- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਪੰਜਾਬ ਵਿਚ ਪਾਰਟੀ ਅੰਦਰ ਮਤਭੇਦਾਂ ਦੀ ਚਰਚਾ ਹੋ ਰਹੀ ਹੈ ਅਤੇ ਉਹ ਆਪਣੀ ਰਿਪੋਰਟ ਵਿਚ ਕੀ ਲਿਖਣਗੇ ਤਾਂ ਭੂਪੇਸ਼ ਬਘੇਲ ਨੇ ਕਿਹਾ ਕਿ ਹਾਈਕਮਾਨ ਨੂੰ ਭੇਜੀ ਜਾਣ ਵਾਲੀ ਰਿਪੋਰਟ ਅਤੇ ਫੀਡਬੈਕ ਪੂਰੀ ਤਰ੍ਹਾਂ ਗੁਪਤ ਹੁੰਦੇ ਹਨ।

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਏਆਈਸੀਸੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਮੋਗਾ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨਾਲ ਸਬੰਧਤ ਮਾਮਲੇ ਬਾਰੇ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਨ ਹੀ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੰਨੀ ਨੂੰ ਵਿਧਾਇਕ, ਮੰਤਰੀ, ਵਿਰੋਧੀ ਧਿਰ ਦੇ ਆਗੂ, ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸਮੇਤ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਹਨ। ਹੁਣ ਜੋ ਵੀ ਸਥਿਤੀ ਬਣੀ ਹੈ, ਉਸ ਬਾਰੇ ਵਿਸਥਾਰਪੂਰਵਕ ਰਿਪੋਰਟ ਪਾਰਟੀ ਹਾਈਕਮਾਨ ਨੂੰ ਭੇਜੀ ਜਾਵੇਗੀ।
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਪੰਜਾਬ ਵਿਚ ਪਾਰਟੀ ਅੰਦਰ ਮਤਭੇਦਾਂ ਦੀ ਚਰਚਾ ਹੋ ਰਹੀ ਹੈ ਅਤੇ ਉਹ ਆਪਣੀ ਰਿਪੋਰਟ ਵਿਚ ਕੀ ਲਿਖਣਗੇ ਤਾਂ ਭੂਪੇਸ਼ ਬਘੇਲ ਨੇ ਕਿਹਾ ਕਿ ਹਾਈਕਮਾਨ ਨੂੰ ਭੇਜੀ ਜਾਣ ਵਾਲੀ ਰਿਪੋਰਟ ਅਤੇ ਫੀਡਬੈਕ ਪੂਰੀ ਤਰ੍ਹਾਂ ਗੁਪਤ ਹੁੰਦੇ ਹਨ। ਇਹ ਬੰਦ ਕਮਰੇ ਵਿਚ ਸੌਂਪੀ ਜਾਂਦੀ ਹੈ, ਇਸ ਲਈ ਇਸ ਬਾਰੇ ਜਨਤਕ ਤੌਰ ’ਤੇ ਕੋਈ ਟਿੱਪਣੀ ਕਰਨਾ ਉਚਿਤ ਨਹੀਂ।
ਭੂਪੇਸ਼ ਬਘੇਲ ਨੇ ਦੱਸਿਆ ਕਿ ਪੰਜਾਬ ਵਿਚ ਹਰ ਬੂਥ, ਕਾਂਗਰਸ ਮਜ਼ਬੂਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਦੀ ਸਮੀਖਿਆ ਲਈ ਉਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਹਰ ਪਰਿਵਾਰ ’ਚ ਛੋਟੇ-ਮੋਟੇ ਮਤਭੇਦ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦਾ ਇਕ ਸਕਾਰਾਤਮਕ ਪੱਖ ਇਹ ਵੀ ਹੈ ਕਿ ਹੁਣ ਮੀਡੀਆ ਨੇ ਕਾਂਗਰਸ ਨੂੰ ਮੁੜ ਅਹਿਮੀਅਤ ਦੇਣੀ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਕਾਂਗਰਸ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਸੀ ਪਰ ਹੁਣ ਹਰ ਰੋਜ਼ ਪਾਰਟੀ ਦੀਆਂ ਸਰਗਰਮੀਆਂ ਸੁਰਖੀਆਂ ਬਣ ਰਹੀਆਂ ਹਨ।
ਐੱਸਆਈਆਰ ਰਾਹੀਂ ਕਾਂਗਰਸ ਦੇ ਵੋਟ ਘਟਾਉਣ ਦੀ ਸਾਜ਼ਿਸ਼ ਦਾ ਦੋਸ਼
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਐੱਸਆਈਆਰ ਦੀ ਪ੍ਰਕਿਰਿਆ ਰਾਹੀਂ ਹਰ ਬੂਥ 'ਤੇ ਕਾਂਗਰਸ ਦੇ 15 ਤੋਂ 20 ਵੋਟ ਘਟਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਸਬੰਧੀ ਪਾਰਟੀ ਦੇ ਸਾਰੇ ਵਰਕਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹੋਰ ਸੂਬਿਆਂ ਵਿਚ ਵੀ ਇਸੇ ਤਰ੍ਹਾਂ ਦੀ ਪ੍ਰਕਿਰਿਆ ਦੌਰਾਨ ਕਾਂਗਰਸ ਦੇ ਸਮਰਥਕ ਵੋਟਰਾਂ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਸੀ। ਵੜਿੰਗ ਨੇ ਪੰਜਾਬ ਸਰਕਾਰ ਦੇ ਇਕ ਮੰਤਰੀ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਨੂੰ ਸੀਬੀਆਈ ਜਾਂਚ 'ਤੇ ਇੰਨਾ ਭਰੋਸਾ ਹੈ ਤਾਂ ਇਸ ਤੋਂ ਇਹ ਪ੍ਰਭਾਵ ਪੈਂਦਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵਿਚਕਾਰ ਕਿਸੇ ਤਰ੍ਹਾਂ ਦੀ ਸਿਆਸੀ ਸਮਝ ਬਣੀ ਹੋਈ ਹੈ, ਜਿਸ ਦਾ ਅਸਰ ਆਉਣ ਵਾਲੀਆਂ ਚੋਣਾਂ ਵਿਚ ਵੀ ਵੇਖਣ ਨੂੰ ਮਿਲ ਸਕਦਾ ਹੈ।