‘ਟੈਲੀ ਮਾਨਸ’ ਨੇ ਮੀਲ ਪੱਥਰ ਸਮਾਪਤ ਕੀਤਾ : ਡਾ. ਮਹਿੰਦਰਾ
ਸਿਹਤ ਅਤੇ ਪਰਿਵਾਰ ਭਲਾਈ
Publish Date: Thu, 19 Feb 2026 04:08 PM (IST)
Updated Date: Fri, 20 Feb 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ 'ਟੈਲੀ-ਮਾਨਸ' ਪ੍ਰੋਜੈਕਟ ਇਕ ਕ੍ਰਾਂਤੀਕਾਰੀ ਕਦਮ ਸਾਬਤ ਹੋ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਮੋਗਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਕ ਟੋਲ-ਫ੍ਰੀ ਹੈਲਪਲਾਈਨ ਸੇਵਾ ਹੈ ਜੋ ਪੂਰੇ ਭਾਰਤ ਵਿਚ 24 ਘੰਟੇ ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਉਨ੍ਹਾਂ ਦੱਸਿਆ ਕਿ 'ਟੈਲੀ-ਮਾਨਸ ਪੰਜਾਬ' ਨੇ ਇਸ ਸਾਲ ਬਹੁਤ ਵੱਡੀ ਮਾਤਰਾ ਵਿਚ ਕਾਲਾਂ ਪ੍ਰਾਪਤ ਕਰਕੇ ਇਕ ਵੱਡਾ ਮੀਲ ਪੱਥਰ ਸਥਾਪਿਤ ਕੀਤਾ ਹੈ। ਡਾ. ਪ੍ਰਦੀਪ ਕੁਮਾਰ ਮਹਿੰਦਰਾ ਅਨੁਸਾਰ ਇਹ ਸੇਵਾ ਪੰਜਾਬੀ ਸਮੇਤ 20 ਤੋਂ ਵੱਧ ਭਾਸ਼ਾਵਾਂ ਵਿਚ ਉਪਲਬਧ ਹੈ ਅਤੇ ਲੋੜਵੰਦ ਵਿਅਕਤੀ ਟੋਲ-ਫ੍ਰੀ ਨੰਬਰ 14416 ਜਾਂ 1800-89-14416 'ਤੇ ਕਾਲ ਕਰਕੇ ਕਿਸੇ ਵੀ ਸਮੇਂ ਮਾਹਿਰਾਂ ਦੀ ਰਾਏ ਲੈ ਸਕਦੇ ਹਨ। ਇਸ ਮੌਕੇ ਸਿਵਲ ਸਰਜਨ ਪਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਮਰੀਜ਼ ਦੀ ਨਿੱਜੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ ਤਾਂ ਜੋ ਕੋਈ ਵੀ ਵਿਅਕਤੀ ਬਿਨ੍ਹਾਂ ਕਿਸੇ ਝਿੱਜਕ ਦੇ ਸਹਾਇਤਾ ਪ੍ਰਾਪਤ ਕਰ ਸਕੇ। ਉਨ੍ਹਾਂ ਕਿਹਾ ਕਿ ਉਪਭੋਗਤਾ ਘਰ ਬੈਠੇ ਹੀ ਆਪਣੇ ਫ਼ੋਨ ਜਾਂ ਮੋਬਾਈਲ ਐਪ ਰਾਹੀਂ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆਵਾਂ ਦਾ ਤਣਾਅ, ਡਿਪਰੈਸ਼ਨ, ਵਿੱਤੀ ਮੁਸ਼ਕਿਲਾਂ ਅਤੇ ਪਰਿਵਾਰਕ ਮਸਲਿਆਂ ਬਾਰੇ ਪੇਸ਼ੇਵਰ ਸਲਾਹਕਾਰਾਂ, ਸਮਾਜ ਸੇਵਕਾਂ ਅਤੇ ਮਨੋਵਿਗਿਆਨੀਆਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਮੋਗਾ ਡਾ. ਰਾਜੇਸ਼ ਮਿੱਤਲ ਨੇ ਜਾਣਕਾਰੀ ਦਿੱਤੀ ਕਿ ਟੈਲੀ-ਮਾਨਸ ਰਾਹੀਂ ਨਾ ਸਿਰਫ਼ ਫੋਨ ’ਤੇ ਸਲਾਹ ਦਿੱਤੀ ਜਾਂਦੀ ਹੈ ਬਲਕਿ ਲੋੜ ਪੈਣ ’ਤੇ ਵੀਡੀਓ ਕਾਲ ਰਾਹੀਂ ਦਵਾਈਆਂ ਬਾਰੇ ਜਾਣਕਾਰੀ ਅਤੇ ਗੰਭੀਰ ਮਾਮਲਿਆਂ ਵਿਚ ਵਿਅਕਤੀਗਤ ਤੌਰ ’ਤੇ ਮਾਹਿਰਾਂ ਨਾਲ ਮਿਲਾਉਣ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਂਦੀ ਹੈ। ਸਿਹਤ ਵਿਭਾਗ ਮੋਗਾ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਮਾਨਸਿਕ ਸਿਹਤ ਨਾਲ ਜੁੜੀ ਕਿਸੇ ਵੀ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਮੁਫ਼ਤ ਸਰਕਾਰੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ ਤਾਂ ਜੋ ਇਕ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।