ਭਾਰਤ ਦੀ ਆਜ਼ਾਦੀ ਦੇ ਇਤਿਹਾਸ ’ਚ ਪੱਤਰਕਾਰੀ ਦਾ ਯੋਗਦਾਨ ਅਭੁੱਲਣਯੋਗ : ਗਰਗ ਡਾ. ਸੈਫੂਦੀਨ ਕਿਚਲੂ ਪਬਲਿਕ
Publish Date: Wed, 18 Nov 2026 04:40 PM (IST)
Updated Date: Thu, 19 Nov 2026 04:01 AM (IST)
ਰਾਸ਼ਟਰੀ ਪ੍ਰੈੱਸ ਦਿਵਸ ਮੌਕੇ ਵਿਦਿਆਰਥੀਆਂ ਨੂੰ ਪੱਤਰਕਾਰੀ ਦੀ ਮਹੱਤਤਾ ਬਾਰੇ ਕਰਵਾਇਆ ਜਾਣੂੰ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਰਾਸ਼ਟਰੀ ਪ੍ਰੈੱਸ ਦਿਵਸ ਦੇ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਅਤੇ ਡਾਇਰੈਕਟਰ ਸੁਨੀਤਾ ਰਾਣੀ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੱਕ ਗਿਆਨਵਰਧਕ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰੈੱਸ ਦੀ ਆਜ਼ਾਦੀ, ਨਿਰਪੱਖ ਪੱਤਰਕਾਰੀ, ਲੋਕਤੰਤਰੀ ਪ੍ਰਣਾਲੀ ਵਿਚ ਮੀਡੀਆ ਦੀ ਭੂਮਿਕਾ ਅਤੇ ਸਮਾਜ ਪ੍ਰਤੀ ਪੱਤਰਕਾਰਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇਹ ਸਮਝਾਉਣਾ ਸੀ ਕਿ ਆਜ਼ਾਦ ਪ੍ਰੈੱਸ ਸਿਰਫ਼ ਖ਼ਬਰਾਂ ਪ੍ਰਕਾਸ਼ਿਤ ਕਰਨ ਦਾ ਸਾਧਨ ਨਹੀਂ, ਸਗੋਂ ਲੋਕਤੰਤਰ ਦੀ ਰੱਖਿਆ ਕਰਨ, ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਨ, ਸਰਕਾਰ ਅਤੇ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦਾ ਇੱਕ ਮਹੱਤਵਪੂਰਨ ਆਧਾਰ ਹੈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਹਰ ਸਾਲ 16 ਨਵੰਬਰ ਨੂੰ ਰਾਸ਼ਟਰੀ ਪ੍ਰੈੱਸ ਦਿਵਸ ਮਨਾਇਆ ਜਾਂਦਾ ਹੈ। ਇਸੇ ਦਿਨ ਸਾਲ 1966 ਵਿਚ ਭਾਰਤੀ ਪ੍ਰੈੱਸ ਕੌਂਸਲ ਨੇ ਕੰਮ ਕਰਨਾ ਸ਼ੁਰੂ ਕੀਤਾ ਸੀ। ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਦੇਸ਼ ਵਿਚ ਆਜ਼ਾਦ, ਨਿਰਪੱਖ ਅਤੇ ਜ਼ਿੰਮੇਵਾਰ ਪੱਤਰਕਾਰੀ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਪੱਤਰਕਾਰੀ ਦੇ ਉੱਚ ਨੈਤਿਕ ਮਿਆਰਾਂ ਨੂੰ ਕਾਇਮ ਰੱਖਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਲੋਕਤੰਤਰ ਵਿਚ ਪ੍ਰੈੱਸ ਨੂੰ ਚੌਥਾ ਥੰਮ੍ਹ ਕਿਹਾ ਜਾਂਦਾ ਹੈ ਕਿਉਂਕਿ ਵਿਧਾਨਪਾਲਿਕਾ, ਕਾਰਜਪਾਲਿਕਾ ਅਤੇ ਨਿਆਂਪਾਲਿਕਾ ਦੇ ਨਾਲ-ਨਾਲ ਮੀਡੀਆ ਵੀ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਚੇਅਰਮੈਨ ਐਡਵੋਕੇਟ ਸੁਨੀਲ ਕੁਮਾਰ ਗਰਗ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਜ਼ਾਦ ਪ੍ਰੈੱਸ ਕਿਸੇ ਵੀ ਜੀਵੰਤ ਲੋਕਤੰਤਰ ਦੀ ਆਤਮਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੇ ਇਤਿਹਾਸ ਵਿੱਚ ਪੱਤਰਕਾਰੀ ਦਾ ਯੋਗਦਾਨ ਅਭੁੱਲਣਯੋਗ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਗੱਲ ਤੱਥਾਂ ਅਤੇ ਤਰਕ ਦੇ ਆਧਾਰ ’ਤੇ ਪੇਸ਼ ਕਰਨ, ਦੂਜਿਆਂ ਦੇ ਵਿਚਾਰਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿਚ ਉਸਾਰੂ ਸੰਵਾਦ ਨੂੰ ਉਤਸ਼ਾਹਿਤ ਕਰਨ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਸੱਚਾਈ, ਨਿਰਪੱਖਤਾ, ਜ਼ਿੰਮੇਵਾਰੀ ਅਤੇ ਨੈਤਿਕਤਾ ’ਤੇ ਆਧਾਰਿਤ ਜਾਣਕਾਰੀ ਨੂੰ ਅਪਣਾਉਣ ਅਤੇ ਜਾਅਲੀ ਖ਼ਬਰਾਂ ਤੇ ਅਫ਼ਵਾਹਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।