ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਝੰਡੀ, ਜਿੱਤੇ 4 ਤਮਗੇ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ
Publish Date: Tue, 24 Nov 2026 04:32 PM (IST)
Updated Date: Tue, 24 Nov 2026 04:34 PM (IST)
ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਮੋਗਾ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੀਮ ਨਗਰ ਮੋਗਾ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਰ ਤਮਗੇ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਹੁਸ਼ਿਆਰਪੁਰ ਵਿਖੇ ਕਰਵਾਈਆਂ ਗਈਆਂ ਇਨ੍ਹਾਂ ਰਾਜ ਪੱਧਰੀ ਖੇਡਾਂ ਵਿਚ ਵਿਦਿਆਰਥੀਆਂ ਨੇ ਬਲਾਕ ਅਤੇ ਜ਼ਿਲ੍ਹਾ ਪੱਧਰ ਦੀ ਸਫ਼ਲਤਾ ਨੂੰ ਬਰਕਰਾਰ ਰੱਖਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਮੁਕਾਬਲਿਆਂ ਦੌਰਾਨ ਸਕੂਲ ਦੇ ਹੋਣਹਾਰ ਖਿਡਾਰੀ ਸਾਹਿਬਜੋਤ ਸਿੰਘ ਨੇ 200 ਮੀਟਰ ਦੌੜ ਅਤੇ ਲੌਂਗ ਜੰਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਦੋ ਸੋਨ ਤਮਗੇ ਆਪਣੇ ਨਾਮ ਕੀਤੇ। ਇਸੇ ਤਰ੍ਹਾਂ ਵਿਦਿਆਰਥੀ ਈਸ਼ਾਨ ਨੇ 100 ਮੀਟਰ ਦੌੜ ਅਤੇ ਸ਼ਾਟ ਪੁੱਟ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਦਿਆਂ ਦੋ ਕਾਂਸੀ ਦੇ ਤਮਗੇ ਜਿੱਤੇ। ਜੇਤੂ ਖਿਡਾਰੀਆਂ ਦੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਡਾ. ਮਨਜੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਪ੍ਰਿੰਸੀਪਲ ਡਾ. ਮਨਜੀਤ ਕੌਰ ਨੇ ਦੂਜੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪ੍ਰਮਾਤਮਾ ਨੇ ਸਾਰਿਆਂ ਨੂੰ ਬਰਾਬਰ ਦੇ ਅੰਗ ਦਿੱਤੇ ਹਨ, ਜਦਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿਚ ਕੋਈ ਨਾ ਕੋਈ ਕਮੀ ਹੁੰਦੀ ਹੈ। ਇਸ ਦੇ ਬਾਵਜੂਦ ਇੰਨ੍ਹਾਂ ਬੱਚਿਆਂ ਨੇ ਵੱਡੀਆਂ ਪ੍ਰਾਪਤੀਆਂ ਕਰਕੇ ਇਹ ਸਾਬਤ ਕੀਤਾ ਹੈ ਕਿ ਕੋਈ ਵੀ ਬੱਚਾ ਕਮਜ਼ੋਰ ਜਾਂ ਅਸਮਰੱਥ ਨਹੀਂ ਹੁੰਦਾ, ਸਗੋਂ ਹਰ ਬੱਚੇ ਅੰਦਰ ਕੋਈ ਨਾ ਕੋਈ ਵਿਸ਼ੇਸ਼ ਹੁਨਰ ਛੁਪਿਆ ਹੁੰਦਾ ਹੈ, ਜਿਸ ਨੂੰ ਸਿਰਫ਼ ਸਹੀ ਦਿਸ਼ਾ ਅਤੇ ਮੌਕੇ ਦੇਣ ਦੀ ਲੋੜ ਹੁੰਦੀ ਹੈ। ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਮਾਪਿਆਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।