ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਵਿਖੇ ਯੈਲੋ ਡੇਅ ਦੀਆਂ ਰੌਣਕਾਂ ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ
Publish Date: Sat, 28 Nov 2026 03:52 PM (IST)
Updated Date: Sat, 28 Nov 2026 03:55 PM (IST)
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ :ਸੁਪਰੀਮ ਕੌਨਵੈਂਟ ਸਕੂਲ ਬਿਲਾਸਪੁਰ ਮੋਗਾ ਵਿਖੇ ਪ੍ਰੀ-ਪ੍ਰਾਇਮਰੀ ਵਿਭਾਗ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ ਯੈਲੋ ਡੇਅ ਬੜੇ ਉਤਸ਼ਾਹ, ਚਾਅ ਅਤੇ ਖੁਸ਼ੀਆਂ ਭਰੇ ਮਾਹੌਲ ਵਿੱਚ ਮਨਾਇਆ ਗਿਆ। ਇਸ ਵਿਸ਼ੇਸ਼ ਦਿਨ ਮੌਕੇ ਸਕੂਲ ਦਾ ਸਮੁੱਚਾ ਪ੍ਰੀ-ਪ੍ਰਾਇਮਰੀ ਵਿੰਗ ਯੈਲੋ ਰੰਗ ਦੀਆਂ ਰੌਣਕਾਂ ਨਾਲ ਸਜਿਆ ਨਜ਼ਰ ਆਇਆ। ਯੈਲੋ ਰੰਗ ਦੇ ਮਨਮੋਹਕ ਪਹਿਰਾਵਿਆਂ ਵਿੱਚ ਸਜੇ ਬੱਚਿਆਂ ਦੀਆਂ ਮੁਸਕਰਾਹਟਾਂ ਨੇ ਸਮਾਗਮ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਯੈਲੋ ਰੰਗ ਦੀ ਪਛਾਣ ਕਰਵਾਉਣਾ ਅਤੇ ਖੇਡ-ਖੇਡ ਵਿਚ ਸਿੱਖਣ ਦੀ ਪ੍ਰਕਿਰਿਆ ਨੂੰ ਹੋਰ ਦਿਲਚਸਪ ਬਣਾਉਣਾ ਸੀ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਯੈਲੋ ਰੰਗ ਨਾਲ ਸਬੰਧਤ ਵੱਖ-ਵੱਖ ਵਸਤੂਆਂ ਜਿਵੇਂ ਕਿ ਫ਼ਲ,ਗੁਬਾਰੇ ਅਤੇ ਖਿਡੌਣਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਲਈ ਰੰਗਾਂ ਦੀ ਪਛਾਣ, ਚਿੱਤਰਕਾਰੀ, ਰੰਗ ਭਰਨ, ਵਸਤੂਆਂ ਦੀ ਪਛਾਣ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਨੰਨ੍ਹੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬੱਚਿਆਂ ਨੂੰ ਰੋਜ਼ਾਨਾ ਜੀਵਨ ਵਿਚ ਵਰਤੀਆਂ ਜਾਣ ਵਾਲੀਆਂ ਯੈਲੋ ਰੰਗ ਦੀਆਂ ਵਸਤੂਆਂ ਦੀ ਪਛਾਣ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਅਜਿਹੀਆਂ ਗਤੀਵਿਧੀਆਂ ਰਾਹੀਂ ਬੱਚਿਆਂ ਦੀ ਨਿਰੀਖਣ ਸ਼ਕਤੀ, ਇਕਾਗਰਤਾ, ਭਾਸ਼ਾਈ ਯੋਗਤਾ ਅਤੇ ਆਤਮ-ਵਿਸ਼ਵਾਸ ਨੂੰ ਵਿਕਸਤ ਕਰਨ ਦਾ ਯਤਨ ਕੀਤਾ ਗਿਆ। ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਯੋਗਿੰਦਰ ਪ੍ਰਸਾਦ ਸ਼ਰਮਾ ਤੇ ਪ੍ਰਿੰਸੀਪਲ ਜਸਮੇਲ ਸਿੰਘ ਕਲਸੀ ਨੇ ਇਸ ਮੌਕੇ ਆਪਣੇ ਸੰਦੇਸ਼ ਵਿਚ ਕਿਹਾ ਕਿ ਮੁੱਢਲੀ ਸਿੱਖਿਆ ਦੌਰਾਨ ਬੱਚਿਆਂ ਨੂੰ ਸਿਰਫ਼ ਕਿਤਾਬਾਂ ਤੱਕ ਸੀਮਤ ਰੱਖਣ ਦੀ ਬਜਾਏ ਗਤੀਵਿਧੀਆਂ ਰਾਹੀਂ ਸਿਖਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰੰਗਾਂ ਨਾਲ ਸਬੰਧਤ ਅਜਿਹੇ ਸਮਾਗਮ ਬੱਚਿਆਂ ਦੇ ਬੌਧਿਕ, ਮਾਨਸਿਕ, ਸਮਾਜਿਕ ਅਤੇ ਰਚਨਾਤਮਕ ਵਿਕਾਸ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਜਦੋਂ ਬੱਚੇ ਖੁਸ਼ੀ-ਖੁਸ਼ੀ ਕਿਸੇ ਗਤੀਵਿਧੀ ਵਿੱਚ ਭਾਗ ਲੈਂਦੇ ਹਨ ਤਾਂ ਉਨ੍ਹਾਂ ਦੀ ਸਿੱਖਣ ਪ੍ਰਤੀ ਦਿਲਚਸਪੀ ਹੋਰ ਵਧਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਪਰੀਮ ਕੌਨਵੈਂਟ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਅਜਿਹਾ ਖੁਸ਼ਨੁਮਾ ਅਤੇ ਸਿਰਜਣਾਤਮਕ ਮਾਹੌਲ ਪ੍ਰਦਾਨ ਕਰਨਾ ਹੈ, ਜਿੱਥੇ ਹਰ ਬੱਚਾ ਆਪਣੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰ ਸਕੇ। ਅੰਤ ਵਿੱਚ ਪ੍ਰਿੰਸੀਪਲ ਸਾਹਿਬ ਨੇ ਪ੍ਰੀ-ਪ੍ਰਾਇਮਰੀ ਵਿਭਾਗ ਦੇ ਸਮੂਹ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਦੇ ਮਨਾਂ ਵਿੱਚ ਸਕੂਲ ਅਤੇ ਸਿੱਖਿਆ ਪ੍ਰਤੀ ਪਿਆਰ ਪੈਦਾ ਕਰਦੇ ਹਨ। ਇਸ ਤਰ੍ਹਾਂ ਯੈਲੋ ਡੇਅ ਦਾ ਇਹ ਸਮਾਗਮ ਨੰਨ੍ਹੇ-ਮੁੰਨੇ ਬੱਚਿਆਂ ਲਈ ਸਿੱਖਿਆ, ਮਨੋਰੰਜਨ ਅਤੇ ਖੁਸ਼ੀਆਂ ਦਾ ਸੁੰਦਰ ਸੁਮੇਲ ਹੋ ਨਿੱਬੜਿਆ।