ਪੰਜਾਬ ਰੋਡਵੇਜ਼-ਪਨਬਸ ਦੇ ਕੱਚੇ ਕਾਮਿਆਂ ਦੀ ਹੜਤਾਲ, ਮੋਗਾ ਬੱਸ ਅੱਡੇ ’ਤੇ ਸਵਾਰੀਆਂ ਹੋਈਆਂ ਖੱਜਲ-ਖੁਆਰ; ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ
ਹੜਤਾਲ ਕਾਰਨ ਬੱਸ ਅੱਡੇ ’ਤੇ ਪਹੁੰਚ ਰਹੀਆਂ ਸਵਾਰੀਆਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਹੋਰ ਸਾਧਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਖ਼ਾਸ ਕਰਕੇ ਰੋਜ਼ਾਨਾ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵਧੇਰੇ ਦਿੱਕਤਾਂ ਆ ਰਹੀਆਂ ਹਨ। ਬੱਸਾਂ ਦੀ ਉਡੀਕ ਕਰ ਰਹੀਆਂ ਸਵਾਰੀਆਂ ਨੂੰ ਇਹ ਵੀ ਪਤਾ ਨਹੀਂ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਆਪਣੀ ਮੰਜ਼ਿਲ ਲਈ ਬੱਸ ਕਦੋਂ ਮਿਲੇਗੀ।
Publish Date: Wed, 21 Oct 2026 11:46 AM (IST)
Updated Date: Wed, 21 Oct 2026 12:00 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ। ਪੰਜਾਬ ਰੋਡਵੇਜ਼ ਪਨਬਸ ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਕਾਰਨ ਮੋਗਾ ਦੇ ਬੱਸ ਅੱਡੇ ’ਤੇ ਸਫ਼ਰ ਕਰਨ ਵਾਲੀਆਂ ਸਵਾਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਸ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਆਪਣੇ ਕੰਮਾਂ-ਕਾਰਾਂ, ਦਫ਼ਤਰਾਂ ਅਤੇ ਹੋਰ ਜ਼ਰੂਰੀ ਕੰਮਾਂ ਲਈ ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੜਤਾਲ ਕਾਰਨ ਬੱਸ ਅੱਡੇ ’ਤੇ ਪਹੁੰਚ ਰਹੀਆਂ ਸਵਾਰੀਆਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਹੋਰ ਸਾਧਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਖ਼ਾਸ ਕਰਕੇ ਰੋਜ਼ਾਨਾ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵਧੇਰੇ ਦਿੱਕਤਾਂ ਆ ਰਹੀਆਂ ਹਨ। ਬੱਸਾਂ ਦੀ ਉਡੀਕ ਕਰ ਰਹੀਆਂ ਸਵਾਰੀਆਂ ਨੂੰ ਇਹ ਵੀ ਪਤਾ ਨਹੀਂ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਆਪਣੀ ਮੰਜ਼ਿਲ ਲਈ ਬੱਸ ਕਦੋਂ ਮਿਲੇਗੀ।
ਦੂਜੇ ਪਾਸੇ ਹੜਤਾਲ ’ਤੇ ਗਏ ਕੱਚੇ ਕਾਮਿਆਂ ਮੋਗਾ ਡਿਪੂ ਦੇ ਸੈਕਟਰੀ ਗੁਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਲਗਾਤਾਰ ਲਾਰੇ ਲਾਏ ਜਾ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੱਢਿਆ ਜਾ ਰਿਹਾ।
ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਤੋਂ ਜਲਦ ਮੰਗਾਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ ਤਾਂ ਜੋ ਮੁਲਾਜ਼ਮਾਂ ਨੂੰ ਰਾਹਤ ਮਿਲ ਸਕੇ ਅਤੇ ਆਮ ਲੋਕਾਂ ਨੂੰ ਵੀ ਬੱਸ ਸੇਵਾਵਾਂ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਮਿਲੇ।
ਹੜਤਾਲ ਕਾਰਨ ਜਿੱਥੇ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ, ਉੱਥੇ ਹੀ ਇਸ ਦਾ ਸਿੱਧਾ ਅਸਰ ਆਮ ਸਵਾਰੀਆਂ ’ਤੇ ਪੈ ਰਿਹਾ ਹੈ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀ ਕਦਮ ਚੁੱਕੇ ਜਾਂਦੇ ਹਨ ਅਤੇ ਬੱਸ ਸੇਵਾਵਾਂ ਕਦੋਂ ਆਮ ਵਾਂਗ ਬਹਾਲ ਹੁੰਦੀਆਂ ਹਨ।