ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਤਿਆਰ ਡਿਪਟੀ ਕਮਿਸ਼ਨਰ -ਕਮ- ਚੇਅਰਮੈਨ
Publish Date: Wed, 05 Aug 2026 04:56 PM (IST)
Updated Date: Wed, 05 Aug 2026 04:58 PM (IST)
ਡੀਸੀ ਨੇ ਰਾਹਤ ਤੇ ਬਚਾਅ ਕਾਰਜਾਂ ਦੀ ਤਿਆਰੀ ਦਾ ਲਿਆ ਜਾਇਜ਼ਾ ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਦੀ ਅਗਵਾਈ ਹੇਠ ਬਰਸਾਤੀ ਮੌਸਮ ਦੌਰਾਨ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਸਾਰੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੀਟਿੰਗ ਵਿਚ ਸਮੂਹ ਐੱਸਡੀਐੱਮਜ਼, ਜ਼ਿਲ੍ਹਾ ਆਫਤ ਪ੍ਰਬੰਧਨ ਅਥਾਰਟੀ ਦੇ ਅਧਿਕਾਰੀ ਤੇ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿਚ ਮੋਗਾ ਡਰੇਨ ਦੀ ਸਫ਼ਾਈ ਅਤੇ ਡੀ-ਸਿਲਟਿੰਗ ਦੀ ਮੌਜੂਦਾ ਸਥਿਤੀ, ਦਰਿਆਵਾਂ ਅਤੇ ਡਰੇਨਾਂ ਦੀ ਪਾਣੀ ਲੰਘਾਉਣ ਦੀ ਸਮਰੱਥਾ ਨੂੰ ਮੁੜ ਬਹਾਲ ਕਰਨ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਪਿਛਲੇ ਹੜ੍ਹਾਂ ਦੌਰਾਨ ਜਿੱਥੇ ਕਟਾਅ ਜਾਂ ਬੰਨ੍ਹ ਟੁੱਟਣ ਦੀਆਂ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਐਮਰਜੈਂਸੀ ਉਪਕਰਨਾਂ ਦੀ ਉੱਪਲਬਧਤਾ, ਜ਼ਿਲ੍ਹਾ ਅਤੇ ਉਪ ਮੰਡਲ ਪੱਧਰ ਤੇ ਸਥਾਪਿਤ ਐਮਰਜੈਂਸੀ ਆਪਰੇਸ਼ਨ ਸੈਂਟਰਾਂ ਦੀ ਕਾਰਗੁਜ਼ਾਰੀ ਅਤੇ ਉੱਥੇ ਤਾਇਨਾਤ ਸਿਖਲਾਈ ਪ੍ਰਾਪਤ ਸਟਾਫ਼ ਦੀ ਤਿਆਰੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਮੋਗਾ ਸ਼ਹਿਰ ਵਿਚ ਮੋਗਾ ਡਰੇਨ ਤੇ ਬਣੇ ਨੀਵੇਂ ਪੁਲਾਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਗਈ। ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਭਾਰੀ ਵਰਖਾ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਮੁਕੰਮਲ ਰੱਖੇ ਜਾਣ। ਸੜਕਾਂ ਨੂੰ ਹੋਏ ਨੁਕਸਾਨ ਅਤੇ ਉਨ੍ਹਾਂ ਦੀ ਮੁਰੰਮਤ ਸਬੰਧੀ ਕੰਮਾਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਤੋਂ ਇਲਾਵਾ ਡਰੇਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਤੇ ਮਿੱਟੀ ਦੇ ਕਟਾਅ ਨੂੰ ਰੋਕਣ ਲਈ ਘਾਹ, ਬਾਂਸ ਅਤੇ ਹੋਰ ਉਚਿਤ ਪੌਦਿਆਂ ਦੀ ਲਗਾਈ ਜਾ ਰਹੀ ਪੌਦੇਦਾਰੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਖਾਲੀ ਸੀਮੇਂਟ ਬੈਗਾਂ ਦੀ ਉਪਲਬਧਤਾ, ਰੇਤ ਭਰਨ ਦੀ ਤਿਆਰੀ ਅਤੇ ਲੋੜ ਪੈਣ ਤੇ ਉਨ੍ਹਾਂ ਦੀ ਵਰਤੋਂ ਸਬੰਧੀ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਰਾਹਤ ਕੈਂਪਾਂ, ਰਾਹਤ ਸ਼ੈਲਟਰਾਂ, ਐਮਰਜੈਂਸੀ ਰਿਸਪਾਂਸ ਪਲਾਨਾਂ, ਸਮਰੱਥਾ ਨਿਰਮਾਣ ਗਤੀਵਿਧੀਆਂ, ਸਿਖਲਾਈ ਪ੍ਰੋਗਰਾਮਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਆਫ਼ਤ ਪ੍ਰਬੰਧਨ ਯੋਜਨਾਵਾਂ ਨੂੰ ਅਪਡੇਟ ਕਰਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਆਪਣੇ-ਆਪਣੇ ਵਿਭਾਗਾਂ ਦੀਆਂ ਐਮਰਜੈਂਸੀ ਯੋਜਨਾਵਾਂ ਨੂੰ ਹਰ ਸਮੇਂ ਅਪਡੇਟ ਰੱਖਣ ਅਤੇ ਹੜ੍ਹ ਜਾਂ ਭਾਰੀ ਵਰਖਾ ਦੀ ਕਿਸੇ ਵੀ ਸੰਭਾਵੀ ਸਥਿਤੀ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਅਤੇ ਤਿਆਰ ਹੈ।