- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਲੀ ਜਾਣਕਾਰੀ ਅਨੁਸਾਰ ਪਿੰਡ ਰੌਲੀ ਦਾ ਕਰੀਬ 50 ਸਾਲਾ ਸਰਬਜੀਤ ਸਿੰਘ, ਜੋ ਇੱਕ ਕਿਸਾਨ ਕੋਲ ਸੀਰੀ ਦਾ ਕੰਮ ਕਰਦਾ ਸੀ, ਬੀਤੀ ਰਾਤ ਖੇਤਾਂ ਨੂੰ ਪਾਣੀ ਲਗਾ ਕੇ ਵਾਪਸ ਘਰ ਪਰਤ ਰਿਹਾ ਸੀ। ਇਸ ਦੌਰਾਨ ਭਿੰਡਰਾ ਵਾਲੇ ਰਸਤੇ 'ਤੇ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ।

ਅਵਤਾਰ ਸਿੰਘ, ਅਜੀਤਵਾਲ: ਜ਼ਿਲ੍ਹਾ ਮੋਗਾ ਦੇ ਪਿੰਡ ਕਪੂਰੇ ਨੇੜੇ ਬੀਤੀ ਰਾਤ ਅਵਾਰਾ ਕੁੱਤਿਆਂ ਦੇ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਰੌਲੀ ਦਾ ਕਰੀਬ 50 ਸਾਲਾ ਸਰਬਜੀਤ ਸਿੰਘ, ਜੋ ਇੱਕ ਕਿਸਾਨ ਕੋਲ ਸੀਰੀ ਦਾ ਕੰਮ ਕਰਦਾ ਸੀ, ਬੀਤੀ ਰਾਤ ਖੇਤਾਂ ਨੂੰ ਪਾਣੀ ਲਗਾ ਕੇ ਵਾਪਸ ਘਰ ਪਰਤ ਰਿਹਾ ਸੀ। ਇਸ ਦੌਰਾਨ ਭਿੰਡਰਾ ਵਾਲੇ ਰਸਤੇ 'ਤੇ ਅਵਾਰਾ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ। ਕੁੱਤਿਆਂ ਨੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ, ਜਦਕਿ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਦਾ ਖੌਫ਼ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁੱਤੇ ਇੱਕ ਵੱਡੇ ਵਿਅਕਤੀ ਦੀ ਜਾਨ ਲੈ ਸਕਦੇ ਹਨ ਤਾਂ ਛੋਟੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਵਾਰਾ ਕੁੱਤਿਆਂ ਨਾਲ ਸਬੰਧਤ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਪ੍ਰਸ਼ਾਸਨ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ।
ਉਨ੍ਹਾਂ ਕਿਹਾ ਕਿ ਮਾਣਯੋਗ ਹਾਈ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੇ ਬਾਵਜੂਦ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਆਰਥਿਕ ਸਹਾਇਤਾ ਦਿੱਤੀ ਜਾਵੇ, ਕਿਉਂਕਿ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ। ਨਾਲ ਹੀ ਉਨ੍ਹਾਂ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਤੁਰੰਤ ਕਾਰਵਾਈ ਦੀ ਮੰਗ ਵੀ ਕੀਤੀ।