ਸਫ਼ਾਈ ਸੇਵਕ ਯੂਨੀਅਨਾਂ ਦੀਆਂ ਮੰਗਾਂ ਦਾ ਹੱਲ ਕਰੇ ਸਰਕਾਰ : ਕਪੂਰ ਬਰਨਾਲਾ ’ਚ ਆਪਣੀਆਂ ਜਾਇਜ਼
Publish Date: Fri, 24 Jul 2026 04:10 PM (IST)
Updated Date: Fri, 24 Jul 2026 04:13 PM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਬਰਨਾਲਾ ’ਚ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਸਫ਼ਾਈ ਸੇਵਕਾਂ ’ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਦੇ ਜਨਰਲ ਸਕੱਤਰ ਵਿਕਾਸ ਕਪੂਰ ਅਤੇ ਪੰਜਾਬ ਦੇ ਉਪ ਪ੍ਰਧਾਨ ਗਗਨ ਨੌਹਰੀਆ, ਰਾਮ ਬਚਨ ਰਾਏ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਆਮ ਆਦਮੀ ਪਾਰਟੀ ਸਰਕਾਰ ਦੀ ਮਜ਼ਦੂਰ ਵਿਰੋਧੀ ਸੋਚ ਅਤੇ ਤਾਨਾਸ਼ਾਹੀ ਰਵੱਈਏ ਦੀ ਇਕ ਹੋਰ ਮਿਸਾਲ ਹੈ, ਜਿਸ ਨਾਲ ਸਰਕਾਰ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਬਰਨਾਲਾ ਘਟਨਾ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀ ਮੁਲਾਜ਼ਮਾਂ ਨੂੰ ਤੁਰੰਤ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇ ਅਤੇ ਸਫ਼ਾਈ ਸੇਵਕ ਯੂਨੀਅਨਾਂ ਨਾਲ ਬਿਨਾਂ ਕਿਸੇ ਦੇਰੀ ਦੇ ਗੱਲਬਾਤ ਸ਼ੁਰੂ ਕਰ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਫ਼ਾਈ ਸੇਵਕਾਂ ਦੇ ਮੋਢਿਆਂ ’ਤੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਦੀ ਜ਼ਿੰਮੇਵਾਰੀ ਹੈ, ਅੱਜ ਉਹੀ ਆਪਣੀਆਂ ਜਾਇਜ਼ ਮੰਗਾਂ ਲਈ ਸੜਕਾਂ ’ਤੇ ਉਤਰਨ ਅਤੇ ਪੁਲਿਸ ਦੀਆਂ ਲਾਠੀਆਂ ਖਾਣ ਲਈ ਮਜਬੂਰ ਹਨ। ਲੋਕਤੰਤਰ ਵਿਚ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ ਪਰ ਪੰਜਾਬ ਵਿਚ ਆਪਣੀ ਆਵਾਜ਼ ਉਠਾਉਣ ਵਾਲਿਆਂ ਨੂੰ ਗੱਲਬਾਤ ਦੀ ਥਾਂ ਲਾਠੀਚਾਰਜ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਲਾਠੀਚਾਰਜ ਦੌਰਾਨ ਮਹਿਲਾ ਸਫ਼ਾਈ ਸੇਵਕਾਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਔਰਤਾਂ ’ਤੇ ਇਸ ਤਰ੍ਹਾਂ ਦਾ ਬਲ ਪ੍ਰਯੋਗ ਕਿਸੇ ਵੀ ਸੱਭਿਆਚਾਰਕ ਸਮਾਜ ਵਿਚ ਕਬੂਲਯੋਗ ਨਹੀਂ ਹੈ। ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਵਿਕਾਸ ਕਪੂਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਲੋਕਾਂ, ਮੁਲਾਜ਼ਮਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ ਪਰ ਅੱਜ ਬੇਰੁਜ਼ਗਾਰ ਨੌਜਵਾਨ, ਠੇਕਾ ਮੁਲਾਜ਼ਮ, ਮਨਰੇਗਾ ਵਰਕਰ, ਕਿਸਾਨ ਅਤੇ ਹੁਣ ਸਫ਼ਾਈ ਸੇਵਕ ਵੀ ਸਰਕਾਰ ਦੇ ਦਮਨ ਦਾ ਸ਼ਿਕਾਰ ਹੋ ਰਹੇ ਹਨ। ਇਸ ਤੋਂ ਸਪੱਸ਼ਟ ਹੈ ਕਿ ਇਹ ਸਰਕਾਰ ਗੱਲਬਾਤ ਦੀ ਬਜਾਏ ਡਰ ਅਤੇ ਪੁਲਿਸ ਬਲ ਦੇ ਸਹਾਰੇ ਰਾਜ ਕਰਨਾ ਚਾਹੁੰਦੀ ਹੈ। ਸਰਕਾਰ ਨੂੰ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ।