ਤੀਰਥ ਯਾਤਰਾ ਕਰ ਕੇ ਪਰਤੇ ਬਜ਼ੁਰਗਾਂ ਨਾਲ ਵਿਧਾਇਕ ਬਿਲਾਸਪੁਰ ਨੇ ਕੀਤੀ ਮੀਟਿੰਗ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ
Publish Date: Sat, 21 Nov 2026 03:43 PM (IST)
Updated Date: Sat, 21 Nov 2026 03:46 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੁੱਟਰ ਪੱਤੀ ਭੁੱਲਰ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਬਜ਼ੁਰਗਾਂ ਨਾਲ ਯਾਤਰਾ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਯਾਤਰਾ ਦੌਰਾਨ ਮਿਲੀਆਂ ਸਹੂਲਤਾਂ, ਪ੍ਰਬੰਧਾਂ ਤੇ ਉਨ੍ਹਾਂ ਦੇ ਨਿੱਜੀ ਤਜਰਬਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ਤੇ ਯਾਤਰਾ ਤੋਂ ਬਾਅਦ ਦਿਖਾਈ ਦੇ ਰਹੀ ਖੁਸ਼ੀ ਅਤੇ ਸੰਤੁਸ਼ਟੀ ਉਨ੍ਹਾਂ ਲਈ ਬੇਹੱਦ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਤੇ ਉਨ੍ਹਾਂ ਨੂੰ ਖੁਸ਼ੀਆਂ ਦੇ ਮੌਕੇ ਪ੍ਰਦਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਬਜ਼ੁਰਗ ਆਪਣੀ ਧਾਰਮਿਕ ਆਸਥਾ ਅਨੁਸਾਰ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੇ ਮਾਣ-ਸਤਿਕਾਰ, ਭਲਾਈ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਅਜਿਹੀਆਂ ਲੋਕ-ਭਲਾਈ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਮਾਰਕੀਟ ਕਮੇਟੀ ਬੱਧਣੀ ਕਲਾਂ ਦੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ, ਸਰਪੰਚ ਮਨਜਿੰਦਰ ਸਿੰਘ, ਸਰਪੰਚ ਜਗਤਾਰ ਸਿੰਘ ਕੂੰਨਰ ਤੋਂ ਇਲਾਵਾ ਪਾਰਟੀ ਦੇ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ ।