- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ

ਮੁੱਖ ਮੰਤਰੀ ਭਗਵੰਤ ਮਾਨ ਦਾ ਸੰਦੇਸ਼ ‘ਨੌਜਵਾਨੀ ਬਚੀ ਤਾਂ ਪੰਜਾਬ ਬਚੇਗਾ’
ਮਨਪ੍ਰੀਤ ਸਿੰਘ, ਅਵਤਾਰ ਸਿੰਘ, ਵਕੀਲ ਸਿੰਘ 0 ਪੰਜਾਬੀ ਜਾਗਰਣ
ਅਜੀਤਵਾਲ :
ਮੋਗਾ ਜ਼ਿਲ੍ਹੇ ਦੇ ਪਿੰਡ ਕਿਲੀ ਚਾਹਲਾਂ ਵਿਚ ਸੂਬਾ ਪੱਧਰੀ ਸਮਾਗਮ ਯੁੱਧ ਨਸਿਆਂ ਵਿਰੁੱਧ ਨੇ ਪੰਜਾਬ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਉਣ ਲਈ ਇਕ ਨਵੇਂ ਜਜ਼ਬੇ ਦਾ ਜਨਮ ਦਿੱਤਾ। ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਜ਼ਬਾਤੀ ਤੇ ਦ੍ਰਿੜ਼ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਨੂੰ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਤਬਾਹ ਕਰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਜੇ ਅਸੀਂ ਆਪਣੀ ਨੌਜਵਾਨੀ ਨੂੰ ਬਚਾ ਲਿਆ ਤਾਂ ਪੰਜਾਬ ਦਾ ਭਵਿੱਖ ਆਪਣੇ ਆਪ ਸੁਰੱਖਿਅਤ ਹੋ ਜਾਵੇਗਾ। ਨਸ਼ਿਆਂ ਦੇ ਖ਼ਿਲਾਫ਼ ਇਹ ਲੜਾਈ ਸਰਕਾਰ ਇਕੱਲੀ ਨਹੀਂ ਜਿੱਤ ਸਕਦੀ ਇਸ ਲਈ ਲੋਕਾਂ ਦੀ ਸਾਂਝੀ ਭਾਗੀਦਾਰੀ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਵਿਰੁੱਧ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾ ਰਹੀ ਹੈ। ਵੱਡੇ ਗਿਰੋਹਾਂ ‘ਤੇ ਕਾਰਵਾਈ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ ਨਿਗਰਾਨੀ ਪ੍ਰਣਾਲੀ ਮਜ਼ਬੂਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਪਸ਼ਟ ਹੁਕਮ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ। ਇਸ ਦੇ ਨਾਲ ਹੀ ਨਸ਼ਾ ਪੀੜਤ ਨੌਜਵਾਨਾਂ ਦੇ ਇਲਾਜ ਅਤੇ ਪੁਨਰਵਾਸ ਲਈ ਕੇਂਦਰਾਂ ਦੀ ਸੰਖਿਆ ਵਧਾਈ ਜਾ ਰਹੀ ਹੈ ਤਾਂ ਜੋ ਉਹ ਮੁੜ ਸਧਾਰਣ ਜੀਵਨ ਜੀ ਸਕਣ। ਅਧਿਆਪਕਾਂ ਅਤੇ ਮਾਪਿਆਂ ਨੂੰ ਅੱਗੇ ਆਉਣ ਦੀ ਅਪੀਲ ਭਗਵੰਤ ਮਾਨ ਨੇ ਕਿਹਾ ਕਿ ਸਕੂਲ ਅਤੇ ਘਰ ਬੱਚਿਆਂ ਦੀ ਪਹਿਲੀ ਪਾਠਸ਼ਾਲਾ ਹਨ, ਜੇ ਮਾਪੇ ਅਤੇ ਅਧਿਆਪਕ ਸਚੇਤ ਰਹਿਣ ਤਾਂ ਬੱਚਿਆਂ ਨੂੰ ਨਸ਼ਿਆਂ ਦੇ ਰਾਹ ‘ਤੇ ਜਾਣ ਤੋਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਦੋਸਤਾਂ ਵਾਂਗ ਵਰਤਾਓ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੀ ਸੰਗਤ ‘ਤੇ ਧਿਆਨ ਦੇਣ। ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਦੇ ਵਿਵਹਾਰ ਵਿੱਚ ਆਉਣ ਵਾਲੇ ਬਦਲਾਵਾਂ ਨੂੰ ਸਮੇਂ ਸਿਰ ਸਮਝਣ ਲਈ ਕਿਹਾ ਗਿਆ। ਉਨ੍ਹਾਂ ਰੈਲੀ ਦੌਰਾਨ ਦੱਸਿਆ ਕਿ ਪਿੰਡ ਪੱਧਰ ‘ਤੇ ਬਣੀਆਂ ਗ੍ਰਾਮ ਰੱਖਿਆ ਕਮੇਟੀਆਂ ਨਸ਼ਾ ਤਸਕਰੀ ਰੋਕਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਹ ਕਮੇਟੀਆਂ ਲੋਕਾਂ ਅਤੇ ਪੁਲਿਸ ਦਰਮਿਆਨ ਸਾਂਝ ਬਣਾਉਂਦੀਆਂ ਹੋਈਆਂ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀਆਂ ਸਰਕਾਰ ਦੀਆਂ ‘ਅੱਖਾਂ ਅਤੇ ਕੰਨ’ ਹਨ, ਜੋ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਤੋਂ ਬਚਾਅ ਲਈ ਨੌਜਵਾਨਾਂ ਨੂੰ ਸਕਾਰਾਤਮਕ ਦਿਸ਼ਾ ਦੇਣਾ ਜ਼ਰੂਰੀ ਹੈ। ਇਸ ਲਈ ਸਰਕਾਰ ਵੱਲੋਂ ਖੇਡ ਮੈਦਾਨਾਂ ਦੀ ਸੁਧਾਰ, ਨਵੀਆਂ ਖੇਡ ਨੀਤੀਆਂ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਕੋਲ ਰੋਜ਼ਗਾਰ ਅਤੇ ਸਿਹਤਮੰਦ ਗਤੀਵਿਧੀਆਂ ਹੋਣਗੀਆਂ, ਤਾਂ ਉਹ ਆਪਣੇ ਆਪ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਪ੍ਰਸ਼ਾਸਨ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਲਈ ਵਿਸ਼ੇਸ਼ ਮੋਬਾਈਲ ਐਪ ਅਤੇ ਹੈਲਪਲਾਈਨ ਸੇਵਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ, ਤਾਂ ਜੋ ਲੋਕ ਨਿਰਭੈ ਹੋ ਕੇ ਜਾਣਕਾਰੀ ਸਾਂਝੀ ਕਰ ਸਕਣ। ਇਕਜੁੱਟ ਪੰਜਾਬ ਹੀ ਜਿੱਤੇਗਾ ਇਹ ਜੰਗ ਰੈਲੀ ਦੇ ਅੰਤ ‘ਤੇ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਕਿਸੇ ਇਕ ਵਿਭਾਗ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। “ਆਓ ਅਸੀਂ ਸਭ ਮਿਲ ਕੇ ਇਹ ਵਚਨ ਲਈਏ ਕਿ ਆਪਣੇ ਪਿੰਡ, ਆਪਣੇ ਘਰ ਅਤੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਵਾਂਗੇ। ਉਨ੍ਹਾਂ ਕਿਹਾ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਹੁਣ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਹੀਂ ਰਿਹਾ ਇਹ ਲੋਕ ਅੰਦੋਲਨ ਬਣਦਾ ਜਾ ਰਿਹਾ ਹੈ, ਜਿਸ ਦੀ ਗੂੰਜ ਕਿਲੀ ਚਹਿਲਾਂ ਤੋਂ ਲੈ ਕੇ ਪੂਰੇ ਪੰਜਾਬ ਵਿੱਚ ਸੁਣਾਈ ਦੇ ਰਹੀ ਹੈ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਜਤਿੰਦਰ ਭੱਲਾ, ਅੰਮ੍ਰਿਤਪਾਲ ਸਿੰਘ ਦੀਨਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਚੇਅਰਮੈਨ ਗੁਰਮੇਲ ਮੱਦੋਕੇ ਆਦਿ ਹਾਜ਼ਰ ਸਨ।