ਸਵਰਨ ਗੁਲਾਟੀ, ਮੋਗਾ : ਲੁਧਿਆਣਾ ਰੋਡ 'ਤੇ ਸਥਿਤ ਬੰਗਾਲੀ ਸਵੀਟਸ ਨੇੜੇ ਤੇਜ ਰਫ਼ਤਾਰ ਬੱਸ ਦੀ ਲਪੇਟ 'ਚ ਆ ਕੇ ਮੋਟਰਸਾਈਕਲ ਸਵਾਰ ਲੜਕੇ ਦੀ ਮੌਤ ਹੋ ਗਈ। ਪੁਲਿਸ ਨੇ ਬੱਸ ਚਾਲਕ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਸ ਮੌਕੇ ਥਾਣਾ ਸਿਟੀ ਇਕ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਲੜਕੀ ਸੁਖਜੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਵਾਸੀ ਪਿੰਡ ਸ਼ੁਸ਼ਕ ਵਿੰਡ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ ਉਹ ਆਪਣੇ ਭਰਾ ਕੁਲਦੀਪ ਸਿੰਘ ਨਾਲ ਮੋਟਰਸਾਈਕਲ 'ਤੇ ਆਪਣੇ ਪਿੰਡ ਤੋਂ ਆਪਣੀ ਮਾਸੀ ਦੇ ਲੜਕੇ ਨੂੰ ਰੱਖੜੀ ਬੰਨ੍ਹਣ ਲਈ ਪਿੰਡ ਮਹਿਣਾ ਨੂੰ ਜਾ ਰਹੇ ਸੀ। ਜਦੋਂ ਉਹ ਮੋਗਾ ਦੇ ਲੁਧਿਆਣਾ ਰੋਡ 'ਤੇ ਸਥਿਤ ਬੰਗਾਲੀ ਸਵੀਟਸ ਕੋਲ ਪੁੱਜੇ ਤਾਂ ਇਸ ਦੌਰਾਨ ਤੇਜ਼ ਰਫ਼ਤਾਰ ਬੱਸ ਦੇ ਚਾਲਕ ਵੱਲੋਂ ਬੱਸ ਨੂੰ ਲਾਪ੍ਰਵਾਹੀ ਨਾਲ ਚਲਾਉਂਦਿਆਂ ਉਸ ਦੇ ਭਰਾ ਦੇ ਮੋਟਰਸਾਈਕਲ ਵਿਚ ਮਾਰੀ, ਜਿਸ ਕਾਰਨ ਉਸ ਦਾ ਭਰਾ ਬੱਸ ਦੇ ਪਿਛਲੇ ਟਾਇਰਾਂ ਹੇਠ ਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਬੱਸ ਦੇ ਚਾਲਕ ਸੁਖਪਾਲ ਸਿੰਘ ਵਾਸੀ ਪਿੰਡ ਜਿਉਣਵਾਲਾ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।