ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ’ਚ ਪ੍ਰੀਖਿਆਵਾਂ ਸ਼ੁਰੂ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ
Publish Date: Tue, 29 Sep 2026 03:24 PM (IST)
Updated Date: Wed, 30 Sep 2026 04:01 AM (IST)
ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਆਤਮ-ਵਿਸ਼ਵਾਸ ਨਾਲ ਦਿੱਤੀ ਪ੍ਰੀਖਿਆ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਮੋਗਾ ’ਚ ਵਿੱਦਿਅਕ ਸੈਸ਼ਨ 2026-27 ਦੀਆਂ ਟਰਮ-2 ਪ੍ਰੀਖਿਆਵਾਂ ਪੂਰੇ ਉਤਸ਼ਾਹ, ਅਨੁਸ਼ਾਸਨ ਤੇ ਸੁਚੱਜੇ ਢੰਗ ਨਾਲ ਸ਼ੁਰੂ ਹੋ ਗਈਆਂ ਹਨ। ਸਕੂਲ ਦੀਆਂ ਸਾਰੀਆਂ ਜਮਾਤਾਂ ਦੇ ਵਿਦਿਆਰਥੀ ਪੂਰੀ ਤਿਆਰੀ ਅਤੇ ਆਤਮ-ਵਿਸ਼ਵਾਸ ਨਾਲ ਪ੍ਰੀਖਿਆਵਾਂ ’ਚ ਭਾਗ ਲੈ ਰਹੇ ਹਨ। ਪ੍ਰੀਖਿਆਵਾਂ ਨੂੰ ਸੁਚਾਰੂ, ਨਿਰਪੱਖ ਅਤੇ ਵਿਦਿਆਰਥੀਆਂ ਲਈ ਤਣਾਅ-ਮੁਕਤ ਮਾਹੌਲ ’ਚ ਕਰਵਾਉਣ ਲਈ ਸਕੂਲ ਪ੍ਰਬੰਧਕਾਂ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਪ੍ਰੀਖਿਆ ਦੌਰਾਨ ਅਨੁਸ਼ਾਸਨ, ਸਮੇਂ ਦੀ ਪਾਬੰਦੀ ਅਤੇ ਪ੍ਰੀਖਿਆ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਦੱਸਿਆ ਕਿ ਪ੍ਰੀਖਿਆਵਾਂ ਕੇਂਦਰੀ ਮਾਧਿਮਕ ਸਿੱਖਿਆ ਬੋਰਡ ਸੀਬੀਐੱਸਈ ਅਤੇ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਵਿਚ ਵਿਦਿਆਰਥੀਆਂ ਦੀ ਸਿਰਫ਼ ਯਾਦਦਾਸ਼ਤ ਨੂੰ ਪਰਖਣ ਦੀ ਬਜਾਏ ਵਿਸ਼ੇ ਦੀ ਸਮਝ, ਧਾਰਨਾਤਮਕ ਗਿਆਨ ਅਤੇ ਸਿੱਖੀਆਂ ਗੱਲਾਂ ਨੂੰ ਵਿਹਾਰਕ ਤੌਰ ’ਤੇ ਲਾਗੂ ਕਰਨ ਦੀ ਯੋਗਤਾ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਪ੍ਰੀਖਿਆਵਾਂ ਸਿਰਫ਼ ਵਿਦਿਆਰਥੀਆਂ ਦੀ ਯਾਦਦਾਸ਼ਤ ਦੀ ਪਰਖ ਨਹੀਂ ਹੁੰਦੀਆਂ, ਸਗੋਂ ਇਹ ਉਨ੍ਹਾਂ ਨੂੰ ਆਪਣੀ ਸਿੱਖਿਆ, ਸਮਝ ਅਤੇ ਸਮੁੱਚੇ ਵਿਕਾਸ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਨਾਲ ਪ੍ਰੀਖਿਆਵਾਂ ’ਚ ਭਾਗ ਲੈਣ ਅਤੇ ਆਪਣੀ ਮਿਹਨਤ ਅਨੁਸਾਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਟਰਮ-2 ਦੀਆਂ ਪ੍ਰੀਖਿਆਵਾਂ ਮੁਕੰਮਲ ਹੋਣ ਉਪਰੰਤ ਨਤੀਜੇ ਜਲਦ ਹੀ ਐਲਾਨੇ ਜਾਣ ਦੀ ਉਮੀਦ ਹੈ।