- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ 56

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ 56 ਜੀਬੀ ਵਿਖੇ ਕੱਤਕ ਮਹੀਨੇ ਦੀ ਮੱਸਿਆ ਦਾ ਪਾਵਨ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਇਲਾਵਾ ਦੂਰ-ਦੁਰਾਡੇ ਦੇ ਖੇਤਰਾਂ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੀਆਂ। ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾ ਕੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਸਰਬੱਤ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਦਿਆਂ ਕਿਹਾ ਕਿ ਧਾਰਮਿਕ ਦਿਹਾੜੇ ਮਨਾਉਣ ਦਾ ਅਸਲ ਮਨੋਰਥ ਮਨੁੱਖ ਨੂੰ ਪਰਮਾਤਮਾ ਨਾਲ ਜੋੜਨਾ ਅਤੇ ਉਸ ਦੇ ਅੰਦਰ ਚੰਗੇ ਗੁਣਾਂ ਦਾ ਸੰਚਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣੇ ਰੁਝੇਵਿਆਂ ’ਚੋਂ ਸਮਾਂ ਕੱਢ ਕੇ ਗੁਰੂ ਘਰਾਂ ਵਿਚ ਆਉਣਾ ਚਾਹੀਦਾ ਹੈ ਅਤੇ ਗੁਰਬਾਣੀ ਦਾ ਨਿੱਤਨੇਮ ਕਰਕੇ ਆਪਣੇ ਜੀਵਨ ਨੂੰ ਸਫ਼ਲ ਬਣਾਉਣਾ ਚਾਹੀਦਾ ਹੈ।ਉਨ੍ਹਾਂ ਵਿਸ਼ੇਸ਼ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਬਚਪਨ ਤੋਂ ਹੀ ਗੁਰਬਾਣੀ, ਸਿੱਖੀ ਸਿਧਾਂਤਾਂ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਵਿਧਾਇਕ ਬਲਵੀਰ ਸਿੰਘ ਲੁਥਰਾ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਵਿਧਾਇਕ ਬਲਵੀਰ ਸਿਘ ਲੁਥਰਾ ਨੇ ਕਿਹਾ ਕਿ ਪਹਿਲਾਂ ਇਲਾਕੇ ਦੀ ਸੰਗਤ ਨੂੰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੂਰ-ਦੁਰਾਡੇ ਜਾਣਾ ਪੈਂਦਾ ਸੀ ਪਰ ਹੁਣ ਇਸ ਗੁਰੂ ਘਰ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਵੱਲੋਂ ਚਲਾਈ ਜਾ ਰਹੀ 24 ਘੰਟੇ ਲੰਗਰ ਦੀ ਸੇਵਾ ਦੀ ਵਿਸ਼ੇਸ਼ ਸ਼ਲਾਘਾ ਕਰਦਿਆਂ ਕਿਹਾ ਕਿ ਲੰਗਰ ਦੀ ਸੇਵਾ ਸਿੱਖ ਧਰਮ ਦੀ ਮਹਾਨ ਪਰੰਪਰਾ ਹੈ, ਜੋ ਮਨੁੱਖਤਾ ਨੂੰ ਬਿਨਾਂ ਕਿਸੇ ਭੇਦਭਾਵ ਦੇ ਸੇਵਾ, ਬਰਾਬਰਤਾ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹਨ ਅਤੇ ਇਸ ਲਈ ਉਹ ਮਹਾਂਪੁਰਸ਼ਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਦੇ ਧੰਨਵਾਦੀ ਹਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਤਰ੍ਹਾਂ ਕੱਤਕ ਮਹੀਨੇ ਦੀ ਮੱਸਿਆ ਦਾ ਇਹ ਪਾਵਨ ਦਿਹਾੜਾ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ, ਸੇਵਾ ਅਤੇ ਸੰਗਤ ਦੇ ਮਿਲਾਪ ਨਾਲ ਸ਼ਰਧਾ ਭਾਵਨਾ ਸਹਿਤ ਸੰਪੰਨ ਹੋਇਆ।