- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਲਵੇ 'ਚ ਤਿੰਨ ਗੁਰੂਆਂ

ਚਾਲੀ ਮੁਕਤਿਆਂ ਦੀ ਯਾਦ ’ਚ ਸੰਗਤ ਨਤਮਸਤਕ
ਤਿੰਨ ਗੁਰੂਆਂ ਦੀ ਚਰਨਛੋਹ ਪ੍ਰਾਪਤ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਮਾਘੀ ਜੋੜ ਮੇਲਾ ਕਰਵਾਇਆ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਸ੍ਰੀ ਤਖ਼ਤੂਪੁਰਾ ਸਾਹਿਬ : ਮਾਲਵੇ 'ਚ ਤਿੰਨ ਗੁਰੂਆਂ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਧਰਤੀ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿਚ ਲੱਗਦੇ ਮਾਘੀ ਜੋੜ ਮੇਲੇ 'ਚ ਲੱਖਾਂ ਸੰਗਤਾਂ ਨੇ ਚਾਲੀ ਮੁਕਤਿਆਂ ਦੀ ਯਾਦ ਵਿਚ ਗੁਰਦੁਆਰਾ ਨਾਨਕਸਰ ਤਖ਼ਤੂਪੁਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਤਿੰਨ ਪਾਤਸ਼ਾਹੀਆਂ ਦੀ ਯਾਦ ਵਿਚ ਬਣੇ ਆਲੀਸ਼ਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਵਿਚਕਾਰ ਬਣੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਉਪਰੰਤ ਗੁਰੂ ਘਰ ਮੱਥਾ ਟੇਕਿਆ ਅਤੇ ਅਰਦਾਸ ਬੇਨਤੀ ਉਪਰੰਤ ਸਜੇ ਦਿਵਾਨਾਂ ਵਿਚ ਹਾਜ਼ਰੀ ਭਰੀ। ਦੁਪਹਿਰ ਸਮੇਂ ਖਿੜੀ ਚਿੱਟੀ ਕਪਾਹ ਦੀਆਂ ਫੁੱਟੀਆਂ ਵਾਂਗ ਦਪੁਹਿਰ ਖਿੜੀ ਵਰਗੀ ਧੁੱਪ ਨੇ ਮਾਘੀ ਮੇਲੇ ਦੀ ਰੌਣਕ ਵਿਚ ਵਾਧਾ ਕਰ ਦਿੱਤਾ। ਮੇਲੇ ਵਿਚ ਲੱਗੇ ਝੂਲਿਆਂ ਅਤੇ ਵੱਖ ਵੱਖ ਪਕਵਾਨਾਂ ਦੀਆਂ ਦੁਕਾਨਾਂ ਮੇਲੇ ਦੀ ਰੌਣਕ ਨੂੰ ਹੋਰ ਵਧਾ ਰਹੀਆਂ ਹਨ।
ਅੱਜ ਹੋਣਗੀਆਂ ਸਿਆਸੀ ਕਾਨਫਰੰਸਾਂ
ਮਾਘੀ ਮੇਲੇ ਦੇ ਦੂਜੇ ਦਿਨ ਤਖ਼ਤੂਪੁਰਾ ਸਾਹਿਬ ਦੀ ਧਰਤੀ ਤੇ ਮਾਘ ਮਹੀਨੇ ਦੇ ਦੂਜੇ ਦਿਨ ਵੱਖਵੱਖ ਸਿਆਸੀ ਕਾਨਫਰੰਸਾਂ ਵੀ ਖਿੱਚ ਦਾ ਕੇਂਦਰ ਬਣਨਗੀਆਂ। ਸ੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਪਾਰਟੀ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਾਘੀ ਮੇਲੇ ਦੀ ਕਾਨਫਰੰਸ ਨੂੰ ਸੰਬੋਧਨ ਕਰਨਗੇ। ਸੀਪੀਆਈ ਵੱਲੋਂ ਵੀ ਆਪਣੀ ਕਵਾਇਤ ਨੂੰ ਤੋਰਦਿਆਂ ਅੱਜ ਕਾਨਫਰੰਸ ਰਾਹੀਂ ਸਮੇਂ ਦੀਆਂ ਸਰਕਾਰਾਂ ’ਤੇ ਤੰਜ਼ ਕੱਸਦਿਆਂ ਨਾਟਕਾਂ ਰਾਹੀਂ ਚੋਟਾਂ ਮਾਰ ਕਿ ਸਰਕਾਰ ਨੂੰ ਹਲੂਣਾ ਦੇਣ ਦੀ ਕੋਸ਼ਿਸ਼ ਕਰਨਗੇ।
ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਲਈ ਪੁਖਤਾ ਪ੍ਰਬੰਧ
ਮੇਲੇ ਵਿਚ ਆਉਣ ਵਾਲੀ ਸੰਗਤ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਅੱਜ ਹੋਣ ਵਾਲੀਆਂ ਸਿਆਸੀ ਕਾਨਫਰੰਸਾਂ ਦੇ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੰਦੀਪ ਸਿੰਘ ਮੰਡ ਐੱਸਪੀ ਮੋਗਾ ਨੇ ਕਾਨਫਰੰਸ ਦੀ ਜਗ੍ਹਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੇਲੇ ਵਿਚ ਆਉਣ ਵਾਲੀ ਸੰਗਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਮੇਲੇ ਵਿਚ ਨੌਸਰਬਾਜ਼ੀ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਇਸ ਇਤਿਹਾਸਿਕ ਜੋੜ ਮੇਲੇ ਵਿਚ ਕਿਸੇ ਵੀ ਕਿਸਮ ਦੀ ਨੌਸਰਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਖਾਸ ਕਰਕੇ ਨੌਜਵਾਨ ਨੂੰ ਅਪੀਲ ਕੀਤੀ ਕਿ ਉਹ ਜ਼ਾਬਤੇ ਵਿਚ ਰਹਿ ਕੇ ਸੰਗਤ ਕਰਨ ਅਤੇ ਨਤਮਸਤਕ ਹੋ ਕੇ ਜੋੜ ਮੇਲੇ ਦਾ ਅਨੰਦ ਲੈਣ।
ਸੁਖਬੀਰ ਸਿੰਘ ਬਾਦਲ ਅੱਜ ਕਰਨਗੇ ਕਾਨਫਰੰਸ ਨੂੰ ਸੰਬੋਧਨ : ਭਾਰਤੀ ਪੱਤੋ
ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਪੰਜਾਬੀ ਜਾਗਰਣ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਮਾਘੀ ਮੇਲੇ ਦੇ ਦੂਜੇ ਦਿਨ ਲੱਗਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਮਾਘੀ ਮੇਲੇ ਦੀ ਕਾਨਫਰੰਸ ਨੂੰ ਸਫ਼ਲ ਬਣਾਉਣ ਵਿਚ ਜ਼ਿਲ੍ਹਾ ਮੋਗਾ ਦੇ ਹਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।