- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੀ ਪ੍ਰਮੁੱਖ ਸਿੱਖਿਆ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਦਿ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧਾਰਮਿਕ ਸ਼ਰਧਾ, ਉਤਸ਼ਾਹ ਅਤੇ ਰਵਾਇਤੀ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿਚ ਭਗਤੀ ਅਤੇ ਖੁਸ਼ੀ ਦਾ ਮਨਮੋਹਕ ਮਾਹੌਲ ਦੇਖਣ ਨੂੰ ਮਿਲਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾੰਣੂ ਕਰਵਾਉਣਾ ਸੀ। ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਵਲਿਤ ਕਰਨ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਦੀ ਪੂਜਾ-ਅਰਚਨਾ ਨਾਲ ਹੋਈ। ਸਕੂਲ ਦੀ ਪ੍ਰਿੰਸੀਪਲ ਸੁਸ਼੍ਰੀ ਨੀਤੂ ਡਾਂਡੀ ਨੇ ਕਿੰਡਰਗਾਰਟਨ ਦੇ ਨੰਨ੍ਹੇ ਰਾਧਾ-ਕ੍ਰਿਸ਼ਨ ਨਾਲ ਪੂਜਾ-ਅਰਚਨਾ ਕਰਕੇ ਸਮਾਗਮ ਦਾ ਸ਼ੁਭ ਆਰੰਭ ਕੀਤਾ। ਕਿੰਡਰਗਾਰਟਨ ਦੇ ਨੰਨ੍ਹੇ ਵਿਦਿਆਰਥੀ ਭਗਵਾਨ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੀ ਮਨਮੋਹਕ ਵੇਸ਼ਭੂਸ਼ਾ ਵਿੱਚ ਸਜੇ ਹੋਏ ਨਜ਼ਰ ਆਏ। ਨੰਨ੍ਹੇ ਵਿਦਿਆਰਥੀਆਂ ਨੇ ਮਨਮੋਹਕ ਨ੍ਰਿਤ ਪੇਸ਼ਕਾਰੀਆਂ, ਭਜਨਾਂ ਅਤੇ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਸੁਸ਼੍ਰੀ ਨੀਤੂ ਡਾਂਡੀ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਅੱਜ ਵੀ ਓਨੀਆਂ ਹੀ ਪ੍ਰਸੰਗਿਕ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚ, ਧਰਮ, ਸਦਾਚਾਰ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਹੈੱਡਮਿਸਟ੍ਰੈੱਸ ਡਾ. ਸੋਨੀਆ ਸਚਦੇਵਾ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਸਕੂਲ ਪ੍ਰਬੰਧਨ, ਪ੍ਰਿੰਸੀਪਲ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਮਾਗਮ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ ਵਾਲੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।