ਹੋਲੀ ਹਾਰਟ ’ਚ ਮਨਾਇਆ ਪ੍ਰਕਾਸ਼ ਪੁਰਬ ਇੱਥੋਂ ਦੇ ਪ੍ਰਸਿੱਧ ਵਿੱਦਿਅਕ ਅਦਾਰੇ
Publish Date: Tue, 24 Nov 2026 06:09 PM (IST)
Updated Date: Tue, 24 Nov 2026 06:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ : ਇੱਥੋਂ ਦੇ ਪ੍ਰਸਿੱਧ ਵਿੱਦਿਅਕ ਅਦਾਰੇ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਸਵੇਰ ਦੀ ਸਭਾ ਅਸੈਂਬਲੀ ਵਿਚ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਸਿੱਖਿਆਵਾਂ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ ਗਏ। ਬੱਚਿਆਂ ਨੇ ਬੜੇ ਹੀ ਸੁੰਦਰ ਢੰਗ ਨਾਲ ਗੁਰੂ ਜੀ ਵੱਲੋਂ ਦਿੱਤੇ ਗਏ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮੂਲ ਸਿਧਾਂਤਾਂ ’ਤੇ ਚਾਨਣਾ ਪਾਇਆ। ਇਸ ਸ਼ੁਭ ਅਵਸਰ ’ਤੇ ਸਕੂਲ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ, ਖਾਸ ਕਰਕੇ ਐੱਲਕੇਜੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੂੰ ਸਥਾਨਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਗਏ ਨੇਕ ਮਾਰਗ ’ਤੇ ਚੱਲਣਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿਚ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਗੁਰੂ ਪੁਰਬ ਦੀ ਖੁਸ਼ੀ ਸਾਂਝੀ ਕੀਤੀ ਗਈ।