ਬੱਸਾਂ ਨਾ ਰੁਕਣ ਕਾਰਨ ਡਗਰੂ ਵਾਸੀਆਂ ਨੇ ਕੀਤਾ ਰੋਸ ਦਾ ਪ੍ਰਗਟਾਵਾ
ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਅਤੇ
Publish Date: Thu, 11 Jun 2026 04:53 PM (IST)
Updated Date: Fri, 12 Jun 2026 04:06 AM (IST)

ਵਿਦਿਆਰਥੀਆਂ ਤੇ ਨੌਕਰੀਪੇਸ਼ਾ ਲੋਕਾਂ ਨੂੰ ਕਰਨਾ ਪੈ ਰਿਹਾ ਸਮੱਸਿਆਵਾਂ ਦਾ ਸਾਹਮਣਾ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਅਤੇ ਇਸ ਦੇ ਆਲੇ-ਦੁਆਲੇ ਦੇ ਕਈ ਪਿੰਡਾਂ ਦੇ ਲੋਕ ਇਨ੍ਹੀਂ ਦਿਨੀਂ ਆਵਾਜਾਈ ਦੀ ਗੰਭੀਰ ਸਮੱਸਿਆ ਨਾਲ ਜੂਝ ਰਹੇ ਹਨ। ਸਰਕਾਰੀ ਅਤੇ ਕਈ ਪ੍ਰਾਈਵੇਟ ਬੱਸਾਂ ਵੱਲੋਂ ਪਿੰਡ ਡਗਰੂ ਦੇ ਬੱਸ ਸਟੈਂਡ ਤੇ ਰੁਕਣਾ ਬੰਦ ਕਰ ਦੇਣ ਕਾਰਨ ਵਿਦਿਆਰਥੀਆਂ, ਮਹਿਲਾਵਾਂ, ਬਜ਼ੁਰਗਾਂ, ਕਿਸਾਨਾਂ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਪਿੰਡ ਵਾਸੀਆਂ ਦਾ ਗੁੱਸਾ ਹੁਣ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਇਸ ਸਬੰਧੀ ਪਿੰਡ ਡਗਰੂ ਦੇ ਬਾਹਰਲੇ ਗੁਰਦੁਆਰਾ ਸਾਹਿਬ ਕਮਾਲਪਤੀ ਵਿਖੇ ਵੱਡੀ ਗਿਣਤੀ ਵਿਚ ਪਿੰਡ ਵਾਸੀ, ਸਮਾਜ ਸੇਵੀ, ਪੰਚਾਇਤ ਮੈਂਬਰ ਅਤੇ ਇਲਾਕੇ ਦੀ ਸੰਗਤ ਇਕੱਠੀ ਹੋਈ। ਮੀਟਿੰਗ ਦੌਰਾਨ ਸਰਪੰਚ ਗੁਰਸੇਵਕ ਸਿੰਘ ਅਤੇ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਡਗਰੂ ਦਾ ਬੱਸ ਸਟੈਂਡ ਕਈ ਦਹਾਕਿਆਂ ਤੋਂ ਇਸ ਖੇਤਰ ਦੀ ਆਵਾਜਾਈ ਦਾ ਮੁੱਖ ਕੇਂਦਰ ਰਿਹਾ ਹੈ। ਇਸ ਰੂਟ ਰਾਹੀਂ ਡਗਰੂ ਸਮੇਤ ਅਨੇਕਾਂ ਪਿੰਡਾਂ ਦੇ ਲੋਕ ਮੋਗਾ, ਲੁਧਿਆਣਾ ਅਤੇ ਹੋਰ ਸ਼ਹਿਰਾਂ ਵਿਚ ਪੜ੍ਹਾਈ, ਨੌਕਰੀ, ਕਾਰੋਬਾਰ ਅਤੇ ਹੋਰ ਕੰਮਾਂ ਲਈ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਬੱਸਾਂ ਇੱਥੇ ਰੁਕਣੀਆਂ ਬੰਦ ਹੋ ਗਈਆਂ ਹਨ, ਜਿਸ ਕਾਰਨ ਸਕੂਲੀ ਅਤੇ ਕਾਲਜੀ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਮੁਸ਼ਕਲ ਆ ਰਹੀ ਹੈ। ਸਵੇਰੇ ਸਕੂਲ ਅਤੇ ਕਾਲਜ ਜਾਣ ਵਾਲੇ ਬੱਚਿਆਂ ਨੂੰ ਕਈ-ਕਈ ਘੰਟੇ ਬੱਸਾਂ ਦੀ ਉਡੀਕ ਕਰਨੀ ਪੈਂਦੀ ਹੈ। ਕਈ ਵਾਰ ਉਨ੍ਹਾਂ ਨੂੰ ਦੂਰ ਤੱਕ ਪੈਦਲ ਜਾ ਕੇ ਹੋਰ ਥਾਵਾਂ ਤੋਂ ਬੱਸ ਫੜਨੀ ਪੈਂਦੀ ਹੈ, ਜਿਸ ਕਾਰਨ ਉਹ ਦੇਰੀ ਨਾਲ ਆਪਣੀਆਂ ਮੰਜ਼ਿਲਾਂ ਤੇ ਪਹੁੰਚਦੇ ਹਨ। ਮਹਿਲਾਵਾਂ ਅਤੇ ਨੌਕਰੀਪੇਸ਼ਾ ਲੋਕਾਂ ਨੇ ਵੀ ਆਪਣਾ ਦਰਦ ਸਾਂਝਾ ਕਰਦਿਆਂ ਕਿਹਾ ਕਿ ਬੱਸਾਂ ਨਾ ਰੁਕਣ ਕਾਰਨ ਉਨ੍ਹਾਂ ਨੂੰ ਹਰ ਰੋਜ਼ ਖੱਜਲ-ਖੁਆਰ ਹੋਣਾ ਪੈਂਦਾ ਹੈ। ਕਈ ਵਾਰ ਉਨ੍ਹਾਂ ਨੂੰ ਮਹਿੰਗੇ ਕਿਰਾਏ ’ਤੇ ਪ੍ਰਾਈਵੇਟ ਵਾਹਨ ਕਰਨੇ ਪੈਂਦੇ ਹਨ, ਜਿਸ ਨਾਲ ਆਰਥਿਕ ਬੋਝ ਵੀ ਵਧ ਰਿਹਾ ਹੈ। ਬਜ਼ੁਰਗਾਂ ਅਤੇ ਮਰੀਜ਼ਾਂ ਲਈ ਤਾਂ ਇਹ ਸਮੱਸਿਆ ਹੋਰ ਵੀ ਗੰਭੀਰ ਬਣ ਚੁੱਕੀ ਹੈ। ਪਿੰਡ ਦੇ ਬਜ਼ੁਰਗਾਂ ਨੇ ਦੱਸਿਆ ਕਿ ਪਿਛਲੇ 40-45 ਸਾਲਾਂ ਤੋਂ ਡਗਰੂ ਦਾ ਬੱਸ ਸਟੈਂਡ ਲੋਕਾਂ ਲਈ ਆਵਾਜਾਈ ਦਾ ਅਹਿਮ ਕੇਂਦਰ ਰਿਹਾ ਹੈ। ਇੱਥੋਂ ਘੱਟੋ-ਘੱਟ ਦਸ ਤੋਂ ਵੱਧ ਪਿੰਡਾਂ ਦੇ ਲੋਕ ਬੱਸਾਂ ਰਾਹੀਂ ਸਫ਼ਰ ਕਰਦੇ ਹਨ ਪਰ ਹੁਣ ਅਚਾਨਕ ਬੱਸਾਂ ਦਾ ਨਾ ਰੁਕਣਾ ਲੋਕਾਂ ਦੀ ਸਮਝ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਨੂੰ ਹੋਰ ਵੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਲੋਕਾਂ ਨੇ ਦੱਸਿਆ ਕਿ ਬੱਸਾਂ ਨਾ ਰੁਕਣ ਕਾਰਨ ਯਾਤਰੀਆਂ ਨੂੰ ਸੇਮ ਦੇ ਪੁੱਲ ਕੋਲ ਅਤੇ ਹੋਰ ਸੁੰਨਸਾਨ ਥਾਂਵਾਂ ’ਤੇ ਖੜ੍ਹਨਾ ਪੈਂਦਾ ਹੈ। ਇਹ ਥਾਵਾਂ ਸੁਰੱਖਿਆ ਪੱਖੋਂ ਵੀ ਠੀਕ ਨਹੀਂ ਹਨ। ਇਲਾਕੇ ਵਿੱਚ ਪਹਿਲਾਂ ਵੀ ਲੁੱਟ-ਖੋਹ ਅਤੇ ਹੋਰ ਅਣਸੁਖਾਵੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੀ ਹੈ। ਖ਼ਾਸ ਕਰਕੇ ਮਹਿਲਾਵਾਂ ਅਤੇ ਵਿਦਿਆਰਥਣਾਂ ਨੂੰ ਇਕੱਲਿਆਂ ਸਫ਼ਰ ਕਰਨ ਸਮੇਂ ਡਰ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿੰਡ ਦੇ ਆਗੂਆਂ ਨੇ ਦੱਸਿਆ ਕਿ ਇਸ ਮਸਲੇ ਦੇ ਹੱਲ ਲਈ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਮੋਗਾ ਨੂੰ ਲਿਖਤੀ ਰੂਪ ਵਿਚ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋਈ। ਇਸ ਕਾਰਨ ਲੋਕਾਂ ਵਿਚ ਰੋਸ ਵਧਦਾ ਗਿਆ ਅਤੇ ਉਨ੍ਹਾਂ ਨੇ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ। ਪਿੰਡ ਵਾਸੀਆਂ ਮੁਤਾਬਕ ਅੱਜ ਧਰਨਾ ਲਗਾਉਣ ਦੀ ਪੂਰੀ ਤਿਆਰੀ ਕਰ ਲਈ ਗਈ ਸੀ ਪਰ ਧਰਨੇ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਿੰਡ ਦੇ ਨੁਮਾਇੰਦਿਆਂ ਨਾਲ ਸੰਪਰਕ ਕੀਤਾ ਅਤੇ ਭਰੋਸਾ ਦਿੱਤਾ ਕਿ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀ ਅਤੇ ਜੀ.ਐੱਮ. ਮੌਕੇ ਤੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਯੋਗ ਕਦਮ ਚੁੱਕਣਗੇ। ਪ੍ਰਸ਼ਾਸਨ ਦੇ ਇਸ ਭਰੋਸੇ ਨੂੰ ਦੇਖਦੇ ਹੋਏ ਫਿਲਹਾਲ ਧਰਨੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪਿੰਡ ਵਾਸੀਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਸ਼ਨੀਵਾਰ ਸਵੇਰੇ 6 ਵਜੇ ਸੇਮ ਦੇ ਪੁੱਲ ਤੇ ਵੱਡਾ ਧਰਨਾ ਲਗਾਇਆ ਜਾਵੇਗਾ। ਇਸ ਸੰਘਰਸ਼ ਵਿੱਚ ਸਮੂਹ ਪਿੰਡ ਵਾਸੀ, ਨੌਜਵਾਨ, ਮਹਿਲਾਵਾਂ, ਕਿਸਾਨ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਯੂਨੀਅਨਾਂ ਹਿੱਸਾ ਲੈਣਗੀਆਂ। ਪਿੰਡ ਵਾਸੀਆਂ ਨੇ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜਿਕ ਜਥੇਬੰਦੀਆਂ, ਇਨਸਾਫ਼ ਪਸੰਦ ਲੋਕਾਂ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਨਹਿੱਤ ਦੇ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਇਹ ਕਿਸੇ ਇਕ ਪਿੰਡ ਦਾ ਨਹੀਂ, ਸਗੋਂ ਪੂਰੇ ਇਲਾਕੇ ਦੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਅਤੇ ਸੁਰੱਖਿਆ ਨਾਲ ਜੁੜਿਆ ਹੋਇਆ ਮਾਮਲਾ ਹੈ। ਲੋਕਾਂ ਨੇ ਪੰਜਾਬ ਸਰਕਾਰ, ਟਰਾਂਸਪੋਰਟ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਡਗਰੂ ਬੱਸ ਸਟੈਂਡ ਤੇ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਨਿਯਮਿਤ ਰੁਕਾਵਟ ਤੁਰੰਤ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ ਅਤੇ ਇਲਾਕੇ ਦੀ ਆਵਾਜਾਈ ਵਿਵਸਥਾ ਮੁੜ ਸੁਚਾਰੂ ਹੋ ਸਕੇ। ਇਸ ਮੌਕੇ ਗੁਰਸੇਵਕ ਸਿੰਘ ਸਰਪੰਚ, ਸੁਖਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਰਾਜ ਸਰਪੰਚ, ਟਹਿਲ ਸਿੰਘ, ਗੀਤਾ ਭਰਧਾਂਨ, ਬਲਜੀਤ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ, ਗਿੰਦਾ, ਸੁਖਮੰਦਰ ਸਿੰਘ ਮੈਂਬਰ, ਮਨਦੀਪ ਸਿੰਘ ਮੈਂਬਰ, ਤਰਸੇਮ ਸਿੰਘ ਮੈਂਬਰ, ਜਗਤਾਰ ਸਿੰਘ, ਭੱਟੀ ਸਾਹਿਬ , ਬਲਵੀਰ ਸਿੰਘ, ਸੋਨੂੰ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।