557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ
Publish Date: Tue, 24 Nov 2026 03:48 PM (IST)
Updated Date: Tue, 24 Nov 2026 03:49 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਸਿੱਖ ਧਰਮ ਦੇ ਮੋਢੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਦੀ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ਼ਬਦਾਂ ਦਾ ਬਹੁਤ ਹੀ ਸੁਰੀਲੇ ਅਤੇ ਸ਼ਰਧਾਪੂਰਵਕ ਢੰਗ ਨਾਲ ਗਾਇਨ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਗਾਇਆ ਗਿਆ ਸ਼ਬਦ ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ, ਜਿਉਂ ਕਰਿ ਸੂਰਜ ਨਿਕਲਿਆ ਤਾਰੇ ਛਿਪੇ ਅੰਧੇਰ ਪਲੋਆ ਨੇ ਸਮੁੱਚੇ ਮਾਹੌਲ ਨੂੰ ਅਲੌਕਿਕ ਅਤੇ ਰੂਹਾਨੀ ਰੰਗ ਵਿਚ ਰੰਗ ਦਿੱਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ਨੂੰ ਦਰਸਾਉਂਦੇ ਸੁੰਦਰ ਅਤੇ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਮਹਾਨ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤਰ੍ਹਾਂ ਸਮੁੱਚਾ ਸਮਾਗਮ ਧਾਰਮਿਕ ਸ਼ਰਧਾ, ਗਿਆਨ ਅਤੇ ਰੂਹਾਨੀਅਤ ਦਾ ਸੁੰਦਰ ਸੁਮੇਲ ਹੋ ਨਿਬੜਿਆ।