ਮਾਲਵਿਕਾ ਸੂਦ ਨੇ ਹਸਪਤਾਲ ਪੁੱਜ ਕੇ ਜ਼ਖ਼ਮੀਆਂ ਪੁੱਛਿਆ ਹਾਲਚਾਲ ਬੀਤੇ ਦਿਨੀਂ ਬਰਨਾਲਾ ਵਿਖੇ
Publish Date: Tue, 28 Jul 2026 06:36 PM (IST)
Updated Date: Wed, 29 Jul 2026 04:10 AM (IST)
ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ’ਤੇ ਕਾਰਵਾਈ ਦੀ ਕੀਤੀ ਮੰਗ ਜ਼ਖ਼ਮੀਆਂ ਨੂੰ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਬੀਤੇ ਦਿਨੀਂ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮਾਰਚ ਕਰ ਰਹੇ ਸਫ਼ਾਈ ਸੇਵਕਾਂ ’ਤੇ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਕਥਿਤ ਤਸ਼ੱਦਦ ਦੀ ਘਟਨਾ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸੇ ਕੜੀ ਤਹਿਤ ਮੋਗਾ ਵਿਧਾਨ ਸਭਾ ਹਲਕਾ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਬਰਨਾਲਾ ਪੁੱਜੀ ਤੇ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਸੇਵਕਾਂ ਅਤੇ ਮਹਿਲਾ ਕਰਮਚਾਰੀਆਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਜ਼ਖ਼ਮੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕਾਂਗਰਸ ਪਾਰਟੀ ਸਫ਼ਾਈ ਸੇਵਕਾਂ ਦੇ ਹੱਕਾਂ ਦੀ ਲੜਾਈ ’ਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਮਾਲਵਿਕਾ ਸੂਦ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਪੂਰਾ ਸੰਵਿਧਾਨਕ ਅਧਿਕਾਰ ਹੈ, ਪਰ ਪੰਜਾਬ ਸਰਕਾਰ ਇਸ ਹੱਕ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਜੋ ਕੁਝ ਵਾਪਰਿਆ ਉਹ ਬੇਹੱਦ ਨਿੰਦਣਯੋਗ ਹੈ। ਪੁਲਸ ਨੇ ਔਰਤਾਂ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਵੱਡੀ ਗਿਣਤੀ ਵਿਚ ਸਫ਼ਾਈ ਸੇਵਕਾਂ ਨੂੰ ਜ਼ਖ਼ਮੀ ਕੀਤਾ ਗਿਆ, ਜੋ ਸਰਕਾਰ ਦੀ ਸੰਵੇਦਨਹੀਣਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿਚ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਪ੍ਰਵਿਰਤੀ ਵਧੀ ਹੈ। ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ, ਕਿਸਾਨਾਂ ਅਤੇ ਹੋਰ ਵਰਗਾਂ ਨੂੰ ਪੁਲਸ ਦੇ ਜ਼ਰੀਏ ਦਬਾਉਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਵੀ ਕੋਈ ਵਰਗ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦਾ ਹੈ ਤਾਂ ਉਸ ਨੂੰ ਗੱਲਬਾਤ ਰਾਹੀਂ ਹੱਲ ਕਰਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਬੰਧਤ ਡੀਐੱਸਪੀ ਨੂੰ ਸਿਰਫ਼ ਮੁਅੱਤਲ ਕਰਨਾ ਕਾਫ਼ੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜਿਸ ਅਧਿਕਾਰੀ ਦੀ ਅਗਵਾਈ ਹੇਠ ਬੇਕਸੂਰ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ’ਤੇ ਅਜਿਹਾ ਤਸ਼ੱਦਦ ਕੀਤਾ ਗਿਆ, ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿਚ ਕੋਈ ਵੀ ਅਧਿਕਾਰੀ ਆਪਣੀ ਸ਼ਕਤੀ ਦਾ ਦੁਰਪਯੋਗ ਕਰਨ ਦੀ ਹਿੰਮਤ ਨਾ ਕਰੇ।