- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰ ਸ਼ਹੀਦ ਭਗਤ ਸਿੰਘ

ਵਕੀਲ ਮਹਿਰੋਂ ਪੰਜਾਬੀ ਜਾਗਰਣ ਮੋਗਾ : ਅਮਰ ਸ਼ਹੀਦ ਭਗਤ ਸਿੰਘ ਆਈਟੀਆਈ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ। ਇਸ ਸ਼ੁਭ ਮੌਕੇ ’ਤੇ ਸੰਸਥਾ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸਾਰਿਆਂ ਦੀ ਸੁੱਖ-ਸ਼ਾਂਤੀ ਦੀ ਕਾਮਨਾ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਸਮਾਗਮ ਦੌਰਾਨ ਮਾਹੌਲ ਪੂਰੀ ਤਰ੍ਹਾਂ ਗੁਰਬਾਣੀ ਦੇ ਰਸ ਅਤੇ ਅਧਿਆਤਮਿਕ ਸ਼ਰਧਾ ਨਾਲ ਭਰਿਆ ਹੋਇਆ ਸੀ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਦੌਰਾਨ ਹਾਜ਼ਰ ਸੰਗਤ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਅਰਦਾਸ ਦੌਰਾਨ ਸੰਸਥਾ ਦੀ ਤਰੱਕੀ, ਵਿਦਿਆਰਥੀਆਂ ਦੀ ਸਫਲਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਹਾਰਨ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੂੰ ਨਵੇਂ ਵਿਦਿਅਕ ਸੈਸ਼ਨ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਨਵਾਂ ਸੈਸ਼ਨ ਵਿਦਿਆਰਥੀਆਂ ਲਈ ਨਵੀਆਂ ਉਮੀਦਾਂ, ਨਵੇਂ ਟੀਚਿਆਂ ਅਤੇ ਨਵੀਆਂ ਪ੍ਰਾਪਤੀਆਂ ਦਾ ਮੌਕਾ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਇਮਾਨਦਾਰੀ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ। ਸਮਾਗਮ ਵਿੱਚ ਸੰਸਥਾ ਦੇ ਪ੍ਰਿੰਸੀਪਲ ਜਗਤਾਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਮਾਜ ਸੇਵਾ ਅਤੇ ਹੋਰ ਖੇਤਰਾਂ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸੰਸਥਾ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸੇ ਲੜੀ ਤਹਿਤ ਪੰਜਾਬ ਦੇ ਬਲੱਡ ਡੋਨਰ ਐਵਾਰਡ ਨਾਲ ਸਨਮਾਨਿਤ ਗੁਰਨਾਮ ਸਿੰਘ ਸਮੇਤ ਹੋਰ ਕਈ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅਖੀਰ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤਰ੍ਹਾਂ ਧਾਰਮਿਕ ਸ਼ਰਧਾ, ਆਪਸੀ ਸਾਂਝ ਅਤੇ ਸੇਵਾ ਭਾਵਨਾ ਦੇ ਮਾਹੌਲ ਵਿੱਚ ਸਮਾਗਮ ਸੰਪੰਨ ਹੋਇਆ।