ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਅਫਸਰਾਂ ਵਿਰੁੱਧ ਕਾਰਵਾਈ ਦੀ ਮੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ
Publish Date: Mon, 09 Nov 2026 04:28 PM (IST)
Updated Date: Mon, 09 Nov 2026 04:29 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਨੇ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਕਥਿਤ ਧੱਕੇਸ਼ਾਹੀ ਭਰੇ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨਾ ਅਤੇ ਉਨ੍ਹਾਂ ਨਾਲ ਜ਼ੋਰ-ਜਬਰਦਸਤੀ ਕਰਨਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਜੇਕਰ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਨਿਰਧਾਰਤ ਮੁਆਵਜ਼ਾ ਜਾਂ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਬਾਵਜੂਦ ਕੋਈ ਕਿਸਾਨ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ। ਪਰ ਜੇਕਰ ਸਰਕਾਰ ਵੱਲੋਂ ਕਿਸਾਨਾਂ ਨੂੰ ਬਣਦੀ ਸਹਾਇਤਾ ਹੀ ਨਹੀਂ ਦਿੱਤੀ ਗਈ ਤਾਂ ਉਨ੍ਹਾਂ ਨੂੰ ਸਮਝਾਉਣ ਅਤੇ ਸਹਿਯੋਗ ਨਾਲ ਮਸਲੇ ਦਾ ਹੱਲ ਕਰਨ ਦੀ ਬਜਾਏ ਪੁਲਿਸ ਵੱਲੋਂ ਧੱਕੇਸ਼ਾਹੀ ਕਰਨਾ ਕਿੱਥੋਂ ਤੱਕ ਜਾਇਜ਼ ਹੈ? ਇਸ ਮੌਕੇ ਭੁਪਿੰਦਰ ਸਿੰਘ ਦੌਲਤਪੁਰਾ ਨੇ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਕੀਤੇ ਗਏ ਸਬੰਧਤ ਦਸਤਾਵੇਜ਼ ਵੀ ਪ੍ਰੈੱਸ ਦੇ ਸਾਹਮਣੇ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਵਿਚ ਦਰਜ ਹਦਾਇਤਾਂ ਅਤੇ ਨਿਰਧਾਰਤ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕਿਸਾਨਾਂ ਸਬੰਧੀ ਕੋਈ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਦਾਲਤੀ ਹਦਾਇਤਾਂ ਦੀ ਆੜ ਵਿੱਚ ਕਿਸਾਨਾਂ ਨਾਲ ਧੱਕੇਸ਼ਾਹੀ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਪ੍ਰਸ਼ਾਸਨ ਨੂੰ ਕਾਨੂੰਨ ਦੀ ਸਹੀ ਭਾਵਨਾ ਅਨੁਸਾਰ ਕੰਮ ਕਰਨਾ ਚਾਹੀਦਾ ਹੈ। ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀਕਿ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦੇ ਲੱਗੇ ਦੋਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਪੁਲਿਸ ਅਧਿਕਾਰੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ ਸਾਬਤ ਹੋਣ ਦੀ ਸੂਰਤ ਵਿਚ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਜਲਦ ਇਸ ਮਾਮਲੇ ਵਿਚ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਸਬੰਧਤ ਪੁਲਿਸ ਅਧਿਕਾਰੀਆਂ ਅਤੇ ਪ੍ਰਸ਼ਾਸਨ ਵਿਰੁੱਧ ਘਿਰਾਓ ਸਮੇਤ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਸੰਘਰਸ਼ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਚੋਟੀਆਂ ਖੁਰਦ ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਵੀ ਹਾਜ਼ਰ ਸਨ।