- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਡੀ ਕਾਲਜ ਫਾਰ ਵੋਮੈਨ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਐੱਸਡੀ ਕਾਲਜ ਫਾਰ ਵੋਮੈਨ ਮੋਗਾ ਦੀ ਵਿਦਿਆਰਥਣ ਜਸਲੀਨ ਕੌਰ ਨੇ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਪ੍ਰਾਪਤੀ ਵਿਦਿਆਰਥਣ ਨੇ ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਆਯੋਜਿਤ ‘ਵਿਕਸਿਤ ਭਾਰਤ ਯੁਵਾ ਪਾਰਲੀਮੈਂਟ-2027’ ਦੇ ਤਹਿਤ ‘ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ’ ਭਾਸ਼ਣ ਪ੍ਰਤੀਯੋਗਤਾ ਵਿਚ ਹਾਸਲ ਕੀਤੀ। ਇਸ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਦਾ ਆਯੋਜਨ ਡੀਐੱਮ ਕਾਲਜ ਆਫ਼ ਐਜੂਕੇਸ਼ਨ ਵਿਖੇ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਜਸਲੀਨ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਨੌਜਵਾਨਾਂ ਵਿਚ ਆਤਮ-ਵਿਸ਼ਵਾਸ, ਲੀਡਰਸ਼ਿਪ ਦੀ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਵਿਕਸਿਤ ਭਾਰਤ ਯੁਵਾ ਪਾਰਲੀਮੈਂਟ ਦਾ ਮੁੱਖ ਉਦੇਸ਼ ਨੌਜਵਾਨ ਵਰਗ ਵਿਚ ਲੋਕਤੰਤਰੀ ਕਦਰਾਂ-ਕੀਮਤਾਂ, ਲੀਡਰਸ਼ਿਪ ਦੇ ਗੁਣਾਂ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਵਿਦਿਆਰਥਣ ਨੇ ਯੂਥ ਵੈੱਲਫੇਅਰ ਸੈੱਲ ਦੇ ਇੰਚਾਰਜ ਡਾ. ਪਲਵਿੰਦਰ ਕੌਰ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਇਸ ਪ੍ਰਤੀਯੋਗਤਾ ਵਿਚ ਭਾਗ ਲਿਆ।