- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਦੀ ਦਾ ਮੌਸਮ ਸ਼ੁਰੂ ਹੋਣ ਦੇ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ
ਮੋਗਾ : ਸਰਦੀ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਕਹਿਰ ਵਧਣ ਦੀ ਸੰਭਾਵਨਾ ਹੈ। ਅਜਿਹੇ ਵਿਚ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤ ਪੁਲ ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣ ਸਕਦੇ ਹਨ। ਜ਼ਿਲ੍ਹੇ ਦੇ ਕਈ ਪੁਲਾਂ 'ਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ ਅਤੇ ਪੁਲਾਂ ਦੀ ਸਹੀ ਪਛਾਣ ਨਾ ਹੋਣ ਕਾਰਨ ਰਾਤ ਸਮੇਂ ਅਤੇ ਖ਼ਾਸ ਕਰਕੇ ਸੰਘਣੀ ਧੁੰਦ ਦੌਰਾਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜ਼ਿਕਰਯੋਗ ਹੈ ਕਿ ਕਈ ਥਾਵਾਂ 'ਤੇ ਪੁਲਾਂ ਦੇ ਦੋਵੇਂ ਪਾਸੇ ਲੋੜੀਂਦੇ ਸੁਰੱਖਿਆ ਸੰਕੇਤ, ਰਿਫਲੈਕਟਰ, ਚਮਕਦਾਰ ਪੱਟੀਆਂ ਅਤੇ ਚਿਤਾਵਨੀ ਬੋਰਡ ਨਾ ਹੋਣ ਕਾਰਨ ਦੂਰੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਪੁਲ ਦੀ ਸਥਿਤੀ ਦਾ ਸਮੇਂ ਸਿਰ ਪਤਾ ਨਹੀਂ ਲੱਗਦਾ। ਜਦੋਂ ਧੁੰਦ ਕਾਰਨ ਪਹਿਲਾਂ ਹੀ ਸੜਕ 'ਤੇ ਦਿਖਾਈ ਦੇਣ ਦੀ ਸਮਰੱਥਾ ਘੱਟ ਜਾਂਦੀ ਹੈ ਤਾਂ ਅਜਿਹੇ ਪੁਲ ਹੋਰ ਵੀ ਖ਼ਤਰਨਾਕ ਸਾਬਤ ਹੋ ਸਕਦੇ ਹਨ। ਖ਼ਾਸ ਕਰਕੇ ਰਾਤ ਸਮੇਂ ਤੇਜ਼ ਰਫ਼ਤਾਰ ਨਾਲ ਆਉਣ ਵਾਲੇ ਵਾਹਨ ਚਾਲਕਾਂ ਲਈ ਇਹ ਸਥਿਤੀ ਗੰਭੀਰ ਬਣ ਸਕਦੀ ਹੈ। ਕਈ ਵਾਰ ਅਚਾਨਕ ਪੁਲ ਸਾਹਮਣੇ ਆਉਣ ਜਾਂ ਪੁਲ ਦੇ ਕਿਨਾਰਿਆਂ ਦਾ ਸਹੀ ਅੰਦਾਜ਼ਾ ਨਾ ਲੱਗਣ ਕਾਰਨ ਵਾਹਨ ਬੇਕਾਬੂ ਹੋ ਸਕਦੇ ਹਨ ਅਤੇ ਵੱਡੇ ਹਾਦਸੇ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ, ਲੋਕ ਨਿਰਮਾਣ ਵਿਭਾਗ ਅਤੇ ਸਬੰਧਤ ਸੜਕ ਅਥਾਰਟੀਆਂ ਨੂੰ ਚਾਹੀਦਾ ਹੈ ਕਿ ਧੁੰਦ ਦਾ ਮੌਸਮ ਪੂਰੀ ਤਰ੍ਹਾਂ ਸ਼ੁਰੂ ਹੋਣ ਤੋਂ ਪਹਿਲਾਂ ਜ਼ਿਲ੍ਹੇ ਦੇ ਸਾਰੇ ਛੋਟੇ-ਵੱਡੇ ਪੁਲਾਂ ਦੀ ਜਾਂਚ ਕਰਵਾਈ ਜਾਵੇ। ਪੁਲਾਂ ਦੇ ਦੋਵੇਂ ਪਾਸੇ ਰਿਫ਼ਲੈਕਟਰ, ਚਮਕਦਾਰ ਪੱਟੀਆਂ, ਸੁਰੱਖਿਆ ਰੇਲਿੰਗ ਅਤੇ ਸਪੱਸ਼ਟ ਚਿਤਾਵਨੀ ਬੋਰਡ ਲਗਾਏ ਜਾਣ। ਜਿੱਥੇ ਸੜਕਾਂ ਜਾਂ ਪੁਲਾਂ ਦੀ ਹਾਲਤ ਖ਼ਰਾਬ ਹੈ, ਉੱਥੇ ਤੁਰੰਤ ਮੁਰੰਮਤ ਕਰਵਾਈ ਜਾਵੇ।
ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਚੁੱਕੇ ਗਏ ਕਦਮ ਕਈ ਕੀਮਤੀ ਜਾਨਾਂ ਬਚਾਉਣ ਵਿਚ ਸਹਾਈ ਹੋ ਸਕਦੇ ਹਨ। ਹਾਦਸਾ ਵਾਪਰਨ ਤੋਂ ਬਾਅਦ ਕਾਰਵਾਈ ਕਰਨ ਦੀ ਬਜਾਏ ਪਹਿਲਾਂ ਹੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ।