- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਘਨੱਈਆ ਜੀ ਜਲ ਸੇਵਾ ਸੋਸਾਇਟੀ ਜੱਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਈ ਘਨੱਈਆ ਜੀ ਜਲ ਸੇਵਾ ਸੋਸਾਇਟੀ ਜੱਥਾ ਮੋਗਾ ਦੇ ਸਾਬਕਾ ਪ੍ਰਧਾਨ ਅਤੇ ਸਮਾਜ ਸੇਵੀ ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਭਾਈ ਘਨੱਈਆ ਜੀ ਵੱਲੋਂ ਮਨੁੱਖਤਾ ਦੀ ਨਿਸ਼ਕਾਮ ਸੇਵਾ ਲਈ ਦਰਸਾਇਆ ਗਿਆ ਮਾਰਗ ਅੱਜ ਵੀ ਸਮਾਜ ਲਈ ਵੱਡੀ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਨੇ ਜੰਗ ਦੇ ਮੈਦਾਨ ਵਿਚ ਵੀ ਧਰਮ, ਜਾਤ-ਪਾਤ ਅਤੇ ਵੈਰ-ਵਿਰੋਧ ਤੋਂ ਉੱਪਰ ਉੱਠ ਕੇ ਹਰ ਜ਼ਖ਼ਮੀ ਮਨੁੱਖ ਨੂੰ ਮਨੁੱਖ ਸਮਝਦਿਆਂ ਪਾਣੀ ਪਿਲਾਇਆ ਅਤੇ ਉਸ ਦੀ ਸੇਵਾ ਕੀਤੀ। ਉਨ੍ਹਾਂ ਦੀ ਇਹ ਮਹਾਨ ਸੇਵਾ-ਭਾਵਨਾ ਅੱਜ ਵੀ ਲੋਕਾਂ ਨੂੰ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦਾ ਸੰਦੇਸ਼ ਦਿੰਦੀ ਹੈ। ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਸਮਰੱਥਾ ਅਨੁਸਾਰ ਭਾਈ ਘਨੱਈਆ ਜੀ ਦੀ ਸੇਵਾ-ਭਾਵਨਾ ਨੂੰ ਆਪਣੇ ਜੀਵਨ ਵਿੱਚ ਅਮਲੀ ਰੂਪ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੇਵਾ ਦਾ ਅਸਲ ਮਕਸਦ ਕਿਸੇ ਉੱਤੇ ਅਹਿਸਾਨ ਕਰਨਾ ਨਹੀਂ, ਬਲਕਿ ਲੋੜਵੰਦ ਮਨੁੱਖ ਦੀ ਮੁਸ਼ਕਲ ਘੜੀ ਵਿੱਚ ਉਸ ਦੇ ਨਾਲ ਖੜ੍ਹਨਾ ਹੈ। ਉਨ੍ਹਾਂ ਦੱਸਿਆ ਕਿ ਉਹ ਮੋਗਾ ਸ਼ਹਿਰ ਵਿਚ ਨੈਸ਼ਨਲ ਕਲੀਨਿਕਲ ਲੈਬ ਚਲਾ ਰਹੇ ਹਨ ਅਤੇ ਲੈਬ ਵਿਚ ਵੀ ਮਨੁੱਖਤਾ ਦੀ ਸੇਵਾ ਦੀ ਇਸ ਸੋਚ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ ਲੈਬ ਵਿਚ ਆ ਕੇ ਦੱਸਦਾ ਹੈ ਕਿ ਉਸ ਕੋਲ ਜ਼ਰੂਰੀ ਮੈਡੀਕਲ ਟੈਸਟ ਕਰਵਾਉਣ ਲਈ ਪੈਸੇ ਨਹੀਂ ਹਨ ਤਾਂ ਅਜਿਹੇ ਲੋੜਵੰਦ ਮਰੀਜ਼ਾਂ ਦੇ ਜ਼ਰੂਰੀ ਟੈਸਟ ਬਿਨ੍ਹਾਂ ਕਿਸੇ ਫੀਸ ਤੋਂ ਮੁਫ਼ਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਭਾਈ ਘਨੱਈਆ ਜੀ ਦੀ ਸੇਵਾ ਸਾਨੂੰ ਇਹ ਸਿੱਖਿਆ ਦਿੰਦੀ ਹੈ ਕਿ ਲੋੜਵੰਦ ਦੀ ਮਦਦ ਕਰਦੇ ਸਮੇਂ ਉਸ ਦੀ ਪਹਿਚਾਣ, ਧਰਮ, ਜਾਤ ਜਾਂ ਕਿਸੇ ਹੋਰ ਭੇਦਭਾਵ ਨੂੰ ਨਹੀਂ ਦੇਖਣਾ ਚਾਹੀਦਾ। ਜਿੱਥੇ ਕਿਸੇ ਮਨੁੱਖ ਨੂੰ ਸਹਾਰੇ ਦੀ ਲੋੜ ਹੋਵੇ, ਉੱਥੇ ਆਪਣੀ ਸਮਰੱਥਾ ਅਨੁਸਾਰ ਉਸ ਦੀ ਮਦਦ ਕਰਨਾ ਹੀ ਸੱਚੀ ਮਨੁੱਖਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਮਹਿੰਗੇ ਇਲਾਜ ਅਤੇ ਦਵਾਈਆਂ ਕਾਰਨ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਹਾਲਾਤ ਵਿਚ ਜੇਕਰ ਸਮਾਜ ਦੇ ਸਮਰੱਥ ਲੋਕ ਆਪਣੀ ਆਮਦਨ ਵਿੱਚੋਂ ਕੁਝ ਹਿੱਸਾ ਲੋੜਵੰਦਾਂ ਦੀ ਸਹਾਇਤਾ ਲਈ ਕੱਢਣ ਤਾਂ ਬਹੁਤ ਸਾਰੇ ਗਰੀਬ ਪਰਿਵਾਰਾਂ ਨੂੰ ਇਲਾਜ ਅਤੇ ਹੋਰ ਜ਼ਰੂਰੀ ਲੋੜਾਂ ਪੂਰੀਆਂ ਕਰਨ ਵਿਚ ਸਹਾਰਾ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਉਨ੍ਹਾਂ ਦੀ ਯਾਦ ਵਿੱਚ ਸਮਾਗਮ ਕਰਨ ਜਾਂ ਉਨ੍ਹਾਂ ਦੀ ਸੇਵਾ-ਭਾਵਨਾ ਦੀ ਗੱਲ ਕਰਨ ਨਾਲ ਨਹੀਂ, ਸਗੋਂ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲ ਕੇ ਮਨੁੱਖਤਾ ਦੀ ਸੇਵਾ ਕਰਨ ਨਾਲ ਮਿਲ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਮਰੱਥਾ ਮੁਤਾਬਕ ਲੋੜਵੰਦਾਂ ਦੀ ਮਦਦ ਕਰਨ ਅਤੇ ਸਮਾਜ ਵਿਚ ਸੇਵਾ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ।