
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐਸੋਸੀਏਟ ਅਧਿਆ ਪਕ ਫਰੰਟ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਐਸੋਸੀਏਟ ਅਧਿਆਪਕ ਫਰੰਟ ਵੱਲੋਂ ਐਸੋਸੀਏਟ ਅਧਿਆਪਕਾਂ ਸਿੱਖਿਆ ਪ੍ਰੋਵਾਈਡਰਾਂ ਨੂੰ ਪੇਅ ਸਕੇਲ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦੀ ਮੰਗ ਨੂੰ ਲੈ ਕੇ 24 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਕਰਨ ਉਪਰੰਤ ਰੋਸ ਮਾਰਚ ਕੱਢਿਆ ਜਾਵੇਗਾ। ਇਸ ਉਪਰੰਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਪੰਜਾਬ ਸਰਕਾਰ ਤੱਕ ਆਪਣੀਆਂ ਮੰਗਾਂ ਪਹੁੰਚਾਈਆਂ ਜਾਣਗੀਆਂ। ਇਹ ਜਾਣਕਾਰੀ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ, ਯੂਨੀਅਨ ਆਗੂ ਨਵਤੇਜ ਸਿੰਘ ਅਤੇ ਪਵਨਦੀਪ ਸਿੰਘ ਬਰਾੜ ਨੇ ਦਿੱਤੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਦੇ ਬਾਵਜੂਦ ਐਸੋਸੀਏਟ ਅਧਿਆਪਕ ਅੱਜ ਵੀ ਪੇਅ ਸਕੇਲ ਅਤੇ ਰੈਗੂਲਰ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਹੋਰ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿਗੂਣਾ ਤਨਖਾਹ ਵਾਧਾ ਕਰਨ ਅਤੇ 58 ਸਾਲ ਦੀ ਉਮਰ ਤੱਕ ਨੌਕਰੀ ਸੁਰੱਖਿਅਤ ਰੱਖਣ ਸਬੰਧੀ ਨਿਯੁਕਤੀ ਪੱਤਰ ਤਾਂ ਜਾਰੀ ਕੀਤੇ ਗਏ ਹਨ, ਪਰ ਇਨ੍ਹਾਂ ਵਿੱਚ ਰੈਗੂਲਰ ਮੁਲਾਜ਼ਮਾਂ ਵਾਂਗ ਪੇਅ ਸਕੇਲ, ਡੀਏ, ਟੀਏ ਸਮੇਤ ਹੋਰ ਸਹੂਲਤਾਂ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਮੌਜੂਦਾ ਸਰਕਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਆਗੂਆਂ ਨੇ ਐਸੋਸੀਏਟ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਸਰਕਾਰ ਬਣਨ ਉਪਰੰਤ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਵਿਧਾਇਕ ਅਤੇ ਅਰਵਿੰਦ ਕੇਜਰੀਵਾਲ ਵੀ ਮੋਹਾਲੀ ਵਿਖੇ ਲਗਾਏ ਗਏ ਧਰਨੇ ਵਿੱਚ ਪਹੁੰਚੇ ਸਨ ਅਤੇ ਅਧਿਆਪਕਾਂ ਦੀਆਂ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 13 ਜੂਨ 2023 ਤੋਂ 13 ਜਨਵਰੀ 2024 ਤੱਕ ਸੰਗਰੂਰ ਦੇ ਪਿੰਡ ਖੁਰਾਣਾ ਦੀ ਪਾਣੀ ਵਾਲੀ ਟੈਂਕੀ ’ਤੇ ਲਗਾਤਾਰ ਧਰਨਾ ਦਿੱਤਾ ਗਿਆ ਸੀ, ਜਿਸ ਵਿਚ ਪੰਜਾਬ ਭਰ ਤੋਂ ਐਸੋਸੀਏਟ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ 1 ਜੁਲਾਈ 2023 ਨੂੰ ਵੱਡੇ ਇਕੱਠ ਨਾਲ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਲਾਠੀਚਾਰਜ ਵੀ ਕੀਤਾ ਗਿਆ ਸੀ। ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਧਰਨੇ ਦੌਰਾਨ 12 ਜਨਵਰੀ ਨੂੰ ਸੰਗਰੂਰ ਹੈਲੀਪੈਡ ਵਿਖੇ ਮੁੱਖ ਮੰਤਰੀ ਪੰਜਾਬ ਨਾਲ ਅਧਿਆਪਕ ਆਗੂਆਂ ਦੀ ਮੀਟਿੰਗ ਹੋਈ ਸੀ। ਉਸ ਸਮੇਂ ਮੁੱਖ ਮੰਤਰੀ ਵੱਲੋਂ ਜਲਦੀ ਹੀ ਦੁਬਾਰਾ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਅਤੇ ਉਨ੍ਹਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਆਗੂਆਂ ਨੇ ਦੋਸ਼ ਲਾਇਆ ਕਿ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਕੋਈ ਢੁੱਕਵੀਂ ਮੀਟਿੰਗ ਨਹੀਂ ਕੀਤੀ ਗਈ। ਆਗੂਆਂ ਨੇ ਕਿਹਾ ਕਿ ਐਸੋਸੀਏਟ ਅਧਿਆਪਕਾਂ ਵਿਚ ਵੱਡੀ ਗਿਣਤੀ ਵਿਚ ਜੈਂਟਸ ਅਤੇ ਲੇਡੀਜ਼ ਅਧਿਆਪਕ ਹਨ, ਜੋ ਬਦਲੀ ਦੀ ਸਹੂਲਤ ਨਾ ਮਿਲਣ ਕਾਰਨ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਸਰਕਾਰ ਨੂੰ ਆਰਜ਼ੀ ਪ੍ਰਬੰਧ ਦੀ ਲੋੜ ਹੁੰਦੀ ਹੈ ਤਾਂ ਤੁਰੰਤ ਚਿੱਠੀਆਂ ਜਾਰੀ ਕਰ ਦਿੱਤੀਆਂ ਜਾਂਦੀਆਂ ਹਨ ਪਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਵੱਲ ਲੰਮੇ ਸਮੇਂ ਤੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਕਈ ਸਾਥੀ ਸੇਵਾ ਦੌਰਾਨ ਇਸ ਦੁਨੀਆਂ ਤੋਂ ਰੁਖ਼ਸਤ ਹੋ ਚੁੱਕੇ ਹਨ, ਜਦਕਿ ਕਈ ਅਧਿਆਪਕ ਰਿਟਾਇਰ ਹੋ ਚੁੱਕੇ ਹਨ ਅਤੇ ਕਈ ਰਿਟਾਇਰਮੈਂਟ ਦੀ ਕਤਾਰ ਵਿਚ ਹਨ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦੇ ਦੌਰ ਵਿਚ ਨਿਗੂਣੀ ਤਨਖ਼ਾਹ ਨਾਲ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐਸੋਸੀਏਟ ਅਧਿਆਪਕਾਂ ਨੂੰ ਕਿਸੇ ਕਿਸਮ ਦੀ ਮੈਡੀਕਲ ਸਹੂਲਤ ਨਹੀਂ ਦਿੱਤੀ ਜਾ ਰਹੀ। ਕਈ ਸਾਥੀ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ ਅਤੇ ਕਈਆਂ ਦੇ ਪਰਿਵਾਰ ਵੀ ਵੱਖ-ਵੱਖ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ ਵਿਚ ਸਰਕਾਰ ਵੱਲੋਂ ਕੋਈ ਮੈਡੀਕਲ ਸਹੂਲਤ ਨਾ ਮਿਲਣ ਕਾਰਨ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦੇਣ ਦੀ ਬਜਾਏ ਅਣਦੇਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਮੋਗਾ ਸਮੇਤ ਪੰਜਾਬ ਭਰ ਦੇ ਐਸੋਸੀਏਟ ਅਧਿਆਪਕਾਂ ਨੂੰ 24 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਇਸ ਦਿਨ ਜ਼ਿਲ੍ਹਾ ਪੱਧਰੀ ਮੀਟਿੰਗ ਤੋਂ ਬਾਅਦ ਰੋਸ ਮਾਰਚ ਕਰਦਿਆਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ ਅਤੇ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਜਾਵੇਗੀ।