਾ ਸਟੇਟ ਰੈਕਿੰਗ ਟੇਬਲ ਟੈਨਿਸ ਟੂਰਨਾਮੈਂਟ ਸਕਾਈ ਬੈਡਮਿੰਟਨ ਸੈਂਟਰ ਦੁਸਾਂਝ ਰੋਡ ਮੋਗਾ ਵਿਖੇ ਐਸੋਸੀਏਸ਼ਨ ਦੀ ਪ੍ਰਧਾਨ ਮਾਲਵਿਕਾ ਸੂਦ ਸੱਚਰ ਦੀ ਅਗਵਾਈ ਹੇਠ ਅੱਜ ਸ਼ੁਰੂ ਹੋ ਗਿਆ। ਮੋਗਾ ਵਿਚ ਪਹਿਲੀ ਵਾਰ ਸਟੇਟ ਪੱਧਰ ਦੇ ਇਸ ਟੂਰਨਾਮੈਂਟ ਵਿੱਚ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਰੀਬ 400 ਬੱਚਿਆਂ ਨੇ ਭਾਗ ਲਿਆ ਹੈ। ਇਹ ਟੂਰਨਾਮੈਂਟ 27 ਸਤੰਬਰ ਤੱਕ ਚੱਲੇਗਾ। ਟੂਰਨਾਮੈਂਟ ਦੇ ਪਹਿਲੇ ਦਿਨ ਵਿਧਾਨ ਸਭਾ ਹਲਕਾ ਮੋਗਾ ਦੀ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਸੱਚਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪਹੁੰਚੇ ਕਰੀਬ 400 ਖਿਡਾਰੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮਾਲਵਿਕਾ ਸੂਦ ਸੱਚਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜੁੜ ਕੇ ਨੌਜਵਾਨ ਜਿੱਥੇ ਸਰੀਰਕ ਅਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਦੇ ਹਨ, ਉੱਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਸਬਰ ਅਤੇ ਮੁਕਾਬਲੇ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਮੋਗਾ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵੱਲੋਂ ਟੇਬਲ ਟੈਨਿਸ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਅਜਿਹੇ ਟੂਰਨਾਮੈਂਟਾਂ ਰਾਹੀਂ ਖਿਡਾਰੀਆਂ ਨੂੰ ਸੂਬਾ ਪੱਧਰ ’ਤੇ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਹੋਰ ਉੱਚ ਪੱਧਰ ’ਤੇ ਪਹੁੰਚਣ ਲਈ ਪ੍ਰੇਰਣਾ ਮਿਲੇਗੀ। ਇਸ ਮੌਕੇ ਮੋਗਾ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਦੇ ਜੁਆਇੰਟ ਸਕੱਤਰ ਸ਼ਿਵ ਕੁਮਾਰ (ਕੋਚ ਸਨੀ), ਵਾਈਸ ਪ੍ਰਧਾਨ ਕਮਤਾ ਪ੍ਰਸਾਦ (ਕੋਚ), ਸੀਨੀਅਰ ਵਾਈਸ ਪ੍ਰਧਾਨ ਡਾ. ਮਧੂ ਸ਼ਰਮਾ, ਅਰਜਨ ਵੀਰ ਸਿੰਘ, ਲੀਗਲ ਐਡਵਾਈਜ਼ਰ ਵਿਜੇ ਕੁਮਾਰ ਅਤੇ ਟੈਕਨੀਕਲ ਐਡਵਾਈਜ਼ਰ ਆਸ਼ੂ ਗੋਇਲ ਸਮੇਤ ਹੋਰ ਅਹੁਦੇਦਾਰ ਅਤੇ ਖੇਡ ਪ੍ਰੇਮੀ ਹਾਜ਼ਰ ਸਨ। ਟੂਰਨਾਮੈਂਟ ਦੇ ਪਹਿਲੇ ਦਿਨ ਖਿਡਾਰੀਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ ਉਨ੍ਹਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।