- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਭਲੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ

ਰੋਸ ਵਜੋਂ ਥਾਣਾ ਸਮਾਲਸਰ ਅੱਗੇ ਧਰਨਾ ਲਾ ਕੇ ਕੀਤੀ ਨਾਅਰੇਬਾਜ਼ੀ
ਪਵਨ ਗਰਗ, ਪੰਜਾਬੀ ਜਾਗਰਣ ਬਾਘਾਪੁਰਾਣਾ : ਪਿੰਡ ਭਲੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕ ਮਿਲਣੀ ਪ੍ਰੋਗਰਾਮ ਤੋਂ ਪਹਿਲਾਂ ਸਿਆਸੀ ਮਾਹੌਲ ਉਸ ਵੇਲੇ ਗਰਮਾ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਗਾਇਆ ਕਿ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਜੋਤ ਸਿੰਘ ਡੇਮਰੂ ਨੂੰ ਉਨ੍ਹਾਂ ਦੇ ਦਰਜ਼ਨਾਂ ਸਾਥੀਆਂ ਸਮੇਤ ਮੋਗਾ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਉਹ ਭਲੂਰ ਮਾਈਨਰ ਦੀਆਂ ਟੇਲਾਂ ਤੱਕ ਨਹਿਰੀ ਪਾਣੀ ਨਾ ਪਹੁੰਚਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੂੰ ਸਵਾਲ ਪੁੱਛਣ ਲਈ ਲੋਕ ਮਿਲਣੀ ਵਿਚ ਜਾ ਰਹੇ ਸਨ। ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਕੇ ਥਾਣਾ ਸਮਾਲਸਰ ਵਿਖੇ ਡਿਟੇਨ ਕਰ ਦਿੱਤਾ। ਪਾਰਟੀ ਦਾ ਇਹ ਵੀ ਦਾਅਵਾ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਮੀਟਰ ਰੀਡਰਾਂ ਨੂੰ ਵੀ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਮਿਲਣ ਤੋਂ ਪਹਿਲਾਂ ਹੀ ਪੁਲਸ ਨੇ ਰਸਤੇ ਵਿਚ ਰੋਕ ਲਿਆ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਗਿਆ। ਇਸ ਕਾਰਵਾਈ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਸ਼ਹਿਰੀ ਪ੍ਰਧਾਨ ਖ਼ੁਣਮੁੱਖ ਭਾਰਤੀ ਪੱਤੋ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਥਾਣਾ ਸਮਾਲਸਰ ਦੇ ਬਾਹਰ ਇਕੱਠੇ ਹੋਏ ਅਤੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਡਿਟੇਨ ਕੀਤੇ ਗਏ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜਿਹੜਾ ਵਿਅਕਤੀ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਕਹਿੰਦਾ ਸੀ ਕਿ ਜਦੋਂ ਕੋਈ ਵੀ ਨੇਤਾ ਤੁਹਾਡੇ ਪਿੰਡ ਜਾਂ ਮੁਹੱਲੇ ਵਿੱਚ ਆਵੇ ਤਾਂ ਉਸ ਤੋਂ ਸਵਾਲ ਜ਼ਰੂਰ ਪੁੱਛੋ, ਅੱਜ ਉਹੀ ਮੁੱਖ ਮੰਤਰੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਹੁੰਦਾ ਹੈ ਪਰ ਸਰਕਾਰ ਲੋਕਾਂ ਦੀ ਆਵਾਜ਼ ਦਬਾਉਣ ਲਈ ਪੁਲਸ ਦੀ ਵਰਤੋਂ ਕਰ ਰਹੀ ਹੈ। ਮਾਹਲਾ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਕੋਲ ਆਪਣੀ ਗੱਲ ਰੱਖਣ ਅਤੇ ਸਵਾਲ ਪੁੱਛਣ ਦਾ ਪੂਰਾ ਹੱਕ ਹੈ। ਜੇਕਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਦੀ ਨੀਤੀ ਅਪਣਾਏਗੀ ਤਾਂ ਲੋਕਾਂ ਦਾ ਗੁੱਸਾ ਹੋਰ ਵਧੇਗਾ। ਉਨ੍ਹਾਂ ਮੰਗ ਕੀਤੀ ਕਿ ਡਿਟੇਨ ਕੀਤੇ ਗਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਵੇ।