ਵਿਦਿਆਰਥਣਾਂ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਲਿਆ ਪ੍ਰਣ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ
Publish Date: Tue, 03 Nov 2026 04:50 PM (IST)
Updated Date: Wed, 04 Nov 2026 04:02 AM (IST)
ਪਰਵਿੰਦਰ ਸਿੰਘ ਝੋਟੇ ਦੇ ਬੁੱਤ ਨਾਲ ਫੋਟੋ ਖਿਚਵਾ ਕੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਦਿੱਤਾ ਸੰਦੇਸ਼ ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ : ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੱਲ ਕਲਾਂ ਦੀਆਂ ਵਿਦਿਆਰਥਣਾਂ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾਈ। ਇਸ ਮੌਕੇ ਵਿਦਿਆਰਥਣਾਂ ਨੇ ਮਨਜੀਤ ਸਿੰਘ ਗਿੱਲ ਵੱਲੋਂ ਪਰਵਿੰਦਰ ਸਿੰਘ ਝੋਟੇ ਦੇ ਬੁੱਤ ਨਾਲ ਫੋਟੋ ਖਿਚਵਾਈ ਅਤੇ ਪ੍ਰਣ ਕੀਤਾ ਕਿ ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ। ਵਿਦਿਆਰਥਣਾਂ ਨੇ ਕਿਹਾ ਕਿ ਨਸ਼ੇ ਅੱਜ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣੇ ਹੋਏ ਹਨ। ਇਸ ਬੁਰਾਈ ਨੂੰ ਖ਼ਤਮ ਕਰਨ ਲਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੇ ਯਤਨ ਹੀ ਕਾਫ਼ੀ ਨਹੀਂ, ਸਗੋਂ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਮੁਹਿੰਮ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਵਿਦਿਆਰਥਣਾਂ ਨੇ ਇਹ ਵੀ ਸੰਕਲਪ ਲਿਆ ਕਿ ਉਹ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਪਿੰਡ ਦੇ ਹੋਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੀਆਂ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਹਰ ਵਿਦਿਆਰਥੀ ਆਪਣੇ ਪੱਧਰ ਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰੇ ਤਾਂ ਸਮਾਜ ਵਿੱਚ ਵੱਡੀ ਤਬਦੀਲੀ ਲਿਆਂਦੀ ਜਾ ਸਕਦੀ ਹੈ।ਇਸ ਮੌਕੇ ਵਿਦਿਆਰਥਣਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਭੂਮਿਕਾ ਨਿਭਾਉਣ ਦਾ ਅਹਿਦ ਲੈਂਦਿਆਂ ਲੋਕਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ।