- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਦੀ ਸੀਨੀਅਰ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਮੋਗਾ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਨੇ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿਚ ਲਗਾਏ ਗਏ ਰੋਸ ਧਰਨੇ ਵਿਚ ਸ਼ਮੂਲੀਅਤ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਨਸ਼ਿਆਂ ਕਾਰਨ ਪਤਾ ਨਹੀਂ ਕਿੰਨੀਆਂ ਮਾਵਾਂ ਦੇ ਪੁੱਤ ਉਨ੍ਹਾਂ ਤੋਂ ਦੂਰ ਹੋ ਗਏ ਹਨ ਅਤੇ ਕਿੰਨੀਆਂ ਔਰਤਾਂ ਵਿਧਵਾ ਹੋ ਚੁੱਕੀਆਂ ਹਨ। ਨਸ਼ੇ ਨੇ ਪੰਜਾਬ ਦੇ ਘਰ-ਘਰ ਵਿਚ ਸੱਥਰ ਵਿਛਾ ਦਿੱਤੇ ਹਨ, ਪਰ ਸਰਕਾਰ ਇਸ ਗੰਭੀਰ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਪਰਮਿੰਦਰ ਸਿੰਘ ਝੋਟਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਝੋਟਾ ਵੱਲੋਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਸਿਰਫ਼ ਇਕ ਵਿਅਕਤੀ ਜਾਂ ਪਰਿਵਾਰ ਦੀ ਆਵਾਜ਼ ਨਹੀਂ, ਬਲਕਿ ਹਰ ਉਸ ਇਨਸਾਨ ਦੀ ਆਵਾਜ਼ ਹੈ ਜੋ ਸੱਚਾਈ, ਨਿਆਂ ਅਤੇ ਕਾਨੂੰਨ ਦੇ ਰਾਜ ਵਿਚ ਵਿਸ਼ਵਾਸ ਰੱਖਦਾ ਹੈ। ਮਾਲਵਿਕਾ ਸੂਦ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਐਲਾਨਾਂ ਨਾਲ ਨਹੀਂ ਜਿੱਤੀ ਜਾ ਸਕਦੀ, ਸਗੋਂ ਇਸ ਲਈ ਠੋਸ ਕਾਰਵਾਈ, ਜਵਾਬਦੇਹੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਦੀ ਇਸ ਲੜਾਈ ਵਿਚ ਪੀੜਤ ਪਰਿਵਾਰ ਨੂੰ ਇਕੱਲਾ ਨਹੀਂ ਛੱਡਿਆ ਜਾਣਾ ਚਾਹੀਦਾ ਅਤੇ ਸਮਾਜ ਦੇ ਹਰ ਵਰਗ ਨੂੰ ਉਨ੍ਹਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ।