- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰ ਸਾਲ ਝੋਨੇ ਦੀ ਕਟਾਈ ਦਾ ਸੀਜ਼ਨ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਹਰ ਸਾਲ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਪਰਾਲੀ ਦੇ ਪ੍ਰਬੰਧਨ ਦਾ ਮਸਲਾ ਇੱਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਲੈਂਦਾ ਹੈ। ਕਈ ਥਾਵਾਂ ’ਤੇ ਕਿਸਾਨਾਂ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਅੱਗ ਲਗਾ ਕੇ ਸਾੜ ਦਿੱਤਾ ਜਾਂਦਾ ਹੈ, ਜਿਸ ਕਾਰਨ ਹਵਾ ਵਿਚ ਜ਼ਹਿਰੀਲੇ ਧੂੰਏਂ ਦੀ ਮਾਤਰਾ ਵਧ ਜਾਂਦੀ ਹੈ। ਇਸ ਦਾ ਅਸਰ ਸਿਰਫ਼ ਖੇਤਾਂ ਜਾਂ ਕਿਸੇ ਇਕ ਪਿੰਡ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਆਸ-ਪਾਸ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਵੀ ਇਸ ਦੇ ਮਾੜੇ ਨਤੀਜੇ ਭੁਗਤਣੇ ਪੈਂਦੇ ਹਨ। ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਧੂੰਏਂ ਵਿਚ ਕਾਰਬਨ ਮੋਨੋਆਕਸਾਈਡ, ਕਾਰਬਨ ਡਾਈਆਕਸਾਈਡ, ਮੀਥੇਨ ਅਤੇ ਹੋਰ ਪ੍ਰਦੂਸ਼ਕ ਤੱਤ ਸ਼ਾਮਲ ਹੋ ਸਕਦੇ ਹਨ। ਇਹ ਹਵਾ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰਦੇ ਹਨ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਦਮੇ ਜਾਂ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਪ੍ਰਦੂਸ਼ਿਤ ਹਵਾ ਵਧੇਰੇ ਨੁਕਸਾਨਦਾਇਕ ਸਾਬਤ ਹੋ ਸਕਦੀ ਹੈ। ਲਗਾਤਾਰ ਧੂੰਏਂ ਵਾਲੇ ਮਾਹੌਲ ਵਿੱਚ ਰਹਿਣ ਕਾਰਨ ਲੋਕਾਂ ਨੂੰ ਖੰਘ, ਗਲੇ ਵਿੱਚ ਖਰਾਸ਼, ਅੱਖਾਂ ਵਿੱਚ ਜਲਣ, ਸਾਹ ਚੜ੍ਹਨ ਅਤੇ ਛਾਤੀ ਵਿੱਚ ਜਕੜਨ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਮੇ ਦੇ ਮਰੀਜ਼ਾਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਛੋਟੇ ਬੱਚਿਆਂ ਦੀ ਸਿਹਤ ਉੱਤੇ ਵੀ ਇਸ ਦਾ ਮਾੜਾ ਪ੍ਰਭਾਵ ਪੈਣ ਦਾ ਖ਼ਦਸ਼ਾ ਰਹਿੰਦਾ ਹੈ। ਸਾਫ਼ ਹਵਾ ਹਰ ਮਨੁੱਖ ਦਾ ਬੁਨਿਆਦੀ ਹੱਕ ਹੈ, ਇਸ ਲਈ ਇਸ ਦੀ ਸੁਰੱਖਿਆ ਲਈ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਪਰਾਲੀ ਸਾੜਨ ਦਾ ਇਕ ਹੋਰ ਗੰਭੀਰ ਨਤੀਜਾ ਸੜਕਾਂ ਉੱਤੇ ਦਿਖਾਈ ਦਿੰਦਾ ਹੈ। ਇਸ ਲਈ ਸੜਕਾਂ ਦੇ ਨੇੜੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਵਿਸ਼ੇਸ਼ ਤੌਰ ’ਤੇ ਗੁਰੇਜ਼ ਕਰਨਾ ਚਾਹੀਦਾ ਹੈ। ਲੋਕਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਜਿਹੇ ਵਿਚ ਪਰਾਲੀ ਨੂੰ ਖੇਤਾਂ ਵਿਚੋਂ ਹਟਾਉਣ ਜਾਂ ਇਸ ਦਾ ਸੁਚੱਜਾ ਪ੍ਰਬੰਧ ਕਰਨ ਲਈ ਲੋੜੀਂਦੀ ਮਸ਼ੀਨਰੀ, ਡੀਜ਼ਲ ਅਤੇ ਮਜ਼ਦੂਰੀ ਉੱਤੇ ਕਾਫ਼ੀ ਖਰਚਾ ਆਉਂਦਾ ਹੈ। ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਇਹ ਖਰਚਾ ਚੁੱਕਣਾ ਆਸਾਨ ਨਹੀਂ ਹੁੰਦਾ। ਕਿਸਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦਾ ਸ਼ੌਂਕ ਨਹੀਂ, ਸਗੋਂ ਕਈ ਵਾਰ ਸਮੇਂ ਦੀ ਘਾਟ ਅਤੇ ਆਰਥਿਕ ਮਜਬੂਰੀ ਕਾਰਨ ਅਜਿਹੇ ਹਾਲਾਤ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵੀ ਸਾਫ਼-ਸੁਥਰੇ ਵਾਤਾਵਰਨ ਵਿੱਚ ਰਹਿਣਾ ਚਾਹੁੰਦੇ ਹਨ ਅਤੇ ਉਹ ਆਪਣੇ ਪਰਿਵਾਰਾਂ ਤੇ ਬੱਚਿਆਂ ਦੀ ਸਿਹਤ ਪ੍ਰਤੀ ਚਿੰਤਤ ਹਨ। ਪਰਾਲੀ ਦੇ ਪ੍ਰਬੰਧਨ ਲਈ ਆਉਣ ਵਾਲਾ ਖਰਚਾ ਉਨ੍ਹਾਂ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਬਸਿਡੀ ਉੱਤੇ ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਅਤੇ ਪਰਾਲੀ ਦੇ ਪ੍ਰਬੰਧਨ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾਵੇ। ਇਸ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ, ਸਹਿਕਾਰੀ ਸਭਾਵਾਂ, ਨੌਜਵਾਨ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਿੰਡਾਂ ਵਿਚ ਸਾਂਝੀ ਖੇਤੀ ਮਸ਼ੀਨਰੀ ਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਛੋਟੇ ਕਿਸਾਨ ਵੀ ਘੱਟ ਖਰਚੇ ’ਤੇ ਪਰਾਲੀ ਦਾ ਪ੍ਰਬੰਧਨ ਕਰ ਸਕਣ। ਅੰਤ ਵਿਚ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸਾਫ਼ ਹਵਾ, ਸਿਹਤਮੰਦ ਜੀਵਨ ਅਤੇ ਉਪਜਾਊ ਧਰਤੀ ਸਾਡੇ ਸਾਰਿਆਂ ਲਈ ਬੇਹੱਦ ਜ਼ਰੂਰੀ ਹਨ। ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਉਸ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।