ਡੀਸੀ ਦਫ਼ਤਰ ਦੇ ਦੋਵੇਂ ਗੇਟਾਂ ਦਾ ਘਿਰਾਓ ਦੂਜੇ ਦਿਨ ਵੀ ਜਾਰੀ ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ
Publish Date: Tue, 06 Oct 2026 04:33 PM (IST)
Updated Date: Wed, 07 Oct 2026 04:03 AM (IST)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਗਾਂ ਨੂੰ ਲੈ ਕੇ ਲਾਇਆ ਅਣਮਿੱਥੇ ਸਮੇਂ ਦਾ ਧਰਨਾ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਦੋਵੇਂ ਗੇਟਾਂ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਕੀਤਾ ਜਾ ਰਿਹਾ ਘਿਰਾਓ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਸੂਬਾ ਕਮੇਟੀ ਦੇ ਸੱਦੇ ਅਨੁਸਾਰ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੇਦੋਕੇ ਦੀ ਪ੍ਰਧਾਨਗੀ ਹੇਠ ਕਿਸਾਨਾਂ ਨੇ ਡੀਸੀ ਕੰਪਲੈਕਸ ਦੇ ਦੋਵੇਂ ਮੁੱਖ ਗੇਟਾਂ ਅੱਗੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਵੱਲੋਂ ਇਹ ਘਿਰਾਓ ਅਣਮਿੱਥੇ ਸਮੇਂ ਲਈ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲਕਲਾਂ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਅਤੇ ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਵਾਲਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਲਈ ਕੋਈ ਵੱਡਾ ਫ਼ਰਕ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਲੋਕਾਂ ਦੀਆਂ ਮੰਗਾਂ ਅਤੇ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਸਰਕਾਰ ਬਣੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਧਰਨੇ ਦੇਣ ਲਈ ਮਜਬੂਰ ਹਨ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ। ਧਰਨੇ ਕਾਰਨ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਦੋਵੇਂ ਗੇਟ ਬੈਰੀਕੇਡ ਲਗਾ ਕੇ ਘੇਰੇ ਹੋਏ ਸਨ। ਇਸ ਕਾਰਨ ਆਮ ਦਿਨਾਂ ਦੇ ਮੁਕਾਬਲੇ ਕਚਹਿਰੀਆਂ ਅਤੇ ਜ਼ਿਲ੍ਹਾ ਕੰਪਲੈਕਸ ਵਿਚ ਆਪਣੇ ਕੰਮ-ਧੰਦੇ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਗਿਣਤੀ ਕਾਫ਼ੀ ਘੱਟ ਦਿਖਾਈ ਦਿੱਤੀ। ਧਰਨੇ ਨੂੰ ਜੰਗੀਰ ਸਿੰਘ ਹਿੰਮਤਪੁਰਾ, ਗੁਰਦੇਵ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਘੱਲਕਲਾਂ, ਜਗਜੀਤ ਸਿੰਘ ਕੋਕਰੀ ਕਲਾਂ, ਲਖਵੀਰ ਸਿੰਘ ਚੜਿੱਕ, ਰਸ਼ਪਾਲ ਸਿੰਘ ਡੇਮਰੂ, ਇੰਦਰਜੀਤ ਸਿੰਘ ਦੁਨੇਕੇ, ਗੁਰਦੇਵ ਸਿੰਘ ਚੜਿੱਕ, ਨੱਛਤਰ ਸਿੰਘ ਝੰਡੇਵਾਲਾ, ਮਹਿੰਦਰ ਕੌਰ ਹਿੰਮਤਪੁਰਾ, ਹਰਜੀਤ ਕੌਰ ਸੁਖਾਨੰਦ, ਛਿੰਦਰ ਕੌਰ ਕੋਕਰੀ ਕਲਾਂ, ਪਰਮਜੀਤ ਕੌਰ ਕੁੱਸਾ, ਗੁਰਚਰਨ ਸਿੰਘ ਰਾਮਾ, ਸੁਖਜੀਤ ਸਿੰਘ ਲੰਡੇਕੇ ਅਤੇ ਰਮੇਲ ਸਿੰਘ ਘਾਲੀ ਸਮਾਲਸਰ ਨੇ ਵੀ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਦੋਵੇਂ ਗੇਟਾਂ ਦਾ ਘਿਰਾਓ ਅਣਮਿੱਥੇ ਸਮੇਂ ਤੱਕ ਜਾਰੀ ਰਹੇਗਾ। ਇਹ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਡਰੋਨਾਂ ਰਾਹੀਂ ਕੀਤੇ ਜਾ ਰਹੇ ਜ਼ਮੀਨੀ ਸਰਵੇ ਬੰਦ ਕੀਤੇ ਜਾਣ, ਆਬਾਦਕਾਰਾਂ ਤੇ ਕਿਸਾਨਾਂ-ਮਜ਼ਦੂਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕੀਤੇ ਜਾਣ, ਸੂਦਖੋਰੀ ਨੂੰ ਨੱਥ ਪਾਉਣ ਲਈ ਕਾਨੂੰਨ ਬਣਾਇਆ ਜਾਵੇ, ਕਿਸਾਨ ਅੰਦੋਲਨ ਅਤੇ ਪਰਾਲੀ ਸਾੜਨ ਸਬੰਧੀ ਦਰਜ ਕੇਸ ਵਾਪਸ ਲਏ ਜਾਣ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।