ਲਾਲਾ ਲਾਜਪਤ ਰਾਏ ਜੀ ਦੇ ਜੀਵਨ, ਸੰਘਰਸ਼ ਤੇ ਕੁਰਬਾਨੀ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਨਾ ਲੈਣ ਦੀ ਲੋੜ : ਡਾ. ਗੁਰਪ੍ਰੀਤ ਕੌਰ ਪੰਜਾਬ ਕੇਸਰੀ ਵਜੋਂ ਜਾਣੇ ਜਾਂਦੇ ਮਹਾਨ
Publish Date: Tue, 17 Nov 2026 05:20 PM (IST)
Updated Date: Wed, 18 Nov 2026 04:01 AM (IST)
ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਜੀ ਦਾ ਬਲੀਦਾਨ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਵਿਧਾਇਕ ਬਿਲਾਸਪੁਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੇ ਲਾਸਾਨੀ ਯੋਗਦਾਨ ਨੂੰ ਕੀਤਾ ਯਾਦ ਅਵਤਾਰ ਸਿੰਘ, ਪੰਜਾਬੀ ਜਾਗਰਣ, ਅਜੀਤਵਾਲ : ਪੰਜਾਬ ਕੇਸਰੀ ਵਜੋਂ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਅਤੇ ਕੌਮੀ ਨਾਇਕ ਲਾਲਾ ਲਾਜਪਤ ਰਾਏ ਜੀ ਦਾ ਬਲੀਦਾਨ ਦਿਵਸ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਸ਼ਹੀਦ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ,ਐੱਸਡੀਐੱਮ ਸਤਵਿੰਦਰਪਾਲ ਸਿੰਘ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਲਾਲਾ ਲਾਜਪਤ ਰਾਏ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵੱਲੋਂ ਕੀਤੇ ਗਏ ਮਹਾਨ ਸੰਘਰਸ਼ ਅਤੇ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਦਾ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਯੋਗਦਾਨ ਬੇਹੱਦ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਹੈ। ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਦੇਸ਼ ਦੀ ਆਜ਼ਾਦੀ, ਸਵੈਮਾਣ ਅਤੇ ਸਵਦੇਸ਼ੀ ਲਹਿਰ ਨੂੰ ਸਮਰਪਿਤ ਕੀਤੀ। ਉਨ੍ਹਾਂ ਦਾ ਸੰਘਰਸ਼, ਦ੍ਰਿੜ੍ਹ ਇਰਾਦਾ ਅਤੇ ਦੇਸ਼ ਪ੍ਰਤੀ ਸਮਰਪਣ ਅੱਜ ਵੀ ਹਰ ਭਾਰਤੀ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਸਿਰਫ਼ ਯਾਦ ਹੀ ਨਹੀਂ ਕਰਨਾ ਚਾਹੀਦਾ, ਸਗੋਂ ਉਨ੍ਹਾਂ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਵੀ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਨੂੰ ਇਹ ਮਾਣ ਹਾਸਲ ਹੈ ਕਿ ਇੱਥੇ ਲਾਲਾ ਲਾਜਪਤ ਰਾਏ ਜੀ ਵਰਗੇ ਮਹਾਨ ਦੇਸ਼ ਭਗਤ ਨੇ ਜਨਮ ਲਿਆ। ਪੰਜਾਬ ਦੀ ਇਸ ਧਰਤੀ ਨੇ ਗ਼ਦਰੀ ਬਾਬਿਆਂ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ ਅਤੇ ਹੋਰ ਅਨੇਕਾਂ ਸੂਰਬੀਰਾਂ ਨੂੰ ਜਨਮ ਦਿੱਤਾ, ਜਿਨ੍ਹਾਂ ਨੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਮੁਕਤ ਕਰਵਾਉਣ ਲਈ ਆਪਣੀਆਂ ਜਾਨਾਂ ਤੱਕ ਨਿਛਾਵਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦ ਮਾਹੌਲ ਵਿਚ ਸਾਹ ਲੈ ਰਹੇ ਹਾਂ, ਉਹ ਇਨ੍ਹਾਂ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਅਣਥੱਕ ਘਾਲਣਾਵਾਂ ਅਤੇ ਕੁਰਬਾਨੀਆਂ ਦਾ ਨਤੀਜਾ ਹੈ। ਇਸ ਮੌਕੇ ਉਨ੍ਹਾਂ ਪਿੰਡ ਢੁੱਡੀਕੇ ਦੇ ਵਿਕਾਸ ਸਬੰਧੀ ਗੱਲ ਕਰਦਿਆਂ ਭਰੋਸਾ ਦਿੱਤਾ ਕਿ ਪਿੰਡ ਦੀਆਂ ਲੋੜਾਂ ਅਤੇ ਵਿਕਾਸ ਕਾਰਜਾਂ ਲਈ ਜਿਹੜੇ ਵੀ ਫੰਡਾਂ ਦੀ ਜ਼ਰੂਰਤ ਹੋਵੇਗੀ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਸਮਾਗਮ ਦੀ ਸ਼ੁਰੂਆਤ ਮੌਕੇ ਡਾ. ਗੁਰਪ੍ਰੀਤ ਕੌਰ, ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ, ਐੱਸਡੀਐੱਮ ਸਤਵਿੰਦਰ ਪਾਲ ਸਿੰਘ ਅਤੇ ਹੋਰ ਹਾਜ਼ਰੀਨ ਨੇ ਲਾਲਾ ਲਾਜਪਤ ਰਾਏ ਜੀ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ। ਉਪਰੰਤ ਉਨ੍ਹਾਂ ਯਾਦਗਾਰ ਵਿਖੇ ਸਥਿਤ ਲਾਇਬ੍ਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਕਰਕੇ ਇਸ ਅਮੀਰ ਵਿਰਾਸਤ ਨੂੰ ਦੇਖਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਅਤੇ ਸਮੂਹ ਗਾਇਨ ਪੇਸ਼ ਕਰਕੇ ਸਮਾਗਮ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ। ਇਸ ਉਪਰੰਤ ਸਮੂਹ ਸ਼ਖ਼ਸੀਅਤਾਂ ਨੇ ਪਿੰਡ ਦੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ਵਿਖੇ ਵੀ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਅਖੀਰ ਵਿੱਚ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਸਮਾਗਮ ਵਿਚ ਸ਼ਾਮਲ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਸਦੀਪ ਸਿੰਘ ਹੇਰ ਗੈਰੀ ਵਾਈਸ ਪ੍ਰਧਾਨ ਯੂਥ ਵਿੰਗ ਪੰਜਾਬ, ਅਮਨਦੀਪ ਕੌਰ ਹੈਰ ਢੁੱਡੀਕੇ ਵਾਈਸ ਚੈਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ, ਸੈਕਟਰੀ ਰਣਜੀਤ ਸਿੰਘ ਧੰਨਾ, ਮਾਸਟਰ ਰਾਜ ਜੰਗ ਸਿੰਘ, , ਮੈਬਰ ਜਸਵੀਰ ਸਿੰਘ ਜੱਸਾ, ਰਨਦੀਪ ਸਿੰਘ ਸਰਪੰਚ, ਮੈਂਬਰ ਹਰਿਜੰਦਰ ਸਿੰਘ, ਸਤਨਾਮ ਸਿੰਘ, ਮੋਹਣ ਲਾਲ, ਸਰਪੰਚ ਦਰਸ਼ਪ੍ਰੀਤ ਸਿੰਘ ਢੁੱਡੀਕੇ ਤੋ ਇਲਾਵਾ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਨੁਮਾਇੰਦੇ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।