- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਨਿਹਾਲ ਸਿੰਘ ਵਾਲਾ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ: ਹਲਕਾ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ ਪੰਜਾਬ ਸਰਕਾਰ ਵੱਲੋਂ 9 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਏ ਗਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਵਿਧਾਇਕ ਮਨਜੀਤ ਬਿਲਾਸਪੁਰ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਬਿਲਾਸਪੁਰ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਅਤੇ ਸੂਬੇ ਦੀ ਤਰੱਕੀ ਦੀ ਮਜ਼ਬੂਤ ਨੀਂਹ ਹੁੰਦੀ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ, ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਇਤਿਹਾਸਕ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਨੂੰ ਵੀ ਨਿੱਜੀ ਸਕੂਲਾਂ ਦੇ ਬਰਾਬਰ ਮਿਆਰੀ ਅਤੇ ਆਧੁਨਿਕ ਸਿੱਖਿਆ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕੋਈ ਵੀ ਬੱਚਾ ਸਹੂਲਤਾਂ ਦੀ ਘਾਟ ਕਾਰਨ ਸਿੱਖਿਆ ਦੇ ਚੰਗੇ ਮੌਕਿਆਂ ਤੋਂ ਵਾਂਝਾ ਨਾ ਰਹੇ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਕੂਲਾਂ ਵਿੱਚ ਬਣ ਰਹੇ ਆਧੁਨਿਕ ਕਲਾਸ ਰੂਮ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਨਵੀਆਂ ਸਹੂਲਤਾਂ ਵਿਦਿਆਰਥੀਆਂ ਨੂੰ ਬਿਹਤਰ ਮਾਹੌਲ ਵਿੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਵਿਚ ਕੀਤਾ ਗਿਆ ਨਿਵੇਸ਼ ਹੀ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਕੇ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਮਜ਼ਬੂਤ ਨੀਂਹ ਸਾਬਤ ਹੋਣਗੇ। ਅੰਤ ਵਿਚ ਉਨ੍ਹਾਂ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਨਗਰ ਪੰਚਾਇਤ ਬੱਧਨੀ ਕਲਾਂ ਦੇ ਪ੍ਰਧਾਨ ਨੰਬਰਦਾਰ ਜਗਦੀਸ਼ ਸਿੰਘ ਦੀਸ਼ਾ, ਨੰਬਰਦਾਰ ਜਗਰਾਜ ਸਿੰਘ ਜਾਜੀ, ਲਛਮਣ ਸਿੰਘ ਰਾਊਕੇ, ਸਕੂਲ ਪ੍ਰਿੰਸੀਪਲ, ਸਟਾਫ ਅਤੇ ਬੱਚੇ ਹਾਜ਼ਰ ਸਨ।