- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਾਲਮੇਲ ਕਮੇਟੀ ਦੀ ਇਕ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਤਾਲਮੇਲ ਕਮੇਟੀ ਦੀ ਇਕ ਅਹਿਮ ਮੀਟਿੰਗ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੂਬਾਈ ਫੈਸਲੇ ਅਨੁਸਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ 12 ਅਤੇ 13 ਸਤੰਬਰ ਨੂੰ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਨ ਤੋਂ ਬਾਅਦ ਹੁਣ 18 ਅਤੇ 19 ਸਤੰਬਰ ਨੂੰ ਰਹਿੰਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸੇ ਤਹਿਤ 19 ਸਤੰਬਰ ਦਿਨ ਸ਼ਨਿਚਰਵਾਰ ਨੂੰ ਸਵੇਰੇ 11 ਵਜੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਨੂੰ ਹੱਲ ਕਰਨ ਲਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਵਿਧਾਇਕ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਸਬੰਧੀ ਆਪਣੀ ਆਵਾਜ਼ ਨਹੀਂ ਉਠਾ ਰਹੇ ਅਤੇ ਸਰਕਾਰ ਦੇ ਫੈਸਲਿਆਂ ਦਾ ਸਮਰਥਨ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਹੁਣ ਸਰਕਾਰ ਅਤੇ ਵਿਧਾਇਕਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਉਨ੍ਹਾਂ ਦੇ ਦਫ਼ਤਰਾਂ ਅਤੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 19 ਸਤੰਬਰ ਨੂੰ ਧਰਮਕੋਟ ਵਿਖੇ ਹੋਣ ਵਾਲੇ ਘਿਰਾਓ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਲ ਹੋਣਗੇ। ਆਗੂਆਂ ਨੇ ਕਿਹਾ ਕਿ ਜਦੋਂ ਵੀ ਆਉਣ ਵਾਲੀਆਂ ਚੋਣਾਂ ਦੌਰਾਨ ਸਰਕਾਰ ਦੇ ਨੁਮਾਇੰਦੇ ਲੋਕਾਂ ਕੋਲ ਜਾਣਗੇ ਤਾਂ ਉਨ੍ਹਾਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਸਬੰਧੀ ਜਵਾਬ ਮੰਗਿਆ ਜਾਵੇਗਾ। ਮੀਟਿੰਗ ਵਿਚ ਸੁਰਿੰਦਰ ਰਾਮ ਕੁੱਸਾ, ਜਗਦੀਸ਼ ਸਿੰਘ ਚਾਹਲ, ਰਜਿੰਦਰ ਸਿੰਘ ਰਿਆੜ, ਜਸਵਿੰਦਰ ਸਿੰਘ ਬਰਾੜ, ਹਰਬੰਸ ਸਿੰਘ ਸੰਧੂ, ਗੁਰਜੰਟ ਸਿੰਘ ਕੋਕਰੀ, ਜਗਤਾਰ ਸਿੰਘ ਸੇਖੋਂ, ਭੁਪਿੰਦਰ ਸਿੰਘ ਸੇਖੋਂ, ਨਰੇਸ਼ ਕੁਮਾਰ, ਗੁਰਮੇਲ ਸਿੰਘ ਨਾਹਰ, ਗੁਰਜੀਤ ਸਿੰਘ ਮੱਲ੍ਹੀ, ਅਮਰਦੀਪ ਸਿੰਘ, ਸੁਖਪਾਲ ਸਿੰਘ ਲਹਿਰਾ, ਪ੍ਰੇਮ ਕੁਮਾਰ, ਬਲੌਰ ਸਿੰਘ, ਸੁਖਮੰਦਰ ਸਿੰਘ, ਬੂਟਾ ਸਿੰਘ ਭੱਟੀ, ਦਵਿੰਦਰ ਸਿੰਘ, ਅਨਮੋਲ ਸਿੰਘ, ਗੁਰਮੀਤ ਸਿੰਘ ਰੱਖੜਾ ਅਤੇ ਮਨਜੋਤ ਸਿੰਘ ਬਰਾੜ ਸਮੇਤ ਹੋਰ ਆਗੂ ਹਾਜ਼ਰ ਸਨ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 19 ਸਤੰਬਰ ਨੂੰ ਧਰਮਕੋਟ ਵਿਖੇ ਹੋਣ ਵਾਲੇ ਘਿਰਾਓ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।