ਅੰਡਰ-19 ਲੜਕਿਆਂ ਦੀ ਨੈੱਟਬਾਲ ਟੀਮ ਬਣੀ ਜ਼ਿਲ੍ਹਾ ਚੈਂਪੀਅਨ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ
Publish Date: Fri, 11 Sep 2026 04:28 PM (IST)
Updated Date: Sat, 12 Sep 2026 04:02 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ : ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ਼ ਮੋਗਾ ਦੀ ਅੰਡਰ-19 ਲੜਕਿਆਂ ਦੀ ਨੈੱਟਬਾਲ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਜ਼ਿਲ੍ਹਾ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੇ ਮੁਕਾਬਲਿਆਂ ਦੌਰਾਨ ਬਿਹਤਰੀਨ ਤਾਲਮੇਲ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਇਹ ਉੱਪਲਬਧੀ ਆਪਣੇ ਨਾਮ ਕੀਤੀ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਹੀ ਉਨ੍ਹਾਂ ਨੂੰ ਸਫਲਤਾ ਵੱਲ ਲੈ ਜਾਂਦੀ ਹੈ। ਸਕੂਲ ਨੂੰ ਆਪਣੇ ਹੋਣਹਾਰ ਖਿਡਾਰੀਆਂ ’ਤੇ ਮਾਣ ਹੈ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਜੇਤੂ ਟੀਮ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਚੈਂਪੀਅਨ ਬਣਨਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿਚ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ, ਤਾਂ ਜੋ ਵਿਦਿਆਰਥੀ ਆਪਣੀ ਪ੍ਰਤਿਭਾ ਨੂੰ ਪਛਾਣ ਕੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾ ਸਕਣ। ਉਨ੍ਹਾਂ ਖਿਡਾਰੀਆਂ ਅਤੇ ਕੋਚ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਪ੍ਰੇਰਿਤ ਕਰਦੀਆਂ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੀਤੂ ਡਾਂਡੀ ਨੇ ਵੀ ਖਿਡਾਰੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਆਪਣਾ ਦਬਦਬਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।