ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਸਿੱਖਿਆ ਖ਼ੇਤਰ ਦੀ ਨਾਮਵਰ ਸੰਸਥਾ
Publish Date: Tue, 24 Nov 2026 05:25 PM (IST)
Updated Date: Tue, 24 Nov 2026 05:28 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਨਿਹਾਲ ਸਿੰਘ ਵਾਲਾ : ਸਿੱਖਿਆ ਖ਼ੇਤਰ ਦੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੰਗਤ ਰੂਪ ਵਿਚ ਜਪੁਜੀ ਸਾਹਿਬ ਦੇ ਜਾਪ ਕੀਤੇ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸਰਬੱਤ ਦੇ ਭਲੇ ਅਤੇ ਸੰਸਥਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸਕੂਲ ਦੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਲੋਕਾਈ ਦੇ ਰਹਿਬਰ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਆਪਣੇ ਕਲਾਵੇ ਵਿਚ ਲੈਂਦੀਆਂ ਹੋਈਆਂ ਆਪਸੀ ਪ੍ਰੇਮ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਬ੍ਰਹਿਮੰਡੀ ਪੈਗ਼ਾਮ ਦਿੰਦੀਆਂ ਹਨ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਆਪਣੇ ਸੰਦੇਸ਼ ਵਿਚ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਲੋਕ ਸੁਖੀਆ ਤੇ ਪ੍ਰਲੋਕ ਸੁਹੇਲਾ ਕਰਨ ਦੀ ਸਲਾਹ ਦਿੱਤੀ। ਪ੍ਰਿੰਸੀਪਲ ਗੁਰਪ੍ਰੀਤ ਕੌਰ ਸੇਖੋਂ ਨੇ ਕਿਹਾ ਕਿ ਗੁਰੂ ਜੀ ਨੇ ਅੰਧਕਾਰ, ਅੰਧਵਿਸ਼ਵਾਸ ਅਤੇ ਵਹਿਮਾਂ ਭਰਮਾਂ ਦੇ ਖ਼ਾਤਮੇ ਦਾ ਸੁਨੇਹਾ ਦਿੰਦਿਆਂ ਗਿਆਨ ਦੀ ਜੋਤ ਜਗਾਈ। ਇਸ ਸਮੇਂ ਸੁਖਪ੍ਰੀਤ ਕੌਰ ਅਤੇ ਹੋਰ ਵਿਦਿਆਰਥੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਰੌਸ਼ਨੀ ਪਾਈ।