- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਹੇਸ਼ਰੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦਾ ਖਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ, ਪਰ ਦੋਵਾਂ ਸਰਕਾਰਾਂ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਅਤੇ ਸੁਹਿਰਦ ਯਤਨ ਨਹੀਂ ਕੀਤੇ ਜਾ ਰਹੇ। ਮਹੇਸ਼ਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਸੱਤ ਦਿਨਾਂ ਦੇ ਮੋਰਚੇ ਦੌਰਾਨ ਕਿਸਾਨਾਂ ਦੀਆਂ ਕਈ ਮੰਗਾਂ ਮੰਨਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਮਤੇ ਪਾਸ ਕਰਕੇ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ ਹੁਣ ਸਰਕਾਰ ਆਪਣੇ ਹੀ ਕੀਤੇ ਵਾਅਦਿਆਂ ਤੋਂ ਪਿੱਛੇ ਹਟਦੀ ਨਜ਼ਰ ਆ ਰਹੀ ਹੈ ਅਤੇ ਮੰਨੀਆਂ ਹੋਈਆਂ ਮੰਗਾਂ ਸਬੰਧੀ ਵਿਧਾਨ ਸਭਾ ਵਿੱਚ ਮਤੇ ਪੇਸ਼ ਕਰਨ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ। ਸਰਕਾਰ ਦੇ ਇਸ ਰਵੱਈਏ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਆਪਣੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਨੂੰ ਵਾਅਦੇ ਪੂਰੇ ਕਰਨ ਲਈ ਮਜਬੂਰ ਕਰਨ ਵਾਸਤੇ ਜਥੇਬੰਦਕ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਿਸਾਨੀ ਮੁੱਦਿਆਂ ਨੂੰ ਮੁੱਖ ਰੱਖਦਿਆਂ ਅਹਿਮ ਭੂਮਿਕਾ ਨਿਭਾਏਗੀ। ਕਿਸਾਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰਨ ਵਾਲੀਆਂ ਸਰਕਾਰਾਂ ਨੂੰ ਕਿਸਾਨਾਂ ਦੇ ਰੋਸ ਅਤੇ ਸਵਾਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਪ੍ਰਤੀ ਪੂਰੀ ਤਰ੍ਹਾਂ ਜਾਗਰੂਕ ਹਨ ਅਤੇ ਆਪਣੇ ਹੱਕ ਲੈਣ ਲਈ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਅਤੇ ਕਿਸਾਨ ਆਗੂ ਹਰਚਰਨ ਸਿੰਘ ਮਹਿਰੋਂ ਵੀ ਹਾਜ਼ਰ ਸਨ।