ਅਕਾਲੀ ਦਲ ਦੀ ਰੈਲੀ ਸਬੰਧੀ ਤਿਆਰੀਆਂ ਤੇਜ਼
22 ਮਾਰਚ ਨੂੰ ਹਲਕਾ ਮੋਗਾ ਦੀ ਨਵੀਂ
Publish Date: Wed, 18 Mar 2026 03:40 PM (IST)
Updated Date: Thu, 19 Mar 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: 22 ਮਾਰਚ ਨੂੰ ਹਲਕਾ ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਕਾਮਯਾਬ ਬਣਾਉਣ ਲਈ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਵੱਲੋਂ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਪਿੰਡ ਪਿੰਡ ਅਤੇ ਸ਼ਹਿਰੀ ਇਲਾਕਿਆਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਅਕਾਲੀ ਦਲ ਦੇ ਵਰਕਰਾਂ ਦੀ ਭਰਵੀਂ ਸ਼ਮੂਲੀਅਤ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਦਿਨਾਂ ਵਾਰਡ ਨੰਬਰ 19/20 ਰਾਮਗੰਜ ਦੇ ਗੁਰਦੁਆਰਾ ਰਾਜਪੂਤਾਂ ਜੀ ਵਿਖੇ ਰੱਖੀ ਗਈ ਨੁੱਕੜ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਸੰਨੀ ਗਿੱਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਕਾਫ਼ੀ ਖ਼ਰਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਗੁੰਡਾ ਅਨਸਰ ਦਿਨ ਦਿਹਾੜੇ ਅਸਲਾ ਲੈ ਕੇ ਘੁੰਮ ਰਹੇ ਹਨ ਅਤੇ ਲੋਕਾਂ ਦੇ ਜਾਨ ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਚ ਦੇ ਰਸਤੇ ’ਤੇ ਚੱਲਣ ਵਾਲਿਆਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਨਸ਼ਾ ਤੇ ਰਿਸ਼ਵਤਖ਼ੋਰੀ ਵਰਗੀਆਂ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਇਸ ਸਥਿਤੀ ਤੋਂ ਬਚਾਇਆ ਜਾ ਸਕਦਾ ਹੈ ਤਾਂ ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਕਰ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਭਵਿੱਖ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੁਰੱਖਿਅਤ ਹੈ। ਸੰਨੀ ਗਿੱਲ ਨੇ ਦੱਸਿਆ ਕਿ 22 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਇਸ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂ ਸ਼ਮੂਲੀਅਤ ਕਰਨਗੇ। ਉਨ੍ਹਾਂ ਨੇ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਰੈਲੀ ’ਚ ਪਹੁੰਚ ਕੇ ਇਸਨੂੰ ਕਾਮਯਾਬ ਬਣਾਉਣ। ਇਸ ਮੌਕੇ ਮਨਜੀਤ ਸਿੰਘ ਧੰਮੂ ਐੱਮਸੀ ਨੇ ਸੰਨੀ ਗਿੱਲ ਨੂੰ ਭਰੋਸਾ ਦਵਾਇਆ ਕਿ ਵਾਰਡ ਨੰਬਰ 19/20 ਤੋਂ ਵੱਡੀ ਗਿਣਤੀ ਵਿਚ ਲੋਕ ਰੈਲੀ ’ਚ ਸ਼ਮੂਲੀਅਤ ਕਰਨਗੇ। ਮੀਟਿੰਗ ਦੌਰਾਨ ਹਾਜ਼ਰਾਂ ਵੱਲੋਂ ਸੰਨੀ ਗਿੱਲ ਦਾ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ।